Sunday, August 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਗੱਤਕਾ ਅਤੇ ਬੈਂਡ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਗੁਰੂ ਜਸ ਗਾਇਨ ਕੀਤਾ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਸਮ ਪਾਤਸ਼ਾਹ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੀਵਨ ਲਾਸਾਨੀ ਅਤੇ ਪ੍ਰੇਰਣਾਦਾਇਕ ਹੈ।ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਖੰਡੇ ਬਾਟੇ ਦਾ ਅੰਮ੍ਰਿਤਪਾਨ ਕਰਕੇ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਨਗਰ ਕੀਰਤਨ ਦਾ ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਜੌੜਾ ਪਿੱਪਲ, ਬਜ਼ਾਰ ਲੁਹਾਰਾ, ਚੌਂਕ ਲਛਮਣਸਰ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ ਆਦਿ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਨਗਰ ਕੀਰਤਨ ਦੌਰਾਨ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ, ਮੈਨੇਜਰ ਬਘੇਲ ਸਿੰਘ, ਨਰਿੰਦਰ ਸਿੰਘ ਮਥਰੇਵਾਲ, ਇਕਬਾਲ ਸਿੰਘ ਮੁਖੀ, ਜਸਪਾਲ ਸਿੰਘ ਢੱਡੇ, ਨਿਸ਼ਾਨ ਸਿੰਘ ਜੱਫਰਵਾਲ, ਯੁਵਰਾਜ ਸਿੰਘ, ਗੁਰਤਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਭਲਕੇ ਸਜਾਏ ਜਾਣਗੇ ਜਲੌ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਭਲਕੇ 17 ਜਨਵਰੀ ਨੂੰ ਜਲੌ ਸਜਾਏ ਜਾਣਗੇ।ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਧਾਰਮਿਕ ਦੀਵਾਨ ਸੱਜਣਗੇ, ਜਿਸ ਵਿਚ ਰਾਗੀ, ਢਾਡੀ ਜਥੇ ਹਾਜ਼ਰੀ ਭਰਨਗੇ ਅਤੇ ਕਵੀ ਦਰਬਾਰ ਵੀ ਹੋਵੇਗਾ।ਰਾਤ ਸਮੇਂ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …