Friday, July 5, 2024

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ

ਜਥੇਦਾਰ ਕਾਉਂਕੇ ਨੂੰ ਦਿੱਤਾ ਜਾਵੇ ਕੌਮੀ ਸ਼ਹੀਦ ਦਾ ਸਨਮਾਨ- ਐਡਵੋਕੇਟ ਧਾਮੀ
ਅੰਮ੍ਰਿਤਸਰ, 1 ਜਨਵਰੀ 2024 (ਪੰਜਾਬ ਪੋਸਟ ਬਿਊੋਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਕਾਉਂਕੇ ਦੀ ਪਤਨੀ ਬੀਬੀ ਗੁਰਮੇਲ ਕੌਰ ਸਮੇਤ ਵੱਡੀ ਗਿਣਤੀ ਵਿਚ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ।ਭਾਈ ਕਾਉਂਕੇ ਦੀ ਪਤਨੀ ਬੀਬੀ ਗੁਰਮੇਲ ਕੌਰ ਅਤੇ ਪਰਿਵਾਰਕ ਮੈਂਬਰਾਂ ਬੀਬੀ ਪਵਨਜੀਤ ਕੌਰ, ਅਜੀਤ ਸਿੰਘ ਤੇ ਸਾਬਕਾ ਸਰਪੰਚ ਸ. ਮਨਜਿੰਦਰ ਸਿੰਘ ਨੂੰ ਸਿਰੋਪਾਓ ਨਾਲ ਸਨਮਾਨ ਦਿੱਤਾ ਗਿਆ।
ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕਰੀਬ 31 ਸਾਲ ਪਹਿਲਾਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਤਤਕਾਲੀ ਸਰਕਾਰ ਦੇ ਅਣਮਨੁੱਖੀ ਕਾਰੇ ਦੀ ਸਿਖ਼ਰ ਸੀ।ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਜਥੇਦਾਰ ਕਾਉਂਕੇ ਦੇ ਕਤਲ ਮਾਮਲੇ ’ਚ ਕਾਰਵਾਈ ਕਰਨ ਲਈ ਕਿਹਾ ਗਿਆ ਹੈ ਕਿਉਂਕਿ ਸਿੱਖਾਂ ਦੇ ਕਾਤਲਾਂ ਨੂੰ ਮਿਸਾਲੀ ਸਜ਼ਾਵਾਂ ਜ਼ਰੂਰ ਮਿਲਣੀਆਂ ਚਾਹੀਦੀਆਂ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਕੌਮੀ ਸ਼ਹੀਦ ਦਾ ਸਨਮਾਨ ਦੇਣ ਵਾਸਤੇ ਵਿਚਾਰ ਕਰਨ।ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਕਾਉਂਕੇ ਪੰਥਪ੍ਰਸਤ ਅਤੇ ਸਿੱਖੀ ਨੂੰ ਸਮਰਪਤ ਗੁਰਸਿੱਖ ਸਨ, ਜਿਨ੍ਹਾਂ ਦੀ ਕੁਰਬਾਨੀ ਨੂੰ ਕੌਮ ਹਮੇਸ਼ਾਂ ਸਤਿਕਾਰ ਦਿੰਦੀ ਰਹੇਗੀ।
ਅਰਦਾਸ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਦੀਪ ਕੌਰ ਖੋਖ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਅਲਵਿੰਦਰਪਾਲ ਸਿੰਘ ਪੱਖੋਕੇ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵੱਡ, ਮੰਗਵਿੰਦਰ ਸਿੰਘ ਖਾਪੜਖੇੜੀ, ਸਤਵਿੰਦਰ ਸਿੰਘ ਟੌਹੜਾ, ਭਾਈ ਅਮਰਜੀਤ ਸਿੰਘ ਬੰਡਾਲਾ, ਐਡਵੋਕੇਟ ਜਸਬੀਰ ਸਿੰਘ ਘੁੰਮਣ, ਭਾਈ ਜਸਬੀਰ ਸਿੰਘ ਰੋਡੇ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ, ਨਰੈਣ ਸਿੰਘ ਚੌੜਾ, ਭਾਈ ਮੋਹਕਮ ਸਿੰਘ, ਭਾਈ ਮਨਜੀਤ ਸਿੰਘ ਭੋਮਾ, ਉਪਕਾਰ ਸਿੰਘ ਸੰਧੂ, ਭਾਈ ਬਲਵੰਤ ਸਿੰਘ ਗੋਪਾਲਾ, ਸਤਨਾਮ ਸਿੰਘ ਮਨਾਵਾਂ ਸਮੇਤ ਸੰਗਤਾਂ ਮੌਜ਼ੂਦ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …