Friday, October 18, 2024

31 ਮਾਰਚ ਤੱਕ ਇੰਤਕਾਲ ਅਤੇ ਤਕਸੀਮ ਦੇ ਮਾਮਲੇ ਹੱਲ ਹੋਣਗੇ – ਧਾਲੀਵਾਲ

ਮਾਲ ਵਿਭਾਗ ਵਲੋਂ ਲਗਾਏ ਕੈਂਪ ਦਾ ਕੀਤਾ ਦੌਰਾ

ਅਜਨਾਲਾ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਿੱਤੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਮਾਲ ਵਿਭਾਗ ਨੇ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ, ਇਹ ਵਧੀਆ ਕਦਮ ਹੈ।ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਮਾਲ ਵਿਭਾਗ ਵਲੋਂ ਲਗਾਏ ਗਏ ਵਿਸ਼ੇਸ਼ ਕੈਂਪ ਦਾ ਦੌਰਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਇੱਛਾ ਹੈ ਕਿ 31 ਮਾਰਚ ਤੱਕ ਬਕਾਇਆ ਪਏ ਇੰਤਕਾਲ ਅਤੇ ਤਕਸੀਮ ਦੇ ਸਾਰੇ ਮਸਲੇ ਹੱਲ ਕਰ ਦਿੱਤੇ ਜਾਣ।ਉਹਨਾਂ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।ਉਹਨਾਂ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ‘ਤੇ ਹੀ ਦਰਜ਼ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਧਾਲੀਵਾਲ ਨੇ ਕਿਹਾ ਕਿ ਸਰਕਾਰ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ‘ਤੇ ਲਗਾਤਾਰ ਨਿਗਰਾਨੀ ਰੱਖ ਰਹੀ ਹੈ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ।ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਜਾਇਜ਼ ਕੰਮਕਾਜ਼ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵਟਸਐਪ ਕੀਤੀ ਜਾ ਸਕਦੀ ਹੈ।ਇਸ ਤੋਂ ਇਲਾਵਾ ਐਨ.ਆਰ.ਆਈ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।
ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਐਸ.ਡੀ.ਐਮ ਅਰਵਿੰਦਰ ਪਾਲ ਸਿੰਘ, ਤਹਿਸੀਲਦਾਰ ਜਗਤਾਰ ਸਿੰਘ ਗੁਰਜੰਟ ਸਿੰਘ ਸੋਹੀ, ਜਸਪਾਲ ਸਿੰਘ ਢਿੱਲੋ, ਪਟਵਾਰੀ ਜਸਪਾਲ ਸਿੰਘ ਅਤੇ ਹੋਰ ਆਗੂ ਵੀ ਹਾਜ਼ਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …