Friday, July 5, 2024

ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ

ਕਿਹਾ, ਸ੍ਰੀ ਦਰਬਾਰ ਸਾਹਿਬ ਦੇ ਨੇੜਲੇ ਇਲਾਕੇ ਨੂੰ 2 ਮਹੀਨਿਆਂ ‘ਚ ਕੂੜਾ ਮੁਕਤ ਕੀਤਾ ਜਾਵੇ 

ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਗੁਰਮੀਤ ਸਿੰਘ ਹੇਅਰ, ਜਿੰਨਾ ਨੂੰ ਅੰਮ੍ਰਿਤਸਰ ਤੇ ਤਰਨਤਾਰਨ ਜਿਲ੍ਹਿਆਂ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੌਂਪੀ ਗਈ ਹੈ, ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ‘ਤੇ ਅੰਮ੍ਰਿਤਸਰ ਪੁੱਜੇ।ਉਨਾਂ ਨੇ ਮੀਟਿੰਗ ਵਿੱਚ ਜਿਲ੍ਹਾ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇ।ਮੰਤਰੀ ਹੇਅਰ ਨੇ ਕਿਹਾ ਕਿ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਆਲ੍ਹੇ ਦੁਆਲੇ ਨੂੰ ਕੂੜੇ ਤੋਂ ਮੁਕਤ ਕੀਤਾ ਜਾਵੇ ਅਤੇ ਇਸ ਇਲਾਕੇ ਦੇ ਕੂੜੇ ਨੂੰ ਗਿੱਲਾ ਅਤੇ ਸੁੱਕਾ ਦੋ ਹਿੱਸਿਆਂ ਵਿੱਚ ਚੁੱਕਣ ਦਾ ਪ੍ਰਬੰਧ ਦੋ ਮਹੀਨਿਆਂ ਵਿੱਚ ਪੂਰਾ ਕਰ ਲਿਆ ਜਾਵੇ।ਉਨਾਂ ਕਿਹਾ ਕਿ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਨਾ ਹੋਵੇ।ਉਨਾਂ ਕਿਹਾ ਕਿ ਇਸ ਗੱਲ ‘ੱਤੇ ਧਿਆਨ ਕੇਂਦਰਿਤ ਕੀਤਾ ਜਾਵੇ ਕਿ ਲੋਕਾਂ ਦੇ ਕੰਮ ਸਮੇਂ ਸਿਰ ਹੋਣ।ਸ਼ਹਿਰ ਵਿੱਚ ਕੂੜਾ ਪ੍ਰਬੰਧਨ ਦਾ ਹਵਾਲਾ ਦੇਂਦੇ ਹੋਏ ਉਨਾਂ ਕਾਰਪੋਰੇਸ਼ਨ ਅਧਿਕਾਰੀਆਂ ਨੂੰ ਅਗਲੀ ਮੀਟਿੰਗ ਤੱਕ ਵਿਸਥਾਰਤ ਰਿਪੋਰਟ ਦੇਣ ਲਈ ਕਿਹਾ।ਮੀਤ ਹੇਅਰ ਨੇ ਆਖਿਆ ਕਿ ਸਾਫ-ਸੁਥਰਾ ਵਾਤਾਵਰਣ ਸਿਰਜਣ ਦਾ ਜ਼ਿੰਮਾ ਸਾਡਾ ਸਾਰਿਆਂ ਦਾ ਹੈ ਅਤੇ ਇਹ ਭਵਿੱਖ ਲਈ ਜ਼ਰੂਰੀ ਹੈ।ਉਨਾਂ ਨੇ ਜਿਲ੍ਹੇ ਵਿੱਚ ਬਣ ਰਹੇ ਯੂਨਿਟੀ ਮਾਲ, ਸਵਦੇਸ਼ ਦਰਸ਼ਨ ਅਧੀਨ ਹੋ ਰਹੇ ਕੰਮ, ਸਮਾਰਟ ਸਿਟੀ, ਮਨਰੇਗਾ, ਲੋਕ ਨਿਰਮਾਣ ਵਿਭਾਗ, ਪੰਚਾਇਤ ਵਿਭਾਗ ਅਤੇ ਹੋਰ ਵਿਭਾਗਾਂ ਵਿੱਚ ਚੱਲ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ।
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਟਾਰੀ ਸਰਹੱਦ ਵਿਖੇ ਰੋਜ਼ਾਨਾ ਆਉਂਦੇ ਹਜ਼ਾਰਾਂ ਸੈਲਾਨੀਆਂ ਦੀ ਸਹੂਲਤ ਲਈ ਵਧੀਆ ਬੁਨਿਆਦੀ ਢਾਂਚਾ ਵਿਕਸਿਤ ਕਰਨ ‘ਤੇ ਜ਼ੋਰ ਦਿੱਤਾ।ਉਨਾਂ ਕਿਹਾ ਕਿ ਪਿੰਡਾਂ ਵਿੱਚ ਮਨਰੇਗਾ ਅਧੀਨ ਵੱਧ ਤੋਂ ਵੱਧ ਕੰਮ ਕਰਵਾ ਕੇ ਜਿੱਥੇ ਪਿੰਡਾਂ ਨੂੰ ਵਿਕਸਿਤ ਕੀਤਾ ਜਾਵੇ, ਉਥੇ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣ।ਮੰਤਰੀ ਧਾਲੀਵਾਲ ਨੇ ਸ਼ਹਿਰਾਂ ਤੇ ਪਿੰਡਾਂ ਵਿੱਚ ਹਰੇਕ ਵਿਭਾਗ ਵੱਲੋਂ ਕਰਵਾਏ ਜਾਂਦੇ ਕੰਮਾਂ ਦੇ ਵੇਰਵੇ ਲਏ ਅਤੇ ਉਸ ਉਤੇ ਵਿਸਥਾਰ ਵਿੱਚ ਚਰਚਾ ਕੀਤੀ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹਾ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਜੋ ਵੀ ਆਦੇਸ਼ ਪ੍ਰਾਪਤ ਹੋਣਗੇ, ਸਾਰੇ ਅਧਿਕਾਰੀ ਉਸ ‘ਤੇ ਇਮਾਨਦਾਰੀ ਨਾਲ ਕੰਮ ਕਰਨਗੇ।
ਮੀਟਿੰਗ ਵਿੱਚ ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਪਰਮਜੀਤ ਕੌਰ, ਸ੍ਰੀਮਤੀ ਅਮਨਦੀਪ ਕੌਰ, ਐਸ.ਡੀ.ਐਮ ਸਾਹਿਬਾਨ, ਆਰ.ਟੀ.ਏ ਅਰਸ਼ਦੀਪ ਸਿੰਘ, ਚੇਅਰਮੈਨ ਜਸਪ੍ਰੀਤ ਸਿੰਘ, ਡਾਇਰੈਕਟਰ ਲੋਕ ਸੰਪਰਕ ਜੀ.ਐਨ.ਡੀ.ਯੂ ਪਰਵੀਨ ਪੁਰੀ ਅਤੇ ਜਿਲ੍ਹੇ ਦੇ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …