Sunday, December 22, 2024

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਪਿੰਡਾਂ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਦੌਰਾ

ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਮੁੱਖ ਸਕੱਤਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਬਲਾਕ ਅਟਾਰੀ ਦੇ ਪਿੰਡਾਂ ਰਾਮਪੁਰਾ, ਢੋਡੀਵਿੰਢ ਦਾ ਦੌਰਾ ਕਰਦਿਆਂ ਦੱਸਿਆ ਕਿ ਸਾਉਣੀ ਸੀਜ਼ਨ 2023 ਦੌਰਾਨ ਇਹਨਾਂ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀ ਇੱਕ ਵੀ ਘਟਨਾ ਨਹੀ ਹੋਈ ਅਤੇ ਇਹਨਾਂ ਪਿੰਡਾਂ ਦੇ ਕਿਸਾਨਾਂ ਨੇ ਜੀਰੋ ਬਰਨਿੰਗ ਦਾ ਟੀਚਾ ਸਫਲਤਾਪੂਰਵਕ ਹਾਸਲ ਕੀਤਾ।ਉਹਨਾਂ ਦੱਸਿਆ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਜ਼ੀਰੋ ਬਰਨਿੰਗ ਵਾਲੇ ਪਿੰਡਾਂ ਦੀ ਗਿਣਤੀ 280 ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤੁਸੀਂ ਸਾਰੇ ਵਧਾਈ ਦੇ ਪਾਤਰ ਹੋ ਜਿਨਾਂ ਨੇ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾ ਕੇ ਆਪਣੇ ਵਾਤਾਵਰਨ ਪ੍ਰੇਮੀ ਹੋਣ ਦਾ ਸਬੂਤ ਦਿੱਤਾ ਹੈ।ਥੋਰੀ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਸਨਮਾਨਿਤ ਵੀ ਕੀਤਾ ਜਾਵੇਗਾ।
ਥੋਰੀ ਨੇ ਦੱਸਿਆ ਕਿ ਅੱਗ ਲਗਾਉਣ ਨਾਲ ਜਿਥੇ ਸਾਡਾ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ, ਉਥੇ ਲੋਕਾਂ ਨੂੰ ਫੇਫੜੇ ਦੇ ਕੈਂਸਰ, ਚਮੜੀ ਰੋਗ ਹੋਣ ਦਾ ਖਦਸ਼ਾ ਵੀ ਜਿਆਦਾ ਹੁੰਦਾ ਹੈ।ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਨਾਲ ਜਿਥੇ ਦੁਰਘਟਨਾਵਾਂ ਵਿੱਚ ਵਾਧਾ ਹੁੰਦਾ ਹੈ, ਉਥੇ ਬੇਜ਼ੁਬਾਨ ਪੰਛੀ ਵੀ ਮਰਦੇ ਹਨ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਘੱਟ ਹੁੰਦੀ ਹੈ।ਅੱਗ ਲਗਾਉਣ ਨਾਲ ਮਿੱਟੀ ਦੇ ਮਿੱਤਰ ਕੀੜੇ ਵੀ ਨਸ਼ਟ ਹੁੰਦੇ ਹਨ ਅਤੇ ਖਾਦਾਂ ਦੀ ਵਰਤੋਂ ਜਿਆਦਾ ਹੋਣ ਨਾਲ ਅਨੇਕਾਂ ਬਿਮਾਰੀਆਂ ਪੈਦਾ ਹੁੰਦੀਆਂ ਹਨ।
ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਜਾਗਰੂਕ ਫੈਲਾਉੇਣ ਲਈ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਲਗਾਤਾਰ 40 ਦਿਨ 3 ਪ੍ਰਚਾਰ ਵੈਨਾਂ ਚਲਾਈਆਂ ਗਈਆਂ, ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਵੀ ਲਗਾਏ ਗਏ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪਿੰਡਾਂ ਵਿੱਚ ਅਨਾਊਂਸਮੈਟਾਂ ਵੀ ਕਰਵਾਈਆਂ ਗਈਆਂ।ਸਕੂਲਾਂ ਵਿੱਚ ਕੁਇਜ਼/ਪੇਂਟਿੰਗ ਮੁਕਾਬਲੇ ਕਰਵਾ ਕੇ ਵਿਦਿਆਰਥੀਆਂ ਨੂੰ ਵੀ ਜਾਗਰੂਕ ਕੀਤਾ ਗਿਆ ਤਾਂ ਜੋ ਵਿਦਿਆਰਥੀ ਆਪਣੇ ਮਾਪਿਆਂ ਅਤੇ ਪਿੰਡ ਵਾਸੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਸਕਣ। ਉਹਨਾਂ ਦੱਸਿਆ ਕਿ ਵਿਭਾਗ ਵਲੋਂ ਸਾਲ 2023 ਦੌਰਾਨ ਕਿਸਾਨਾਂ, ਪੰਚਾਇਤਾਂ, ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਐਫ.ਪੀ.ਓ ਨੂੰ ਪਰਾਲੀ ਦੀ ਸੰਭਾਲ ਕਰਨ ਲਈ 885 ਮਸ਼ੀਨਾਂ ਸਬਸਿਡੀ ਤੇ ਮੁਹੱਈਆ ਕਰਵਾਈਆ ਗਈਆਂ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐਕਸੀਐਨ ਪ੍ਰਦੂਸ਼ਣ ਬੋਰਡ ਸੁਖਦੇਵ ਸਿੰਘ, ਬਲਾਕ ਖੇਤੀਬਾੜੀ ਅਫਸਰ ਅਟਾਰੀ ਰਮਨ ਕੁਮਾਰ, ਏ.ਡੀ.ਓ ਅਮਰਦੀਪ ਸਿੰਘ, ਏ.ਈ.ਓ ਜਸਪਾਲ ਸਿੰਘ, ਗੁਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …