Wednesday, July 16, 2025
Breaking News

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਸਬੰਧੀ 20 ਦਸੰਬਰ ਦਾ ਦਿੱਲੀ ਪ੍ਰਦਰਸ਼ਨ ਕੀਤਾ ਮੁਲਤਵੀ

ਕਾਲਕਾ ਦੇ ਪੱਤਰ ’ਤੇ ਵਿਚਾਰ ਮਗਰੋਂ ਪੰਥ ਦੇ ਵਡੇਰੇ ਹਿੱਤਾਂ ਨੂੰ ਵੇਖਦਿਆਂ ਲਿਆ ਫੈਸਲਾ- ਐਡਵੋਕੇਟ ਧਾਮੀ
ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 20 ਦਸੰਬਰ ਨੂੰ ਦਿੱਲੀ ਵਿਖੇ ਕੀਤਾ ਜਾਣ ਵਾਲਾ ਪੰਥਕ ਪ੍ਰਦਰਸ਼ਨ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ।ਸ਼੍ਰੋਮਣੀ ਕਮੇਟੀ ਨੇ ਇਹ ਫੈਸਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਜੋ ਬੰਦੀ ਸਿੰਘਾਂ ਸਬੰਧੀ ਪੰਜ ਮੈਂਬਰੀ ਉੱਚ ਪੱਧਰੀ ਕਮੇਟੀ ਦੇ ਮੈਂਬਰ ਵੀ ਹਨ, ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਭੇਜੇ ਗਏ ਇੱਕ ਪੱਤਰ ’ਤੇ ਵਿਚਾਰ ਉਪਰੰਤ ਲਿਆ ਹੈ।ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਦੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਭਾਵੇਂ 20 ਦਸੰਬਰ ਦਾ ਦਿੱਲੀ ਪ੍ਰਦਰਸ਼ਨ ਅੰਤ੍ਰਿੰਗ ਕਮੇਟੀ ਦੇ ਪਹਿਲਾਂ ਲਏ ਫੈਸਲੇ ’ਤੇ ਅਧਾਰਿਤ ਸੀ, ਪਰ ਪੰਥ ਦੇ ਵਡੇਰੇ ਹਿੱਤਾਂ ਨੂੰ ਵੇਖਦਿਆਂ ਇਸ ਨੂੰ ਫਿਲਹਾਲ ਮੁਲਤਵੀ ਕੀਤਾ ਜਾ ਰਿਹਾ ਹੈ।ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨਹੀਂ ਚਾਹੁੰਦੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਵਿੱਚ ਕੋਈ ਆਪਸੀ ਮਤਭੇਦ ਪੈਦਾ ਹੋਵੇ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਵਿਚ ਸੰਗਤੀ ਮੁਹਿੰਮ ਤਹਿਤ ਬੰਦੀ ਸਿੰਘਾਂ ਦੀ ਰਿਹਾਈ ਲਈ 26 ਲੱਖ ਪ੍ਰੋਫਾਰਮੇ ਭਰਵਾਏ ਸਨ, ਜੋ 20 ਦਸੰਬਰ ਨੂੰ ਦੇਸ਼ ਦੇ ਰਾਸ਼ਟਰਪਤੀ ਨੂੰ ਸੌਂਪਣ ਦਾ ਪ੍ਰੋਗਰਾਮ ਰੱਖਿਆ ਗਿਆ ਸੀ।ਇਹ ਪ੍ਰੋਗਰਾਮ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 6 ਦਸੰਬਰ ਨੂੰ ਗਠਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਤੋਂ ਪਹਿਲਾਂ 3 ਦਸੰਬਰ ਨੂੰ ਸੱਦੀ ਗਈ ਅੰਤ੍ਰਿੰਗ ਕਮੇਟੀ ਫੈਸਲੇ ਅਨੁਸਾਰ ਸੀ।
ਐਡਵੋਕੇਟ ਧਾਮੀ ਨੇ ਪੰਥਕ ਪ੍ਰਦਰਸ਼ਨ ਲਈ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਦੇਣ ਦਾ ਐਲਾਨ ਕਰਨ ਵਾਲੀਆਂ ਸਾਰੀਆਂ ਧਿਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਅੰਦਰ ਵੀ ਉਹ ਪੰਥਕ ਕਾਰਜਾਂ ਲਈ ਅਜਿਹੇ ਸਮਰਥਨ ਦੀ ਆਸ ਕਰਦੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸੁਰਜੀਤ ਸਿੰਘ ਭਿੱਟੇਵੱਡ, ਅਮਰਜੀਤ ਸਿੰਘ ਬੰਡਾਲਾ, ਅਕਾਲੀ ਆਗੂ ਬਰਜਿੰਦਰ ਸਿੰਘ ਬਰਾੜ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ ਆਦਿ ਹਾਜ਼ਰ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …