ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ: ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ ਹਨ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ ਅਤੇ
ਨਸ਼ਾ ਤਸਕਰਾਂ ਵਿਰੁੱਧ ਸ਼ਖਤ ਕਾਨੂੰਨੀ ਕਾਰਵਾਈ ਕਰਨੀ ਹੈ।ਅੱਜ ਨਸ਼ਾ ਮੁਕਤ ਭਾਰਤ ਅਭਿਆਨ ਸਬੰਧੀ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਲੋਕਾਂ ਦੀ ਸਹਾਇਤਾ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਪੁਲਿਸ ਅਤੇ ਜਿਲ੍ਹਾ ਪ੍ਰਸਾਸ਼ਨ ਮਿਲ ਕੇ ਕੰਮ ਕਰ ਰਹੇ ਹਨ।ਉਨਾਂ ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ, ਐਨ.ਜੀ.ਓ ਸੰਸਥਾਵਾਂ ਦੇ ਪ੍ਰਤੀਨੀਤੀਆਂ, ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਸ਼ੇ ਦੇ ਖਾਤਮੇ ਲਈ ਅੱਗੇ ਆਉਣ।ਨਸ਼ਾ ਸਾਡੇ ਸਮਾਜ ਨੂੰ ਘੁਣ ਵਾਂਗ ਖੋਖਲਾ ਕਰ ਰਿਹਾ ਹੈ।ਥੋਰੀ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਸਕੂਲ ਅਤੇ ਕਾਲਜ ਪੱਧਰ ’ਤੇ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ।ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਪ੍ਰਤੀ ਬਹੁਤ ਹੀ ਸੰਵੇਦਨਸ਼ੀਲ ਹੈ ਅਤੇ ਸਾਨੂੰ ਸਭ ਨੂੰ ਚਾਹੀਦਾ ਹੈ ਕਿ ਅਸੀਂ ਆਪਣੇ ਪੰਜਾਬ ਨੂੰ ਬਚਾਉਣ ਲਈ ਅੱਗੇ ਆਈਏ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਲਿਸ ਹਰ ਵੇਲੇ ਤੁਹਾਡੀ ਸੇਵਾ ਲਈ ਤਿਆਰ ਹੈ।ਉਨਾਂ ਮੀਟਿੰਗ ਵਿੱਚ ਹਾਜ਼ਰ ਡਰੱਗ ਇੰਸਪੈਕਟਰਾਂ ਨੂੰ ਕਿਹਾ ਕਿ ਉਹ ਖਾਸ ਧਿਆਨ ਰੱਖਣ ਕਿ ਜਿਹੜੇ ਕੈਮਿਸਟ ਨਸ਼ੇ ਦਾ ਵਪਾਰ ਕਰਦੇ ਹਨ, ਉਨਾਂ ’ਤੇ ਸਖ਼ਤ ਕਾਰਵਾਈ ਕਰਨ ਅਤੇ ਇਸ ਸਬੰਧੀ ਪੁਲਿਸ ਨੂੰ ਵੀ ਸੂਚਿਤ ਕੀਤਾ ਜਾਵੇ।ਪੁਲਿਸ ਕਮਿਸ਼ਨਰ ਨੇ ਡਰੱਗ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਇਕ ਮਹੀਨੇ ਦੇ ਅੰਦਰ-ਅੰਦਰ ਸਾਰੇ ਕੈਮਿਸਟ ਆਪਣੀ ਦੁਕਾਨਾਂ ਦੇ ਬਾਹਰ ਸੀ.ਸੀ.ਟੀ.ਵੀ ਕੈਮਰੇ ਜ਼ਰੂਰ ਲਗਵਾਉਣ।ਉਨਾਂ ਨੇ ਕਿਹਾ ਕਿ ਝੋਲਾ ਛਾਪ ਡਾਕਟਰਾਂ ’ਤੇ ਵੀ ਨਿਗਰਾਨੀ ਰੱਖੀ ਜਾਵੇ ਅਤੇ ਇਨਾਂ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐਸ.ਡੀ.ਐਮ ਅਜਨਾਲਾ ਰਵਿੰਦਰ ਸਿੰਘ, ਆਈ.ਪੀ.ਐਸ ਅਭਿਮਨਯੂ ਰਾਣਾ, ਡੀ.ਐਸ.ਪੀ ਪਰਵਿੰਦਰ ਕੌਰ ਅਤੇ ਸੁਰਿੰਦਰ ਸਿੰਘ, ਪੁਲਿਸ ਅਧਿਕਾਰੀ ਵਰਿੰਦਰ ਸਿੰਘ ਖੋਸਾ, ਸਹਾਇਕ ਡਿਪਟੀ ਕਮਿਸ਼ਨਰ ਵਿਵੇਕ ਮੋਦੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੀਤ ਕੌਰ, ਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਅਸੀਸਇੰਦਰ ਸਿੰਘ, ਜਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਕੁਲਦੀਪ ਕੌਰ ਤੋਂ ਇਲਾਵਾ ਵੱਖ-ਵੱਖ ਐਨ.ਜੀ.ਓ ਦੇ ਨੁਮਾਇੰਦੇ ਅਤੇ ਡਾਕਟਰ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵਿਖੇ ਕਲਾਸੀਕਲ ਨਾਚ ਸਬੰਧੀ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਐਜੂਕੇਸ਼ਨ ਵਿਖੇ ਰਾਸ਼ਟਰੀ …
Punjab Post Daily Online Newspaper & Print Media