Sunday, December 22, 2024

ਸ਼੍ਰੋਮਣੀ ਕਮੇਟੀ ਵਲੋਂ ਭਾਈ ਰਾਜੋਆਣਾ ਮਾਮਲੇ ’ਤੇ ਫੈਸਲੇ ਲਈ ਪੰਥਕ ਨੁਮਾਇੰਦਿਆਂ ਦੀ ਬੈਠਕ 2 ਦਸੰਬਰ ਨੂੰ

ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਹੰਗਾਮੀ ਇਕੱਤਰਤਾ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ’ਤੇ ਗੰਭੀਰ ਵਿਚਾਰ ਵਟਾਂਦਰੇ ਮਗਰੋਂ ਇਸ ਸਬੰਧੀ ਪੰਥਕ ਧਿਰਾਂ ਦੇ ਨੁਮਾਇੰਦਿਆਂ ਦੀ ਸਲਾਹ ਲੈਣ ਵਾਸਤੇ 2 ਦਸੰਬਰ ਨੂੰ ਇਕੱਤਰਤਾ ਸੱਦਣ ਦਾ ਫੈਸਲਾ ਕੀਤਾ ਗਿਆ ਹੈ।ਅੰਤ੍ਰਿੰਗ ਕਮੇਟੀ ਦੀ ਇਹ ਵਿਸ਼ੇਸ਼ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ, ਜਿਸ ਵਿਚ ਭਾਈ ਬਲਵੰਤ ਸਿੰਘ ਰਾੱਜੋਆਣਾ ਵੱਲੋਂ ਭੇਜੇ ਗਏ ਪੱਤਰ ’ਤੇ ਕਰੀਬ ਤਿੰਨ ਘੰਟੇ ਵਿਚਾਰ ਕੀਤਾ ਗਿਆ।ਇਹ ਇਕੱਤਰਤਾ 72 ਘੰਟੇ ਦੇ ਨੋਟਿਸ ’ਤੇ ਇਕ ਨੁਕਾਤੀ ਏਜੰਡੇ ’ਤੇ ਹੀ ਬੁਲਾਈ ਗਈ ਸੀ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੇਜੇ ਗਏ ਪੱਤਰ ਵਿਚ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਆਪਣੀ ਪਟੀਸ਼ਨ ਨੂੰ ਵਾਪਸ ਲੈਣ ਲਈ ਕਿਹਾ ਸੀ ਅਤੇ ਇਸ ਦੇ ਨਾਲ ਹੀ 5 ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦੀ ਗੱਲ ਵੀ ਕੀਤੀ ਸੀ।ਇਹ ਮਾਮਲਾ ਬੇਹੱਦ ਸੰਜ਼ੀਦਾ ਹੈ, ਜਿਸ ’ਤੇ ਪੰਥਕ ਨੁਮਾਇੰਦਿਆਂ ਦੇ ਵਿਚਾਰ ਜਾਣ ਕੇ ਸਾਂਝੀ ਰਾਏ ਅਨੁਸਾਰ ਹੀ ਕੋਈ ਫੈਸਲਾ ਲਿਆ ਜਾ ਸਕਦਾ ਹੈ।
ਇਸ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਬੀਤੇ ਸਮੇਂ ਬਣਾਈ ਗਈ 11 ਮੈਂਬਰੀ ਕਮੇਟੀ ਵਿੱਚੋਂ ਕਾਇਮ ਮੈਂਬਰਾਂ ਸਮੇਤ ਕੁੱਝ ਹੋਰ ਪੰਥਕ ਨੁਮਾਇੰਦਿਆਂ ਨੂੰ ਸੱਦਿਆ ਜਾਵੇਗਾ।ਉਨਾਂ ਕਿਹਾ ਕਿ ਇਸ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਮੁੜ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਕੀਤੀ ਜਾਵੇਗੀ, ਤਾਂ ਜੋ ਪੰਥਕ ਭਾਵਨਾਵਾਂ ਅਨੁਸਾਰ ਹੀ ਠੋਸ ਫੈਸਲਾ ਲਿਆ ਜਾ ਸਕੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੱਜ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਆਪਣਾ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਵੀ ਸਨਿਮਰ ਅਪੀਲ ਕੀਤੀ ਗਈ ਹੈ।ਐਡਵੋਕੇਟ ਧਾਮੀ ਨੇ ਭਾਈ ਰਾਜੋਆਣਾ ਦੇ ਮਾਮਲੇ ਵਿੱਚ ਭਾਰਤ ਸਰਕਾਰ ਦੀ ਕਰੜੀ ਆਲੋਚਨਾ ਕੀਤੀ। ਇਕੱਤਰਤਾ ਵਿੱਚ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਰਘਬੀਰ ਸਿੰਘ ਸਹਾਰਨਮਾਜਰਾ, ਜਸਮੇਰ ਸਿੰਘ ਲਾਛੜੂ, ਇੰਦਰਮੋਹਨ ਸਿੰਘ ਲਖਮੀਰਵਾਲਾ, ਗੁਰਪ੍ਰੀਤ ਸਿੰਘ ਝੱਬਰ, ਬੀਬੀ ਮਲਕੀਤ ਕੌਰ ਕਮਾਲਪੁਰ, ਅਮਰਜੀਤ ਸਿੰਘ ਭਲਾਈਪੁਰ, ਬੀਬੀ ਜਸਪਾਲ ਕੌਰ, ਜਸਵੰਤ ਸਿੰਘ ਪੁੜੈਣ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਗੁਰਦਿਆਲ ਸਿੰਘ ਆਦਿ ਮੌਜ਼ੂਦ ਹਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …