Friday, June 28, 2024

ਦਿਲ, ਬਲੱਡ ਪ੍ਰੈਸ਼ਰ ਤੇ ਸ਼ੂਗਰ ਦੇ ਰੋਗੀ ਰੱਖਣ ਆਪਣਾ ਖਾਸ ਧਿਆਨ – ਡਾ: ਕਿਰਪਾਲ ਸਿੰਘ

ਸੰਗਰੂਰ, 20 ਜਨਵਰੀ (ਜਗਸੀਰ ਲੌਂਗੋਵਾਲ) – ਲਗਾਤਾਰ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਖਾਸ ਸਾਵਧਾਨੀਆਂ ਦੀ ਲੋੜ ਹੈ।ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਕੀਤਾ।ਉਨ੍ਹਾਂ ਕਿਹਾ ਕਿ ਸਰਦੀ ਵਿੱਚ ਜ਼ਿਆਦਾਤਰ ਸਾਡੇ ਬਜ਼ੁਰਗ ਅਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਉਹਨਾਂ ਨੂੰ ਸਰਦੀ ਲੱਗਣ ਨਾਲ ਕਈ ਤਰਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ।ਡਾ. ਕਿਰਪਾਲ ਸਿੰਘ ਨੇ ਕਿਹਾ ਕਿ ਬਜੁਰਗ, ਦਿਲ, ਬਲੱਡ ਪਰੈਸ਼ਰ ਅਤੇ ਸ਼ੂਗਰ ਦੇ ਰੋਗੀ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ‘ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ।ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨਿਮੋਨੀਆ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀਆਂ ਵੀ ਲੱਗ ਸਕਦੀਆਂ ਹਨ। ਇਸ ਲਈ ਬੱਚਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੁਰੀ ਤਰਾਂ ਸਰੀਰ ਢੱਕਣ ਵਾਲੇ ਗਰਮ ਕਪੜੇ ਪਾਉਣ ਦੇ ਨਾਲ ਸਿਰ ਤੇਂ ਟੋਪੀ ਅਤੇ ਪੈਰਾਂ ਵਿੱਚ ਜ਼ੁਰਾਬਾਂ ਜਰੂਰ ਪਾਈਆਂ ਜਾਣ।
ਉਹਨਾਂ ਕਿਹਾ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ‘ਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ ਕਿਉਂਕਿ ਇਸ ਤਰਾਂ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ।ਉਨ੍ਹਾਂ ਦੱਸਿਆ ਕਿ ਅਸਥਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ਼ ਬਹੁਤੀ ਠੰਡ ਹੋਣ `ਤੇ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਅਤੇ ਖੁਰਾਕ ਵਿੱਚ ਵੀ ਗਰਮ ਚੀਜਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ।
ਇਸ ਮੋਸਮ ਵਿੱਚ ਗਰਮ ਕਪੜੇ ਦੋ ਜਾਂ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ।ਸ਼ਰੀਰ ਵਿੱਚ ਪਾਣੀ ਦੀ ਘਾਟ ਨੂੰ ਪੁਰਾ ਕਰਨ ਲਈ ਥੋੜੇ ਥੋੜੇ ਸਮੇਂ ਜਾ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ ਅਤੇ ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ।ਉਹਨਾਂ ਕਿਹਾ ਕਿ ਸਰਦੀ ਲੱਗਣ ਨਾਲ ਆਮ ਤੋਰ ‘ਤੇ ਫਲੂ ਹੋ ਜਾਂਦਾ ਹੈ।ਠੰਡ ਵਿੱਚ ਕੰਬਣੀ ਆਉਣ ਨੂੰ ਨਜ਼ਰਅੰਦਾਜ ਨਹੀ ਕਰਨਾ ਚਾਹੀਦਾ ਕਿਉਂਕਿ ਇਹ ਪਹਿਲਾ ਸੰਕੇਤ ਹੈ ਕਿ ਤੁਹਾਡਾ ਸ਼ਰੀਰ ਗਰਮੀ ਗਵਾ ਰਿਹਾ ਹੈ।ਉਹਨਾਂ ਕਿਹਾ ਕਿ ਇਸ ਮੌਸਮ ਵਿੱਚ ਹਰੀਆਂ ਸਬਜ਼ੀਆਂ ਜਿਵੇਂ ਕਿ ਗਾਜਰ, ਮੂਲੀ ਅਤੇ ਪਾਲਕ ਆਦਿ ਹਰੀਆਂ ਸਬਜ਼਼ੀਆਂ ਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਜੰਕ ਫੂਡ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ।

Check Also

ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਹੇਠ ਆਯੋਜਿਤ ਲੋਕ ਸੁਵਿਧਾ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ …