Tuesday, March 17, 2026

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ 75ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ।
ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਅਮਨ ਅਰੋੜਾ ਮੰਤਰੀ ਨਵੇਂ ਤੇ ਨਵਿਆਉਣਯੋਗ ਊਰਜਾ ਅਤੇ ਛਪਾਈ ਤੇ ਲਿਖਣ ਸਮੱਗਰੀ ਪੰਜਾਬ ਹੋਣਗੇ।ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਦੌਰਾਨ ਮੁੱਖ ਮਹਿਮਾਨ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐਨ.ਸੀ.ਸੀ ਕੈਡਿਟਾਂ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ।ਇਸ ਤੋਂ ਬਾਅਦ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸੱਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਸਮਾਗਮ ਦੌਰਾਨ ਸੁਤੰਤਰਤਾ ਸੈਨਾਨੀਆਂ ਅਤੇ ਵੱਖ-ਵੱ ਖੇਤਰਾਂ ‘ਚ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਹੋਣ ਵਾਲੇ ਕਲਚਰਲ ਪ੍ਰੋਗਰਾਮ ਅਤੇ ਪਰੇਡ ਦੀ ਰਿਹਰਸਲ 19 ਜਨਵਰੀ ਤੋਂ ਸ਼ੁਰੂ ਹੋਵੇਗੀ, ਜਦਕਿ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ।
ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ, ਐੱਸ.ਡੀ.ਐਮ ਨਿਕਾਸ ਕੁਮਾਰ ਅਤੇ ਮਨਕੰਵਲ ਚਾਹਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਵਿਵੇਕ ਮੋਦੀ, ਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਅਸੀਸਇੰਦਰ ਸਿੰਘ, ਜਿਲ੍ਹਾ ਮੰਡੀ ਅਫ਼ਸਰ ਅਮਨਦੀਪ ਸਿੰਘ, ਜਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਕੁਲਦੀਪ ਕੌਰ, ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜ਼ੂਦ ਸਨ।

 

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …