Monday, July 8, 2024

ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ 20 ਦਸੰਬਰ ਦੇ ਦਿੱਲੀ ਪ੍ਰਦਰਸ਼ਨ ’ਚ ਕਰਨਗੇ ਭਰਵੀਂ ਸ਼ਮੂਲੀਅਤ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਫੈਡਰੇਸ਼ਨ ਦੇ ਵੱਖ-ਵੱਖ ਆਗੂਆਂ ਕੀਤੀ ਇਕੱਤਰਤਾ

ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀਆਂ ਵੱਖ-ਵੱਖ ਧਿਰਾਂ ਦੇ ਨੁਮਾਇੰਦਿਆਂ ਨਾਲ ਇਕ ਭਰਵੀਂ ਇਕੱਤਰਤਾ ਕੀਤੀ।ਇਕੱਤਰਤਾ ਦੌਰਾਨ ਫੈਡਰੇਸ਼ਨ ਆਗੂਆਂ ਨੇ ਬੰਦੀ ਸਿੰਘਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ 20 ਦਸੰਬਰ ਨੂੰ ਦਿੱਲੀ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਮੌਕੇ ਭਰਵੀਂ ਸ਼ਮੂਲੀਅਤ ਕਰਨ ਦੀ ਵਚਨਬੱਧਤਾ ਪ੍ਰਗਟਾਈ।ਫੈਡਰੇਸ਼ਨ ਆਗੂਆਂ ਨੇ ਆਖਿਆ ਕਿ ਭਾਈ ਰਾਜੋਆਣਾ ਸਮੇਤ ਬੰਦੀ ਸਿੰਘਾਂ ਦਾ ਮਾਮਲਾ ਸਾਂਝਾ ਕੌਮੀ ਮੁੱਦਾ ਹੈ, ਜਿਸ ਵਿਚ ਫੈਡਰੇਸ਼ਨ ਮੋਹਰੀ ਭੂਮਿਕਾ ਅਦਾ ਕਰੇਗੀ।
ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਸਜ਼ਾ ਮੁਆਫ਼ੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ 20 ਦਸੰਬਰ 2023 ਨੂੰ ਦਿੱਲੀ ਵਿਖੇ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਅੱਜ ਦੀ ਫੈਡਰੇਸ਼ਨ ਆਗੂਆਂ ਦੀ ਇਕੱਤਰਤਾ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੀਤੇ ਕੱਲ੍ਹ ਲਏ ਗਏ ਫੈਸਲੇ ’ਤੇ ਫੁੱਲ ਚੜ੍ਹਾਉਂਦਿਆਂ ਆਪਣੀ ਭੁੱਖ ਹੜਤਾਲ ਸਮਾਪਤ ਕਰਨ।
ਇਸ ਮੌਕੇ ਹਾਜ਼ਰ ਫੈਡਰੇਸ਼ਨ ਆਗੂਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਕਰਨੈਲ ਸਿੰਘ ਪੀਰਮੁਹੰਮਦ, ਫੁੰਮਣ ਸਿੰਘ, ਅਮਰਬੀਰ ਸਿੰਘ ਢੋਟ, ਕੰਵਰ ਚੜ੍ਹਤ ਸਿੰਘ ਗਿੱਲ, ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ, ਲਖਬੀਰ ਸਿੰਘ ਸੇਖੋਂ, ਬਲਜੀਤ ਸਿੰਘ ਚੇਅਰਮੈਨ ਸਟੱਡੀ ਸਰਕਲ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਬਲਵਿੰਦਰ ਸਿੰਘ ਕਾਹਲਵਾਂ ਆਦਿ ਮੌਜ਼ੂਦ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …