ਅੰਮ੍ਰਿਤਸਰ 5 ਦਸੰਬਰ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਸੂਬਾ ਸੰਗਠਨ ਮੰਤਰੀ ਮੰਥਰੀ ਸ੍ਰੀ ਨਿਵਾਸੁਲੂੂ ਅੱਜ ਬਿਆਸ ਵਿਖੇ ਰਾਧਾ ਸੁਆਮੀ ਸਤਿਸੰਗ
ਡੇਰੇ ਵਿਚ ਪਹੁੰਚੇ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਉਨ੍ਹਾਂ ਦੇ ਨਿਵਾਸ ਅਸਥਾਨ `ਤੇ ਮੁਲਾਕਾਤ ਕੀਤੀ। ਉਨ੍ਹਾਂ ਕਰੀਬ ਇਕ ਘੰਟਾ ਡੇਰਾ ਮੁਖੀ ਨਾਲ ਬੈਠ ਕੇ ਧਾਰਮਿਕ ਅਤੇ ਸਮਾਜਿਕ ਸਰੋਕਾਰਾਂ ’ਤੇ ਚਰਚਾ ਕੀਤੀ।ਪ੍ਰੋ. ਸਰਚਾਂਦ ਸਿੰਘ ਨੇ ਦੱਸਿਆ ਕਿ ਇਸ ਸਮੇਂ ਨਿਵਾਸੁਲੂ ਨੇ ਡੇਰੇ ਵਿਚ ਚੱਲ ਰਹੀਆਂ ਧਾਰਮਿਕ ਅਤੇ ਸਮਾਜਕ ਸਰਗਰਮੀਆਂ ਬਾਰੇ ਜਾਣਕਾਰੀ ਹਾਸਲ ਕਰਨ ’ਚ ਗਹਿਰੀ ਦਿਲਚਸਪੀ ਦਿਖਾਈ।ਉਨ੍ਹਾਂ ਕਿਹਾ ਕਿ ਡੇਰੇ ’ਚ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸੰਗਤ ਕਰਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ ਹੈ।ਉਨ੍ਹਾਂ ਅਧਿਆਤਮਕ ਸੰਸਥਾ ਡੇਰਾ ਬਿਆਸ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੀ ਸ਼ਲਾਘਾ ਕੀਤੀ।
ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਨੌਜਵਾਨੀ ਦੀ ਵਿਦੇਸ਼ਾਂ ਨੂੰ ਪਲਾਇਨ ਕਰਨ ਅਤੇ ਨਸ਼ਿਆਂ ਦੇ ਪ੍ਰਚਲਣ ਪ੍ਰਤੀ ਚਿੰਤਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨੌਜਵਾਨੀ ਨੂੰ ਆਪਣੇ ਗੌਰਵਮਈ ਇਤਿਹਾਸ ਤੋਂ ਸੇਧ ਲੈਣ ਅਤੇ ਅਧਿਆਤਮਕ ਮਾਰਗ ’ਤੇ ਚੱਲਦਿਆਂ ਸਮਾਜਕ ਸਰੋਕਾਰਾਂ ਪ੍ਰਤੀ ਸੇਵਾਵਾਂ ਨਿਭਾਉਣ ਲਈ ਹਮੇਸ਼ਾਂ ਯਤਨਸ਼ੀਲ ਰਹਿਣ ਦੀ ਲੋੜ ’ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬ ਦੇ ਨੌਜਵਾਨ ਹਰ ਖੇਤਰ ’ਚ ਅੱਗੇ ਹਨ, ਲੋੜ ਕੇਵਲ ਉਨ੍ਹਾਂ ਨੂੰ ਉਸਾਰੂ ਸੇਧ ਦੇਣ ਦੀ ਹੈ।ਉਨ੍ਹਾਂ ਕਿਹਾ ਕਿ ਡੇਰਾ ਬਿਆਸ ਅਧਿਆਤਮ ਵਿਵਸਥਾ ਦੇ ਨਾਲ ਨਾਲ ਸਮਾਜਿਕ ਸਰੋਕਾਰਾਂ ਦੇ ਚੰਗੇ ਨਤੀਜਿਆਂ ਲਈ ਹਮੇਸ਼ਾਂ ਯਤਨਸ਼ੀਲ ਰਿਹਾ ਹੈ।
ਭਾਜਪਾ ਦੇ ਸੂਬਾ ਸੰਗਠਨ ਮੰਤਰੀ ਨਿਵਾਸੁਲੂ ਦੀ ਡੇਰਾ ਬਿਆਸ ਵਿਖੇ ਇਸ ਪਹਿਲੀ ਨਿੱਜੀ ਫੇਰੀ ਮੌਕੇ ਭਾਜਪਾ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ, ਗੁਰਪ੍ਰਤਾਪ ਸਿੰਘ ਟਿੱਕਾ, ਪ੍ਰੋ. ਸਰਚਾਂਦ ਸਿੰਘ ਖਿਆਲਾ, ਅਜੈਬੀਰ ਪਾਲ ਸਿੰਘ ਰੰਧਾਵਾ, ਹਰਦੀਪ ਸਿੰਘ ਗਿੱਲ ਅਤੇ ਪਰਮਦੀਪ ਸਿੰਘ ਤੇਜਾ ਵੀ ਮੌਜ਼ਦ ਸਨ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media