ਅੰਮ੍ਰਿਤਸਰ, 18 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ ਜਿਥੇ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸੈਂਟਰਲ ਖ਼ਾਲਸਾ ਯਤੀਮਖਾਨਾ ਤੋ ਭਾਈ ਸਤਨਾਮ ਸਿੰਘ ਦੇ ਰਾਗੀ ਜਥੇ, ਭਾਈ ਵੀਰ ਸਿੰਘ ਗੁਰਮਤਿ ਕਾਲਜ ਦੇ ਕੀਰਤਨੀ ਜੱਥੇ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ।ਉਪਰੰਤ ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ ਅਤੇ ਧਰਮ ਪ੍ਰਚਾਰ ਕਮੇਟੀ ਮੈਂਬਰ ਹਰਮਨਜੀਤ ਸਿੰਘ ਨੇ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸਿਧਾਂਤ ‘ਤੇ ਚਾਨਣਾ ਪਾਉਂਦਿਆਂ ਗੁਰੂ ਸਾਹਿਬ ਦੀ ਸ਼ਹੀਦੀ ਦਾ ਮੰਤਵ ਮਾਨਵ ਧਰਮ ਦੀ ਸੁਰੱਖਿਆ ਅਤੇ ਧਾਰਮਿਕ ਸੁਤੰਤਰਤਾ ਦੇ ਮੂਲ ਹੱਕਾਂ ਅਤੇ ਅਧਿਕਾਰਾਂ ਦੀ ਰਾਖੀ ਕਰਨਾ ਦੱਸਦਿਆ ਆਪਣੇ ਵਿਚਾਰ ਸਾਂਝੇ ਕੀਤੇ।
ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੀ ਐਜੂਕੇਸ਼ਨਲ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਕਰਵਾਈ ਗਈ ਕੰਠ ਬਾਣੀ ਪ੍ਰੀਖਿਆ ਵਿਚੋ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਅਤੇ ਸਰਟੀਫਿਕੇਟ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕੌਂਸੋਲੇਸ਼ਨ ਇਨਾਮ ਵੰਡੇ ਗਏ।6 ਸਾਲ ਦੀ ਉਮਰ ਦੇ ਵਿਦਿਆਰਥੀ ਜੁਝਾਰ ਸਿੰਘ ਨੂੰ 27 ਬਾਣੀਆਂ ਕੰਠ ਹੋਣ ਦੇ ਸਨਮਾਨ ਵਜੋਂ ਵਿਸ਼ੇਸ਼ ਇਨਾਮ ਅਤੇ ਰਾਸ਼ੀ ਦਿੱਤੀ ਗਈ।ਸਟੇਜ਼ ਧਾਰਮਿਕ ਅਧਿਆਪਕਾ ਬੀਬੀ ਪ੍ਰਭਜੋਤ ਕੌਰ ਨੇ ਸੰਭਾਲੀ ਅਤੇ ਪ੍ਰਿੰਸੀਪਲ ਮਨਦੀਪ ਸਿੰਘ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਏਕਜੋਤ ਸੇਵਾ ਸੁਸਾਇਟੀ ਵੱਲੋ ਜੂਠੇ ਪੱਤਲ ਸੰਭਾਲਣ ਦੀ ਸੇਵਾ ਨਿਭਾਈ ਗਈ।
ਇਸ ਮੌਕੇ ਆਨਰੇਰੀ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਸਰਬਜੀਤ ਸਿੰਘ ਛੀਨਾ, ਐਡੀ: ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਮਨਮੋਹਨ ਸਿੰਘ, ਤਰਲੋਚਨ ਸਿੰਘ, ਡਾ. ਆਤਮਜੀਤ ਸਿੰਘ ਬਸਰਾ, ਪ੍ਰੋ. ਸੂਬਾ ਸਿੰਘ, ਰਾਬਿੰਦਰਬੀਰ ਸਿੰਘ ਭੱਲਾ, ਲਖਵਿੰਦਰ ਸਿੰਘ ਢਿੱਲੋਂ, ਵਰਿੰਦਰਪਾਲ ਸਿੰਘ ਕੋਚਰ, ਜਸਮੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੀ ਕੋਆਰਡੀਨੇਟਰ ਡਾ. ਜਸਵਿੰਦਰ ਕੌਰ ਮਾਹਲ, ਅਤੇ ਹੋਰਨਾਂ ਸਮੇਤ ਵੱਡੀ ਗਿਣਤੀ ਵਿਚ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …