Tuesday, April 8, 2025
Breaking News

ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਿਤ ਕਰਨ ਲਈ ਮੁੱਖ ਮੰਤਰੀ ਦੀ ਮੁਹਿੰਮ ਜਾਰੀ

ਵਾਰ ਹੀਰੋਜ਼ ਸਟੇਡੀਅਮ ਵਿਖੇ ਵੇਟ ਲਿਫਟਿੰਗ ਸੈਂਟਰ ਅਤੇ ਐਸਟ੍ਰੋ ਟਰਫ ਦਾ ਕੀਤਾ ਉਦਘਾਟਨ

ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) -ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਿਤ ਕਰਨ ਸਬੰਧੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਜਿਲ੍ਹੇ ਵਿੱਚ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ।
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ।ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨਾ ਹੈ।ਇਹ ਕਦਮ ਨੌਜਵਾਨਾਂ ਦੇ ਸ਼ਕਤੀਕਰਨ ਅਤੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਅਹਿਮ ਸਾਬਤ ਹੋਵੇਗਾ।ਭਗਵੰਤ ਮਾਨ ਨੇ ਉਮੀਦ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ, ਜਿਥੋਂ ਪੜ੍ਹ ਕੇ ਸੂਬੇ ਦੇ ਨੌਜਵਾਨ ਵੱਡੇ ਅਫ਼ਸਰ, ਵਿਗਿਆਨੀ, ਡਾਕਟਰ, ਤਕਨੀਕੀ ਮਾਹਰ ਅਤੇ ਹੋਰ ਉਚੇ ਅਹੁਦਿਆਂ ‘ਤੇ ਬਿਰਾਜ਼ਮਾਨ ਹੋਣਗੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਆਲ੍ਹਾ ਦਰਜ਼ੇ ਦੀਆਂ ਲਾਇਬ੍ਰੇਰੀਆਂ ਅਤਿ-ਆਧੁਨਿਕ ਸਹੂਲਤਾਂ ਅਤੇ ਹਾਈਟੈਕ ਸਹੂਲਤਾਂ ਜਿਵੇਂ ਏਅਰ ਕੰਡੀਸ਼਼ਨਰ, ਇਨਵਰਟਰ, ਸੀ.ਸੀ.ਟੀ.ਵੀ ਕੈਮਰੇ, ਵਾਈ-ਫਾਈ ਅਤੇ ਹੋਰ ਸਹੂਲਤਾਂ ਨਾਲ ਲੈਸ ਹਨ।ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਅਸਲ ਮਾਇਨੇ ਵਿੱਚ ਗਿਆਨ ਅਤੇ ਸਾਹਿਤ ਦਾ ਭੰਡਾਰ ਹਨ।
ਲਾਇਬ੍ਰੇਰੀਆਂ ਦੇ ਸੰਗ੍ਰਹਿ ਵਿੱਚ ਕੁੱਝ ਦੁਰਲੱਭ ਅਤੇ ਕੀਮਤੀ ਪੁਸਤਕਾਂ ਸ਼਼ਾਮਲ ਹਨ।
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਵਾਰ ਹੀਰੋਜ਼ ਸਟੇਡੀਅਮ ਵਿੱਚ ਵੇਟ ਲਿਫਟਿੰਗ ਸੈਂਟਰ ਅਤੇ ਐਸਟ੍ਰੋ ਟਰਫ ਲੋਕਾਂ ਨੂੰ ਸਮਰਪਿਤ ਕੀਤੇ।ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ `ਤੇ ਵਿਸ਼ੇਸ਼ ਧਿਆਨ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੀ ਵਾਰ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਫੰਡ ਦਿੱਤੇ ਹਨ, ਤਾਂ ਜੋ ਉਹ ਖੇਡ ਮੁਕਾਬਲਿਆਂ ਵਿੱਚ ਮੱਲ੍ਹਾਂ ਮਾਰ ਸਕਣ।ਇਸੇ ਦਾ ਨਤੀਜਾ ਹੈ ਕਿ ਪਿੱਛਲੇ ਸਾਲ ਹੋਈਆਂ ਏਸ਼ੀਆਈ ਖੇਡਾਂ ਵਿੱਚ ਪੰਜਾਬੀਆਂ ਨੇ 19 ਤਗਮੇ ਜਿੱਤੇ, ਜੋ ਕਿ ਏਸ਼ੀਆਡ ਸ਼ੁਰੂ ਹੋਣ ਤੋਂ ਲੈ ਕੇ ਬਾਕੀ ਰਾਜਾਂ ਦੇ ਮੁਕਾਬਲੇ ਸਭ ਤੋਂ ਵੱਧ ਹਨ।ਇਹ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ, ਕਿਉਂਕਿ ਭਾਰਤੀ ਹਾਕੀ ਦਲ ਵਿੱਚ 10 ਖਿਡਾਰੀ ਪੰਜਾਬ ਦੇ ਹਨ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਗਦ ਇਨਾਮ ਅਤੇ ਹੋਰ ਸਹੂਲਤਾਂ ਦੇ ਕੇ ਉਨ੍ਹਾਂ ਦਾ ਮਾਣ-ਸਨਮਾਨ ਵੀ ਕਰ ਰਹੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਭਰ ਵਿੱਚ ਗਣਤੰਤਰ ਦਿਵਸ ਦੀ ਪਰੇਡ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਗਰਾਊਂਡ ਵਿਖੇ ਨਹੀਂ ਕਰਵਾਈ ਜਾਵੇਗੀ।ਪਰੇਡ ਦੌਰਾਨ ਰਾਜ ਅਤੇ ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਣ ਲਈ ਕਈ ਝਾਕੀਆਂ ਅਤੇ ਹੋਰ ਸਮਾਗਮ ਕਰਵਾਏ ਜਾਂਦੇ ਹਨ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਗਮਾਂ ਦੌਰਾਨ ਪਰੇਡ ਸਮੇਂ ਵਾਹਨਾਂ ਅਤੇ ਹੋਰ ਮਸ਼ੀਨਰੀ ਦੀ ਆਵਾਜਾਈ ਟਰੈਕ ਨੂੰ ਨੁਕਸਾਨ ਪਹੁੰਚਾਉਂਦੀ ਹੈ।ਟਰੈਕ ਨੂੰ ਨੁਕਸਾਨ ਅਤੇ ਕਿਸੇ ਵੀ ਸਥਿਤੀ ਤੋਂ ਬਚਣ ਲਈ ਸੂਬਾ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਸਟੇਡੀਅਮ ਵਿੱਚ ਨਾ ਕਰਵਾਉਣ ਦਾ ਫੈਸਲਾ ਲਿਆ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਫੈਸਲੇ ਤਹਿਤ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਹੁਣ ਪੀ.ਏ.ਯੂ ਵਿਖੇ ਹੋਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ।

 

 

Check Also

ਖਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ …