Friday, July 5, 2024

ਬੱਚਿਆਂ ਦੀ ਰੱਖਿਆ ਨਾਲ ਸਬੰਧਤ ਐਕਟ ਨੂੰ ਦਰਸਾਉਂਦੇ ਚਿੱਤਰਕਾਰੀ ਤੇ ਸਲੋਗਨ ਮੁਕਾਬਲੇ ਕਰਵਾਏ

ਸੰਗਰੂਰ, 4 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿਖੇ ਕਰਵਾਏ ਗਏ ਚਿੱਤਰਕਾਰੀ ਤੇ ਨਾਅਰੇ ਲਿਖਣ ਦੇ ਮੁਕਾਬਲਿਆਂ ਦੇ ਜੇਤੂਆਂ ਨੂੰ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਵਲੋਂ ਨਗਦ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਅਧਿਆਪਕਾਂ ਸਮੇਤ ਪੁੱਜੇ ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਦੀ ਰੱਖਿਆ ਨਾਲ ਸਬੰਧਤ ਇਨ੍ਹਾਂ ਵੱਖ-ਵੱਖ ਐਕਟਾਂ ਬਾਰੇ ਨਿਰੰਤਰ ਜਾਗਰੂਕਤਾ ਪੈਦਾ ਕੀਤੇ ਜਾਣ ਦੀ ਲੋੜ ਹੈ, ਕਿਉਂਕਿ ਇਹ ਐਕਟ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਸੋਸ਼ਣ ਨੂੰ ਰੋਕਣ ਲਈ ਬਣਾਏ ਗਏ ਹਨ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਨੀਤ ਤੂਰ ਨੇ ਦੱਸਿਆ ਕਿ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਦੀਆਂ ਹਦਾਇਤਾਂ ’ਤੇ ਅਜਿਹੇ ਮੁਕਾਬਲੇ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰਵਾਏ ਜਾ ਰਹੇ ਹਨ।ਜਿਸ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਜੇ.ਜੇ ਐਕਟ, ਪੋਕਸੋ ਐਕਟ, ਬਾਲ ਮਜ਼ਦੂਰੀ ਐਕਟ ਅਤੇ ਬਾਲ ਵਿਆਹ ਰੋਕੂ ਐਕਟ ਬਾਰੇ ਵੱਖ-ਵੱਖ ਤਰ੍ਹਾਂ ਦੀਆਂ ਪੇਟਿੰਗਾਂ, ਸਲੋਗਨ ਆਦਿ ਤਿਆਰ ਕਰਨ ਦਾ ਕਾਰਜ਼ ਦਿੱਤਾ ਜਾਂਦਾ ਹੈ ਅਤੇ ਜਿਹੜੇ ਵਿਦਿਆਰਥੀ ਇਨ੍ਹਾਂ ਮੁਕਾਬਲਿਆਂ ਵਿੱਚ ਸਰਵੋਤਮ ਪੇਸ਼ਕਾਰੀ ਦਿੰਦੇ ਹਨ ਉਨ੍ਹਾਂ ਨੂੰ ਨਗਦ ਰਾਸ਼ੀ ਵਜੋਂ ਪਹਿਲੇ ਸਥਾਨ ਲਈ 5100 ਰੁਪਏ, ਦੂਜੇ ਸਥਾਨ ਲਈ 3100 ਰੁਪਏ ਅਤੇ ਤੀਜੇ ਸਥਾਨ ਲਈ 2100 ਰੁਪਏ ਦਿੱਤੇੇ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿਖੇ ਕਰਵਾਏ ਪੇਂਟਿੰਗ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਖੇਪਲ ਦਾ ਵਿਦਿਆਰਥੀ ਸਤਵਿੰਦਰ ਸਿੰਘ ਪਹਿਲੇ, ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱੱੱਖਾਂ ਦੀ ਵਿਦਿਆਰਥਣ ਇੰਦਰਜੀਤ ਕੌਰ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਗੂਵਾਲਾ ਦਾ ਵਿਦਿਆਰਥੀ ਜਸਕਰਨ ਸਿੰਘ ਤੀਜੇ ਸਥਾਨ ’ਤੇ ਰਿਹਾ।
ਇਸੇ ਤਰ੍ਹਾਂ ਸਲੋਗਨ ਲਿਖਣ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੀਮਾ ਦੀ ਵਿਦਿਆਰਥਣ ਗੁਰਵੀਰ ਕੌਰ ਪਹਿਲੇ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ੍ਹ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਗੂਵਾਲਾ ਦੀ ਵਿਦਿਆਰਥਣ ਅਮਨਦੀਪ ਕੌਰ ਤੀਜੇ ਸਥਾਨ ’ਤੇ ਰਹੀ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …