ਅੰਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 17 ਜਨਵਰੀ 2024 ਨੂੰ
ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੌਮੀ ਪੱਧਰ ’ਤੇ ਮਨਾਏ ਜਾ ਰਹੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ‘ਆਪੇ ਗੁਰੁ ਚੇਲਾ’ ਵਿਸ਼ਾਲ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ 10 ਜਨਵਰੀ ਨੂੰ ਖਾਲਸਈ ਜਾਹੋ-ਜਲਾਲ ਨਾਲ ਆਰੰਭ ਹੋਇਆ।ਇਹ ਨਗਰ ਕੀਰਤਨ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ’ਤੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 16 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।
ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦਾ ਰਾਤ ਦਾ ਵਿਸ਼ਰਾਮ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਵਿਖੇ ਹੋਵੇਗਾ।11 ਜਨਵਰੀ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ, 12 ਜਨਵਰੀ ਨੂੰ ਆਲਮਗੀਰ ਤੋਂ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ, 13 ਜਨਵਰੀ ਨੂੰ ਮੈਹਦੇਆਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ, 14 ਜਨਵਰੀ ਨੂੰ ਜੈਤੋ ਤੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ, 15 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਹਾਜੀਰਤਨ ਬਠਿੰਡਾ ਅਤੇ 16 ਜਨਵਰੀ ਬਠਿੰਡਾ ਤੋਂ ਚੱਲ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੁੱਜੇਗਾ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸਵਾਗਤ ਕਰਨ ਦੇ ਨਾਲ-ਨਾਲ ਮੁੱਖ ਸਮਾਗਮ ਦੌਰਾਨ ਭਰਵੀਂ ਸ਼ਮੂਲੀਅਤ ਕਰਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ 17 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੁੱਖ ਸਮਾਗਮ ਹੋਵੇਗਾ ਅਤੇ 18 ਜਨਵਰੀ ਨੂੰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਸਜਾਇਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਨੁਸਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 17 ਜਨਵਰੀ ਨੂੰ ਕੀਤੇ ਜਾਣ ਵਾਲੇ ਪ੍ਰਕਾਸ਼ ਗੁਰਪੁਰਬ ਸਮਾਗਮ ਮੌਕੇ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥੇ ਹਾਜ਼ਰੀ ਭਰਨਗੇ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media