ਅੰਮ੍ਰਿਤਰਸਰ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਵਲੋਂ ਸਿੱਖ ਦੇ ਨਾਮ ਪਿੱਛੇ ‘ਸਿੰਘ’
ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫੈਸਲੇ ‘ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਦੀ ਪਰਿਭਾਸ਼ਾ ਦੁਨੀਆਵੀ ਅਦਾਲਤਾਂ ਦੇ ਅਧੀਨ ਨਹੀਂ ਹੈ, ਸਗੋਂ ਇਹ ਗੁਰੂ ਬਖਸ਼ੀ ਰਹਿਣੀ ’ਤੇ ਅਧਾਰਿਤ ਹੈ।ਇਸ ਪਿੱਛੇ ਸਿੱਖਾਂ ਦਾ ਸ਼ਾਨਾਮੱਤਾ ਇਤਿਹਾਸ, ਸਿਧਾਂਤ ਅਤੇ ਪਰੰਪਰਾਵਾਂ ਹਨ।ਉਨ੍ਹਾਂ ਕਿਹਾ ਕਿ ਸਿੱਖ ਦਾ ਨਾਮ ਸਿੰਘ ਜਾਂ ਕੌਰ ਤੋਂ ਬਿਨਾਂ ਕਿਆਸ ਹੀ ਨਹੀਂ ਕੀਤਾ ਜਾ ਸਕਦਾ, ਇਸ ਲਈ ਜੰਮੂ ਕਸ਼ਮੀਰ ਹਾਈਕੋਰਟ ਦੀ ਟਿੱਪਣੀ ਸਿੱਧੇ ਤੌਰ ’ਤੇ ਸਿੱਖ ਕਦਰਾਂ ਕੀਮਤਾਂ ਅਤੇ ਸਿੱਖ ਰਹਿਣੀ ਦੇ ਬਿਲਕੁੱਲ ਵਿਰੁੱਧ ਹੈ।
ਐਡਵੋਕੇਟ ਧਾਮੀ ਨੇ ਆਖਿਆ ਕਿ ਭਾਵੇਂ ਜੰਮੂ ਕਸ਼ਮੀਰ ਹਾਈਕੋਰਟ ਦਾ ਫੈਸਲਾ ਉਥੋਂ ਦੇ ਅਖਨੂਰ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਹੈ, ਪਰ ਇਸ ਨੇ ਸਿੱਖ ਸਿਧਾਂਤਾਂ ਅਤੇ ਰਵਾਇਤਾਂ ਦੇ ਉਲੰਘਣ ਦੇ ਨਾਲ-ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੀ ਸੱਟ ਮਾਰੀ ਹੈ।ਉਨਾਂ ਕਿਹਾ ਕਿ ਕਿਸੇ ਵੀ ਅਦਾਲਤ ਨੂੰ ਸਿੱਖਾਂ ਦੇ ਧਾਰਮਿਕ ਮਰਯਾਦਾ ਨਾਲ ਜੁੜੇ ਮਾਮਲੇ ’ਤੇ ਅਜਿਹੀ ਟਿੱਪਣੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਸੁਝਾਅ ਅਤੇ ਰਾਏ ਲਾਜ਼ਮੀ ਤੌਰ ’ਤੇ ਲੈਣੀ ਚਾਹੀਦੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਜੰਮੂ ਕਸ਼ਮੀਰ ਹਾਈਕੋਰਟ ਦੇ ਫੈਸਲੇ ਬਾਰੇ ਸ਼੍ਰੋਮਣੀ ਕਮੇਟੀ ਕਾਨੂੰਨੀ ਮਾਹਿਰਾਂ ਪਾਸੋਂ ਘੋਖ ਕਰਵਾ ਕੇ ਯੋਗ ਕਾਰਵਾਈ ਕਰੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media