Thursday, April 9, 2026

ਗੁਰੂ ਨਗਰੀ ਦੀ ਸਾਫ਼ ਸਫਾਈ ਵੱਲ ਵੱਡੇ ਧਿਆਨ ਦੀ ਲੋੜ – ਔਜਲਾ

ਬੀ.ਆਰ.ਟੀ.ਐਸ ਬੱਸਾਂ ਛੇਤੀ ਸ਼ਰੂ ਕੀਤੀਆਂ ਜਾਣ ਤੇ ਚੌਂਕਾਂ ਵਿੱਚ ਬਣਾਏ ਉਚੇ ਸਪੀਡ ਬ੍ਰੇਕਰ ਹਟਾਏ ਜਾਣ – ਡਿੰਪਾ, ਕੁੰਵਰ

ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਵਿਕਾਸ ਕੰਮਾਂ ਦਾ ਰੀਵਿਊ ਕਰਨ ਲਈ ਜਿਲ੍ਹਾ ਵਿਕਾਸ ਤੇ ਕੁਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਵਿੱਚ ਸਫਾਈ ਦਾ ਸਥਾਈ ਪ੍ਰਬੰਧ ਯਕੀਨੀ ਬਣਾਇਆ ਜਾਵੇ।ਉਨਾਂ ਕਿਹਾ ਕਿ ਰਣਜੀਤ ਐਵੀਨਿਊ ਵਿਖੇ ਕੂੜੇ ਦੀਆਂ ਗੱਡੀਆਂ ਦੀ ਪਾਰਕਿੰਗ ਤੁਰੰਤ ਬੰਦ ਕੀਤੀ ਜਾਵੇ।
ਔਜਲਾ ਨੇ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿੰਨੇ ਵੀ ਅੰਡਰਪਾਸ ਬਣਾਏ ਜਾ ਰਹੇ ਹਨ, ਉਹ 5.5 ਮੀਟਰ ਦੇ ਹੋਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ।ਉਨਾਂ ਕਿਹਾ ਕਿ ਨਿਤਿਨ ਗਡਕਰੀ ਕੇਂਦਰੀ ਸੜਕੀ ਆਵਾਜਾਈ ਮੰਤਰੀ ਦੇ ਅੰਮ੍ਰਿਤਸਰ ਦੌਰੇ ਦੌਰਾਨ ਨੈਸ਼ਨਲ ਹਾਈਵੇ ਦੇ ਜੋ ਮੁੱਦੇ ਉਨਾਂ ਦੇ ਧਿਆਨ ਵਿੱਚ ਲਿਆਂਦੇ ਸਨ।ਉਨਾਂ ਦੇ ਪ੍ਰੋਜੈਕਟ ਦਾ ਵੇਰਵਾ ਦਿੱਤਾ ਜਾਵੇ ਤਾਂ ਜੋ ਉਹ ਮੰਤਰਾਲੇ ਦੇ ਧਿਆਨ ਵਿੱਚ ਲਿਆ ਕੇ ਉਨਾਂ ਨੂੰ ਪ੍ਰਵਾਨ ਕਰਵਾ ਸਕਣ।ਔਜਲਾ ਨੇ ਸ਼ਹਿਰ ਦੀਆਂ ਡਰੇਨਾਂ, ਜਿਨਾਂ ਵਿੱਚ ਤੁੰਗ ਢਾਬ, ਮਾਨਾਂਵਾਲਾ, ਭਗਤਾਂਵਾਲਾ ਅਤੇ ਤਰਨ ਤਾਰਨ ਸੜ੍ਹਕ ’ਤੇ ਸਥਿਤ ਡਰੇਨ ਸ਼ਾਮਲ ਹੈ, ਵਿੱਚ ਪੈਂਦੇ ਸਨਅਤਾਂ ਦੇ ਗੰਦੇ ਪਾਣੀ ਉਤੇ ਚਿੰਤਾ ਜ਼ਾਹਿਰ ਕਰਦੇ ਇਨਾਂ ਦਾ ਸਾਰਥਿਕ ਹੱਲ ਲੱਭਣ ਲਈ ਕਿਹਾ।
ਕਮੇਟੀ ਦੇ ਸਹਾਇਕ ਚੇਅਰਮੈਨ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਬੀ.ਆਰ.ਟੀ.ਐਸ ਬੱਸ ਸੇਵਾ ਨੂੰ ਮੁੜ ਚਾਲੂ ਕਰਨ ’ਤੇ ਜੋਰ ਦਿੱਤਾ।ਡਿੰਪਾ ਨੇ ਨੈਸ਼ਨਲ ਹਾਈਵੇ ਲਈ ਐਕਵਾਈਰ ਕੀਤੀਆਂ ਜਮੀਨਾਂ ਦਾ ਯੋਗ ਮੁਆਵਜ਼ਾ ਕਿਸਾਨਾਂ ਨੂੰ ਤੁਰੰਤ ਰਲੀਜ਼ ਕਰਨ ਦੀ ਵੀ ਹਦਾਇਤ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਅਧਿਕਾਰੀਆਂ ਕੋਲੋਂ ਲਿਆ।ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕੂੜੇ ਦੀ ਲਿਫਟਿੰਗ ਨੂੰ ਵਧਾਉਣ ਲਈ ਹੋਰ ਨਵੀਂਆਂ ਗੱਡੀਆਂ ਸਬੰਧਤ ਕੰਪਨੀ ਵੱਲੋਂ ਲਗਾਈਆਂ ਜਾਣ।ਸ਼ਹਿਰ ਦੇ ਵੱਡੇ ਚੌਂਕਾਂ ਵਿੱਚ ਬਣਾਏ ਉੱਚੇ ਸਪੀਡ ਬ੍ਰੇਕਰ (ਟੇਬਲ ਟਾਪ) ਨੂੰ ਹਟਾਉਣ ‘ਤੇ ਜ਼ੋਰ ਦਿੰਦਿਆ ਕਿਹਾ ਕਿ ਜਨਤਾ ਦੀ ਰਾਇ ਲਏ ਬਿਨਾਂ ਅਜਿਹੇ ਕੰਮ ਕਰਵਾਉਣ ਵਾਲੇ ਅਧਿਕਾਰੀ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇ।ਉਨਾਂ ਕੂੜਾ ਇਕੱਠਾ ਕਰਨ ਵਾਲੀ ਕੰਪਨੀ ਵਿੱਚ ਮੁਲਾਜ਼ਮਾਂ ਦੇ ਹੋ ਰਹੇ ਸ਼ੋਸ਼ਣ ਦਾ ਮੁੱਦਾ ਵੀ ਉਠਾਉਂਦਿਆਂ, ਇਸਦੀ ਰਿਪੋਰਟ ਮੰਗੀ।ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਕਾਰਜ ਮਿਥੇ ਸਮੇਂ ਅੰਦਰ ਪੂਰੇ ਕੀਤੇ ਜਾਣ।
ਮੀਟਿੰਗ ਦੌਰਾਨ ਨੈਸ਼ਨਲ ਹੈਲਥ ਮਿਸ਼ਨ, ਸਵੱਛ ਭਾਰਤ ਮਿਸ਼ਨ, ਆਜੀਵਕਾ ਮਿਸ਼ਨ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਹੈਲਥ ਕਾਰਡ, ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ, ਬੇਟੀ ਬਚਾਓ-ਬੇਟੀ ਪੜਾਓ ਅਤੇ ਹੋਰ ਵੱਖ-ਵੱਖ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਵੀ ਲਿਆ ਗਿਆ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਮੇਟੀ ਮੈਂਬਰਾਂ ਵਲੋਂ ਉਠਾਏ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦੇ ਕੰਮਾਂ ਨੂੰ ਨਿਸਚਿਤ ਸਮੇਂ ਵਿੱਚ ਪੂਰੇ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਜੋ ਵੀ ਅਧਿਕਾਰੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਕਰੇਗਾ ਉਸ ਵਿਰੁੱਧ ਵਿਭਾਗੀ ਕਾਰਵਾਈ ਲਈ ਲਿਖਿਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਐਸ.ਡੀ.ਐਮ ਨਿਕਾਸ ਕੁਮਾਰ, ਐਸ.ਡੀ.ਐਮ ਡਾ. ਹਰਨੂਰ ਕੌਰ, ਐਸ.ਡੀ.ਐਮ ਅਰਵਿੰਦਰਪਾਲ ਸਿੰਘ, ਸਹਾਇਕ ਕਮਿਸ਼ਨਰ ਵਿਵੇਕ ਮੋਦੀ, ਜਾਇੰਟ ਕਮਿਸ਼ਨਰ ਹਰਦੀਪ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …