ਟਰੱਸਟ ਨੇ ਆਪਣੀ ਐਬੂਲੈਂਸ `ਤੇ ਏਅਰਪੋਰਟ ਤੋਂ ਬਠਿੰਡਾ ਭੇਜਿਆ ਮ੍ਰਿਤਕ ਸਰੀਰ
ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ
ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਬਠਿੰਡਾ ਜਿਲ੍ਹੇ ਦੇ ਕਸਬਾ ਮਹਿਰਾਜ ਨਾਲ ਸਬੰਧਿਤ 25 ਸਾਲਾ ਜਸਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਡਾ. ਓਬਰਾਏ ਨੇ ਦੱਸਿਆ ਜਸਪ੍ਰੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕੁੱਝ ਵਰ੍ਹੇ ਪਹਿਲਾਂ ਦੁਬਈ ਆਇਆ ਸੀ ਕਿ ਬੀਤੀ ਦਸੰਬਰ ਦੇ ਆਖਰੀ ਹਫ਼ਤੇ ਕਿਸੇ ਕਾਰਨ ਉਸ ਦੀ ਮੌਤ ਹੋ ਗਈ।ਇਸ ਘਟਨਾ ਸਬੰਧੀ ਭਾਰਤੀ ਦੂਤਾਵਾਸ ਨੇ ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਸੀ ਕਿ ਇੱਕ ਨੌਜਵਾਨ ਦਾ ਮ੍ਰਿਤਕ ਸਰੀਰ ਕੁੱਝ ਦਿਨਾਂ ਤੋਂ ਲਾਵਾਰਿਸ ਪਿਆ ਹੈ।ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਸਬੰਧੀ ਸਾਰੀ ਜਾਣਕਾਰੀ ਇਕੱਤਰ ਕਰਕੇ ਉਨ੍ਹਾਂ ਆਪਣੀ ਬਠਿੰਡਾ ਟੀਮ ਦੇ ਪ੍ਰਧਾਨ ਜਸਵੰਤ ਸਿੰਘ ਬਰਾੜ ਨੂੰ ਇਸ ਨੌਜਵਾਨ ਦੇ ਘਰ ਭੇਜ ਕੇ ਇਸ ਅਣਹੋਣੀ ਸਬੰਧੀ ਬੇਖ਼ਬਰ ਉਸਦੇ ਵਾਰਸਾਂ ਨੂੰ ਜਾਣੂ ਕਰਵਾਇਆ ਸੀ।ਜਸਪ੍ਰੀਤ ਦੇ ਪਿਤਾ ਨੂੰ ਇਕ ਫੋਟੋ ਰਾਹੀਂ ਉਸ ਦੇ ਮ੍ਰਿਤਕ ਸਰੀਰ ਦੀ ਪਹਿਚਾਣ ਕਰਵਾਉਣ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਸਹਿਯੋਗ ਆਪਣੀ ਦੇਖ-ਰੇਖ `ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਜਸਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ।ਡਾ. ਓਬਰਾਏ ਨੇ ਦੱਸਿਆ ਕਿ ਜਸਪ੍ਰੀਤ ਦੇ ਵੱਡੇ ਭਰਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਇਹ ਆਪਣੇ ਮਾਪਿਆਂ ਦਾ ਇਕਲੌਤਾ ਸਹਾਰਾ ਸੀ।ਪਰਿਵਾਰ ਦੀ ਆਰਥਿਕ ਹਾਲਤ ਨੂੰ ਵੇਖਦਿਆਂ ਹੋਇਆ ਜਿਥੇ ਅੱਜ ਉਸਦੇ ਮ੍ਰਿਤਕ ਸਰੀਰ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਟਰੱਸਟ ਦੀ ਐਂਬੂਲੈਂਸ ਰਾਹੀਂ ਉਸ ਦੇ ਘਰ ਭੇਜਿਆ ਗਿਆ ਹੈ, ਉਥੇ ਹੀ ਸਸਕਾਰ ਮੌਕੇ ਟਰੱਸਟ ਦੀ ਬਠਿੰਡਾ ਇਕਾਈ ਵੱਲੋਂ ਪਹੁੰਚ ਕੇ ਜਸਪ੍ਰੀਤ ਦੇ ਪਰਿਵਾਰ ਦੇੇ ਗੁਜ਼ਾਰੇ ਲਈ ਮਹੀਨਾਵਾਰ ਪੈਨਸ਼ਨ ਦੀ ਸ਼ੁਰੂਆਤ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਜਸਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਕੀਤਾ ਹੈ।
ਪੀੜ੍ਹਤ ਪਰਿਵਾਰ ਨਾਲ ਹਵਾਈ ਅੱਡੇ `ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਮੀਤ ਪ੍ਰਧਾਨ ਸੀਸ਼ਪਾਲ ਸਿੰਘ ਲਾਡੀ ਤੇ ਖਜ਼ਾਨਚੀ ਨਵਜੀਤ ਘਈ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 352 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
ਹਵਾਈ ਅੱਡੇ ‘ਤੇ ਮ੍ਰਿਤਕ ਦੇਹ ਲੈਣ ਪਹੁੰਚੇ ਜਸਪ੍ਰੀਤ ਸਿੰਘ ਦੇ ਪਿਤਾ ਗੁਰਚਰਨ ਸਿੰਘ, ਮਾਮਾ ਸਿਕੰਦਰ ਸਿੰਘ, ਚਚੇਰਾ ਭਰਾ ਇਕਬਾਲ ਸਿੰਘ, ਚਾਚਾ ਇੰਦਰਜੀਤ ਸਿੰਘ ਤੋਂ ਇਲਾਵਾ ਕਸਬਾ ਮਹਿਰਾਜ ਦੀ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਆਦਿ ਨੇ ਡਾ. ਐਸ.ਪੀ ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕੀਤਾ।
Punjab Post Daily Online Newspaper & Print Media