Sunday, May 31, 2026

ਨੈਸ਼ਨਲ ਹਾਈਵੇਅ ਦੇ ਕੰਮਾਂ ‘ਚ ਲਿਆਂਦੀ ਜਾਵੇ ਤੇਜ਼ੀ – ਈ.ਟੀ.ਓ

ਦਿੱਲੀ-ਕਟੜਾ ਐਕਸਪ੍ਰੈਸ ਵੇਅ ਸਬੰਧੀ ਕੀਤੀ ਰਿਵਿਊ ਮੀਟਿੰਗ

ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸੜ੍ਹਕਾਂ ਦੇ ਜਾਲ ਦਾ ਅਹਿਮ ਰੋਲ ਹੁੰਦਾ ਹੈ ਤਾਂ ਜੋ ਸੂਬਿਆਂ ਦਾ ਇਕ ਦੂਜੇ ਨਾਲ ਸੜ੍ਹਕੀ ਰਾਬਤਾ ਹੋਣ ਨਾਲ ਵਪਾਰ ਵਿੱਚ ਵਾਧਾ ਹੋ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਵਿਭਾਗ ਮੰਤਰੀ ਪੰਜਾਬ ਨੇ ਦਿੱਲੀ-ਕਟੜਾ ਐਕਸਪ੍ਰੈਸ ਵੇਅ ਨੂੰ ਲੈ ਕੇ ਨੈਸ਼ਨਲ ਪ੍ਰਾਜੈਕਟ ਹਾਈਵੇ ਅਤੇ ਅੰਮ੍ਰਿਤਸਰ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਕਰਨ ਉਪਰੰਤ ਕੀਤਾ।
ਮੰਤਰੀ ਈ.ਟੀ.ਓ ਨੇ ਦੱਸਿਆ ਕਿ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੀ ਜ਼ਮੀਨ ਐਕਵਾਇਰ ਕਰਨ ਲਈ 1829 ਕਰੋੜ ਰੁਪਏ ਜਾਰੀ ਹੋਏ ਸਨ।ਇਸ ਵਿਚੋਂ ਹੁਣ ਤੱਕ 1647 ਕਰੋੜ ਰੁਪਏ ਸਬੰਧਤਾਂ ਨੂੰ ਵੰਡੇ ਜਾ ਚੁੱਕੇ ਹਨ।ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੈਸ਼ਨਲ ਹਾਈਵੇ ਦੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਵੀ ਢਿੱਲ-ਮਿੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਥਾਂ ਤੇ ਜਮੀਨ ਐਕਵਾਈਰ ਸਬੰਧੀ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਮਿਲ ਜੁਲ ਕੇ ਉਸਦਾ ਹੱਲ ਕੱਢਿਆ ਜਾਵੇ।ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੇ ਈ.ਟੀ.ਓ ਦੇ ਧਿਆਨ ਵਿੱਚ ਲਿਆਂਦਾ ਕਿ ਕੁੱਝ ਲੋਕਾਂ ਵਲੋਂ ਪੈਸੇ ਲੈ ਕੇ ਵੀ ਜ਼ਮੀਨ ਦਾ ਕਬਜ਼ਾ ਨਹੀਂ ਦਿੱਤਾ ਜਾ ਰਿਹਾ, ਜਿਸ ‘ਤੇ ਲੋਕ ਨਿਰਮਾਣ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਖੁਦ ਇਹ ਕੇਸ ਦੇਖਣ ਅਤੇ ਜਲਦ ਤੋਂ ਜਲਦ ਇਨਾਂ ਦਾ ਨਿਪਟਾਰਾ ਕਰਵਾਇਆ ਜਾਵੇੇ।
ਈ.ਟੀ.ਓ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਜ਼ਮੀਨ ਦੀ ਮਾਲਕੀ ਦਾ ਮੁਆਵਜ਼ਾ ਦੇਣ ਵਿੱਚ ਦੇਰ ਨਹੀਂ ਹੋਣੀ ਚਾਹੀਦੀ ਅਤੇ ਸਬੰਧਤ ਮਾਲਕਾਂ ਨੂੰ ਸਰਕਾਰ ਵਲੋਂ ਜੋ ਮੁਆਵਜ਼ਾ ਨਿਰਧਾਰਤ ਕੀਤਾ ਗਿਆ ਹੈ ਉਹੀ ਮਿਲਣਾ ਚਾਹੀਦਾ ਹੈ।ਉਨਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਜਮੀਨ ਦੇ ਮਾਲਕੀ ਰੇਟ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਗਲਤੀ ਹੈ ਤਾਂ ਉਹ ਆਰਬੀਟਰੇਟਰ ਕੋਲ ਜਾ ਸਕਦਾ ਹੈ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐਸ.ਡੀ.ਐਮ ਅੰਮ੍ਰਿਤਸਰ-1 ਅਤੇ 2 ਮਨਕੰਵਲ ਸਿੰਘ ਚਾਹਲ ਅਤੇ ਨਿਕਾਸ ਕੁਮਾਰ, ਐਸ.ਡੀ.ਐਮ ਬਾਬਾ ਬਕਾਲਾ ਅਮਨਦੀਪ ਸਿੰਘ, ਐਸ.ਡੀ.ਐਮ ਅਜਨਾਲਾ ਅਰਵਿੰਦਰਪਾਲ ਸਿੰਘ, ਜਿਲ੍ਹਾ ਮਾਲ ਅਫ਼ਸਰ ਤਪਨ ਭਨੋਟ, ਐਸ.ਪੀ ਹੈਡਕੁਆਟਰ ਸ੍ਰੀਮਤੀ ਜਸਵੰਤ ਕੌਰ, ਡੀ.ਐਸ.ਪੀ ਦਿਹਾਤੀ ਹਰਪ੍ਰੀਤ ਸਿੰਘ, ਐਸ.ਈ. ਲੋਕ ਨਿਰਮਾਣ ਵਿਭਾਗ ਇੰਦਰਜੀਤ ਸਿੰਘ, ਪ੍ਰੋਜੈਕਟ ਡਾਇਰੈਕਟਰ ਨੈਸ਼ਨਲ ਹਾਈਵੇਅ, ਰਾਕੇਸ਼ ਕੁਮਾਰ ਯਾਦਵ ਇੰਜੀ. ਵਿਸ਼ਾਲ ਗੌਤਮ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

 

 

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …