Monday, October 7, 2024

ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਕੀਤੀ।ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸਾਂਝੀਵਾਲਤਾ ਅਤੇ ਸੁਤੰਤਰਤਾ ਵਾਲੀ ਕ੍ਰਾਂਤੀਕਾਰੀ ਵਿਚਾਰਧਾਰਾ ਦੇ ਕੇ ਸੰਸਾਰ ਦਾ ਮਾਰਗ-ਦਰਸ਼ਨ ਕੀਤਾ।ਗੁਰੂ ਸਾਹਿਬ ਨੇ ਮਨੁੱਖ ਨੂੰ ਸਚਾਈ, ਨਿਮਰਤਾ, ਦਇਆ, ਸੇਵਾ, ਸਬਰ, ਸੰਤੋਖ, ਪਰਉਪਕਾਰ ਆਦਿ ਗੁਣਾਂ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ ਅਤੇ ਆਤਮ-ਨਿਰਭਰ ਤੇ ਸਵੈਮਾਣ ਵਾਲਾ ਜੀਵਨ ਜੀਣ ਦੇ ਯੋਗ ਬਣਾਇਆ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਇਆ ਮਾਰਗ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਬੁਨਿਆਦੀ ਸਿਧਾਂਤਾਂ ’ਤੇ ਆਧਾਰਿਤ ਹੈ।ਜਿਸ ਵਿਚ ਲੰਗਰ ਪ੍ਰਥਾ ਦੇ ਨਾਲ-ਨਾਲ ਸੰਗਤ-ਪੰਗਤ ਤੇ ਸੇਵਾ-ਸਿਮਰਨ ਆਦਿ ਦੇ ਅਜਿਹੇ ਅਦੁੱਤੀ ਸਿਧਾਂਤ ਹਨ ਜੋ ਮਨੁੱਖਤਾ ਨੂੰ ਸਦੀਵੀ ਸੇਧ ਦੇਣ ਵਾਲੇ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਵਿਸ਼ਵ ’ਚ ਵੱਸਦੀ ਸੰਗਤ ਨੂੰ ਹਾਰਦਿਕ ਵਧਾਈ ਦਿੰਦਿਆਂ ਮਾਨਵਤਾ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।

Check Also

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁੱਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 28 ਅਕਤੂਬਰ ਨੂੰ – ਐਡਵੋਕੇਟ ਧਾਮੀ

ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …