Sunday, May 31, 2026

ਨਜਾਇਜ਼ ਮਾਈਨਿੰਗ ਕਰਵਾਉਣ ਵਾਲੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ – ਜੌੜਾਮਾਜ਼ਰਾ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਸ਼ਬਦਾਂ ‘ਚ ਕਿਹਾ ਕਿ ਨਾਜਾਇਜ਼ ਮਾਈਨਿੰਗ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਰਵਾਈ ਅਮਲ ‘ਚ ਲਿਆਂਦੀ ਜਾਵੇਗੀ।
ਅੰਮ੍ਰਿਤਸਰ ਵਿਖੇ ਮਾਝੇ ਦੇ ਵਿਧਾਇਕਾਂ ਤੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਵੱਡੇ ਪ੍ਰਾਜੈਕਟਾਂ ਵਿੱਚ ਭਰਤੀ ਪਾਉਣ ਲਈ ਵਰਤੀ ਜਾ ਰਹੀ ਮਿੱਟੀ ਦੀ ਰਿਐਲਟੀ ਵੀ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣੀ ਯਕੀਨੀ ਬਣਾਈ ਜਾਵੇ।ਉਨਾਂ ਕਿਹਾ ਕਿ ਰਾਜ ਵਿਚ ਸੈਂਕੜੇ ਕਿਲੋਮੀਟਰ ਨੈਸ਼ਨਲ ਹਾਈਵੇ ਬਣ ਰਹੇ ਹਨ, ਪਰ ਇਨ੍ਹਾਂ ਦੀ ਰਿਐਲਟੀ ਪੂਰੀ ਤਰ੍ਹਾਂ ਜਮ੍ਹਾਂ ਨਹੀਂ ਹੋ ਰਹੀ। ਇਸ ਲਈ ਇਨ੍ਹਾਂ ਕੰਮਾਂ ਉਤੇ ਨਿਗ੍ਹਾ ਰੱਖ ਕੇ ਇਸ ਦੀ ਬਣਦੀ ਰਿਐਲਟੀ ਲਈ ਜਾਵੇ।ਉਨਾਂ ਸਖਤ ਲਹਿਜ਼ੇ ਵਿਚ ਕਿਹਾ ਕਿ ਜਿਸ ਵੀ ਅਧਿਕਾਰੀ ਨੇ ਨਾਜਾਇਜ਼ ਮਾਇਨਿੰੰਗ ਅਤੇ ਰਿਐਲਟੀ ਦੇ ਮੁੱਦੇ ‘ਤੇੇ ਢਿੱਲ ਵਰਤੀ, ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਿਛਲੇ ਸਾਉਣੀ ਸੀਜ਼ਨ ਵਿੱਚ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਸਬੰਧੀ ਵੇਰਵੇ ਲੈਂਦਿਆਂ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣ ਦੇ ਉਪਰਾਲੇ ਕਰ ਰਹੀ ਹੈ ਅਤੇ ਇਹ ਕੰਮ ਕੇਵਲ ਤੇ ਕੇਵਲ ਨਹਿਰੀ ਪਾਣੀ ਦੀ ਵਰਤੋਂ ਕਰਕੇ ਹੀ ਹੋ ਸਕਦਾ ਹੈ, ਸੋ ਇਸ ਮੁੱਦੇ ‘ਤੇ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਗੰਭੀਰ ਮੁੱਦੇ ‘ਤੇ ਸਦਾ ਕੰਨ ਵਲੇਟੀ ਰੱਖੇ ਹਨ।ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਕੋੋਈ ਵੀ ਕੰਮ ਲੰਬਿਤ ਨਾ ਰੱਖਣ।ਨਹਿਰਾਂ, ਸੂਇਆਂ ਤੇ ਡਰੇਨ ਨਾਲਿਆਂ ਦੀ ਸਫਾਈ ਬਾਰੇ ਜੌੜਾਮਾਜਰਾ ਨੇ ਦੱਸਿਆ ਕਿ ਸਰਕਾਰ ਨੇ ਇਸ ਕੰਮ ਲਈ 10 ਵੱਡੀਆਂ ਮਸ਼ੀਨਾਂ ਦੀ ਖਰੀਦ ਲਈਆਂ ਹਨ।ਜੇ ਹੋਰ ਲੋੜ ਮਹਿਸੂਸ ਹੋਈ ਤਾਂ ਹੋਰ ਮਸ਼ੀਨਰੀ ਖਰੀਦ ਕਰਕੇ ਇਹ ਕੰਮ ਪੂਰਾ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪਹਿਲਾਂ ਸਰਕਾਰਾਂ ਇਹ ਕੰਮ ਠੇਕੇਦਾਰਾਂ ਤੋਂ ਕਰਵਾਉਂਦੀਆਂ ਸਨ, ਜੋ ਕੰਮ ਦੀ ਖਾਨਾਪੂਰਤੀ ਕਰਦੇ ਸਨ, ਪਰ ਹੁਣ ਮਸ਼ੀਨਾਂ ਖਰੀਦ ਲੈਣ ਨਾਲ ਖਰਚ ਵਿੱਚ 60 ਫੀਸਦੀ ਬੱਚਤ ਹੋਈ ਹੈ ਅਤੇ ਕੰਮ ਵੀ ਵਧੀਆ ਹੋਣ ਲੱਗਾ ਹੈ।
ਮੀਟਿੰਗ ਵਿੱਚ ਵਿਧਾਇਕ ਸ਼ੈਰੀ ਕਲਸੀ, ਜਸਬੀਰ ਸਿੰਘ ਸੰਧੂ, ਸਹਾਇਕ ਕਮਿਸ਼ਨਰ ਵਿਵੇਕ ਮੋਦੀ, ਚੇਅਰਮੈਨ ਰਮਨ ਬਹਿਲ, ਜਗਰੂਪ ਸਿੰਘ ਸੇਖਵਾਂ, ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਚੇਅਰਮੈਨ ਬਲਦੇਵ ਸਿੰਘ ਮਿਆਦੀਆਂ, ਚੇਅਰਮੈਨ ਰਣਜੀਤ ਸਿੰਘ ਚੀਮਾ, ਚੇਅਰਮੈਨ ਬਲਬੀਰ ਸਿੰਘ ਪੰਨੂ, ਸਮਸ਼ੇਰ ਸਿੰਘ ਦੀਨਾਨਗਰ, ਗੁਰਦੀਪ ਸਿੰਘ ਰੰਧਾਵਾ ਅਤੇ ਹੋਰ ਸੀਨੀਅਰ ਨੇਤਾਵਾਂ ਨੇ ਹਿੱਸਾ ਲਿਆ।

 

 

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …