ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਅੰਮ੍ਰਿਤਸਰ ਦੇ ਪੌਸ਼ ਇਲਾਕੇ ਵਾਈਟ ਐਵੀਨਿਊ ਦੇ ਵਸਨੀਕਾਂ ਨਾਲ ਇਕ ਮੀਟਿੰਗ ਕੀਤੀ, ਤਾਂ ਜ਼ੋ ਵਸਨੀਕਾਂ ਨੂੰ ਦਰਪੇਸ਼ ਬਿਜਲੀ ਸੰਬੰਧੀ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।ਜਿਕਰਯੋਗ ਹੈ ਕਿ ਡਾਇਰੈਕਟਰ ਐਡਮਿਨ ਇਥੇ ਵਾਈਟ ਐਵੀਨਿਊ ਵੈਲਫੇਅਰ ਸੁਸਾਇਟੀ ਵੱਲੋਂ ਲਗਾਏ ਗਏ ਸਿਹਤ ਜਾਂਚ ਕੈਂਪ ਦਾ ਉਦਘਾਟਨ ਕਰਨ ਲਈ ਮੁੱਖ ਮਹਿਮਾਨ ਵਜੋਂ ਪੁੱਜੇ ਹੋਏ ਸਨ।ਉਨ੍ਹਾਂ ਨਾਲ ਡਿਪਟੀ ਚੀਫ਼ ਇੰਜੀਨੀਅਰ (ਸਿਟੀ ਸਰਕਲ) ਇੰਜ. ਰਾਜੀਵ ਪਰਾਸ਼ਰ, ਐਕਸੀਅਨ ਇੰਜ. ਮਨਦੀਪ ਸਿੰਘ, ਐਸ.ਡੀ.ਓ ਅਤੇ ਹੋਰ ਅਧਿਕਾਰੀ ਵੀ ਮੌਜ਼ੂਦ ਸਨ।
ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਇੰਜ. ਪਰਾਸ਼ਰ ਨੇ ਬਿਜਲੀ ਦੀ ਖੱਪਤ ਦੀ ਨਿਗਰਾਨੀ ਦੀ ਕੁਸ਼ਲਤਾ ਅਤੇ ਗੁਣਵਤਾ ਨੂੰ ਵਧਾਉਣ ਲਈ ਪੇਸ਼ ਕੀਤੀਆਂ ਜਾ ਰਹੀਆਂ ਤਕਨੀਕੀ ਤਰੱਕੀਆਂ `ਤੇ ਜ਼ੋਰ ਦਿੰਦਿਆਂ, ਸਮਾਰਟ ਮੀਟਰਾਂ ਨੂੰ ਲਾਗੂ ਕਰਨ ਬਾਰੇ ਵਸਨੀਕਾਂ ਨੂੰ ਜਾਗਰੂਕ ਕੀਤਾ।
ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਦੱਸਿਆ ਗਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਹੇਠ ਇਹ ਯਕੀਨੀ ਬਣਾਉਣ ਨੂੰ ਤਰਜ਼ੀਹ ਦਿੱਤੀ ਹੈ ਕਿ ਖਪਤਕਾਰਾਂ ਨੂੰ ਬਿਜਲੀ ਸੰਬੰਧੀ ਕਿਸੇ ਵੀ ਚੁਣੌਤੀ ਦਾ ਸਾਹਮਣਾ ਨਾ ਕਰਨਾ ਪਵੇ।ਮੀਟਿੰਗ ਦੌਰਾਨ ਇਲਾਕਾ ਵਾਸੀਆਂ ਨੂੰ ਸੂਬਾ ਸਰਕਾਰ ਵਲੋਂ ਬਿਜਲੀ ਵੰਡ ਨੂੰ ਸੁਚਾਰੂ ਬਣਾਉਣ ਲਈ ਬਣਾਈਆਂ ਗਈਆਂ ਵੱਖ-ਵੱਖ ਨੀਤੀਆਂ ਤੋਂ ਵੀ ਜਾਣੂ ਕਰਵਾਇਆ ਗਿਆ।ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਕਿਹਾ ਕਿ ਕਈ ਦਹਾਕੇ ਪਹਿਲਾਂ ਲਗਾਏ ਗਏ ਖੰਭਿਆਂ ਨੂੰ ਇੱਕ ਮਹੀਨੇ ਵਿੱਚ ਬਦਲ ਦਿੱਤਾ ਜਾਵੇਗਾ।
ਮੀਟਿੰਗ ਵਿੱਚ ਅਜਿਹੇ ਵਸਨੀਕ ਵੀ ਦੇਖਣ ਨੂੰ ਮਿਲੇ ਜਿਹੜੇ ਖਾਸ ਤੌਰ ਤੇ ਗਰਮੀ ਦੇ ਮਹੀਨਿਆਂ ਦੌਰਾਨ ਸੂਬਾ ਸਰਕਾਰ ਅਤੇ ਪੀ.ਐਸ.ਪੀ.ਸੀ.ਐਲ ਦੇ ਬਿਜਲੀ ਦੀ ਨਿਰਵਿਘਨ ਸਪਲਾਈ ਪ੍ਰਦਾਨ ਕਰਨ ਹਿੱਤ ਸ਼ਲਾਘਾਯੋਗ ਯਤਨਾਂ ਲਈ ਪ੍ਰਸੰਸਾ ਕਰ ਰਹੇ ਸਨ।ਮੀਟਿੰਗ ਦੀ ਸਮਾਪਤੀ `ਤੇ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਵਸਨੀਕਾਂ ਦੇ ਵਡਮੁੱਲੇ ਫੀਡਬੈਕ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੀ.ਐਸ.ਪੀ.ਸੀ.ਐਲ ਬਿਜਲੀ ਸਪਲਾਈ ਦੇ ਉੱਚ ਮਿਆਰਾਂ ਨੂੰ ਬਰਕਰਾਰ ਰੱਖਣ ਲਈ ਤਨਦੇਹੀ ਨਾਲ ਕੰਮ ਕਰਨਾ ਜਾਰੀ ਰੱਖੇਗਾ।
ਇਸ ਮੌਕੇ ਪੰਜਾਬ ਰੈਵੀਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਨਿਰਮਲ ਜੀਤ ਸਿੰਘ ਬਾਜਵਾ ਅਤੇ ਕਈ ਉਘੇ ਉਦਯੋਗਪਤੀ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …