ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਜਿਲ੍ਹਾ ਪਠਾਨਕੋਟ ਦੇ ਵਾਸੀਆਂ ਨੂੰ ਵਧਾਈ ਦਿੰਦਿਆਂ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਪੰਜਾਬ ਨੇ ਕਿਹਾ ਕਿ ਇਸ ਮੁਬਾਰਕ ਮੌਕੇ ਉਹ ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਲੰਬੇ ਸੰਘਰਸ਼ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਦਿਲੋਂ ਸ਼ਰਧਾ ਅਤੇ ਸਤਿਕਾਰ ਭੇਟ ਕਰਦੇ ਹਨ।ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਨੀ (ਪਠਾਨਕੋਟ) ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਅਪਣੇ ਸੰਬੋਧਨ ‘ਚ ਉਨਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀ ਸੂਰਬੀਰਾਂ ਨੇ ਹੀ ਦਿੱਤੀਆਂ ਅਤੇ ਸਾਨੂੰ ਇਸ ਗੱਲ ਦਾ ਮਾਣ ਹੈ।ਸਮਾਗਮ ਵਿੱਚ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ, ਦਲਜਿੰਦਰ ਸਿੰਘ ਢਿੱਲੋਂ ਐਸ.ਐਸ.ਪੀ ਪਠਾਨਕੋਟ, ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਮੇਜਰ ਡਾ. ਸੁਮਿਤ ਮੁਧ ਚੀਫ ਮਨਿਸਟਰਜ਼ ਫੀਲਡ ਅਫਸਰ-ਕਮ-ਐਸ.ਡੀ.ਐਮ ਪਠਾਨਕੋਟ, ਜਿਉਤਸਨਾ ਸਿੰਘ ਪੀ.ਸੀ.ਐਸ, ਅਸ਼ਵਨੀ ਸ਼ਰਮਾ ਵਿਧਾਇਕ ਪਠਾਨਕੋਟ, ਵਿਭੂਤੀ ਸ਼ਰਮਾ ਚੇਅਰਮੈਨ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸਨ, ਸੁਨੀਲ ਗੁਪਤਾ ਚੇਅਜਰਮੈਨ ਪੈਸਕੋ, ਸਾਹਿਬ ਸਿੰਘ ਸਾਬਾ, ਮਨੋਹਰ ਠਾਕੁਰ ਕਲਭੂਸ਼ਣ ਕੁਮਾਰ, ਰੇਖਾ ਮਨੀ ਸ਼ਰਮਾ ਮਹਿਲਾ ਵਿੰਗ ਜਿਲ੍ਹਾ ਪ੍ਰਧਾਨ ਪਠਾਨਕੋਟ, ਸਾਬਕਾ ਕੈਬਨਿਟ ਮੰਤਰੀ ਮਾਸਟਰ ਮੋਹਣ ਲਾਲ ਆਦਿ ਹਾਜ਼ਰ ਸਨ।ਜਿਕਰਯੋਗ ਹੈ ਕਿ ਮੁੱਖ ਮਹਿਮਾਨ ਖੁਡੀਆਂ ਵਲੋਂ ਤਿਰੰਗਾਂ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਅਤੇ ਹਵਾ ਵਿੱਚ ਗੁਬਬਾਰੇ ਛੱਡ ਕੇ ਜਿਲ੍ਹਾ ਨਿਵਾਸੀਆ ਨੂੰ 75ਵੇਂ ਗਣਤੰਤਰ ਦਿਵਸ ਦੀਆਂ ਮੁਬਾਰਕਵਾਦ ਦਿੱਤੀ।
ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਉਹ ਸਲਾਮ ਕਰਦੇ ਹਨ, ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ।ਉਹ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵਡਮੁੱਲੇ ਯੋਗਦਾਨ ਨੂੰ ਵੀ ਸਿਜ਼ਦਾ ਕਰਦਾ ਹਨ।ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ 80 ਫੀਸਦੀ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ।ਸਾਡੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਸੰਕਲਪ ਹੈ।ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ।ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂ ਵੀ ਸ਼ਾਮਲ ਕੀਤਾ ਹੈ।ਸਾਡੀ ਸਰਕਾਰ ਨੇ ਪਹਿਲੀ ਤੇ ਦੂਜੀ ਵਿਸ਼ਵ ਜੰਗ ਵਿੱਚ ਹਿੱਸਾ ਲੈਣ ਵਾਲੇ 65 ਸਾਲ ਤੋਂ ਵੱਧ ਉਮਰ ਵਾਲੇ ਸਾਬਕਾ ਸੈਨਿਕਾਂ/ ਜੰਗੀ ਵਿਧਵਾਵਾਂ ਦੀ ਵਿੱਤੀ ਸਹਾਇਤਾ ਮੌਜ਼ੂਦਾ 6000 ਤੋਂ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ।ਮਾਨ ਸਰਕਾਰ ਨੇ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਹੁਣ ਤੱਕ ਕਰੀਬ 550 ਭ੍ਰਿਸ਼ਟਾਚਾਰੀਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਅੰਦਰ ਸਰਨਾ ਵਿਖੇ 8 ਕਰੋੜ ਰੁਪਏ ਦੀ ਲਾਗਤ ਨਾਲ ਸਰਕਟ ਹਾਊਸ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ।7 ਕਰੋੜ 29 ਲੱਖ ਰੁਪਏ ਖਰਚ ਕਰਕੇ ਗੁਰਦੁਵਾਰਾ ਬਾਰਠ ਸਾਹਿਬ ਨੂੰ ਜਾਂਦੀ ਸੜਕ ‘ਤੇ 61.50 ਮੀਟਰ ਹਾਈ ਲੈਵਲ ਪੁੱਲ ਦੀ ਉਸਾਰੀ ਕੀਤੀ ਗਈ ਹੈ।ਜ਼ਿਲ੍ਹੇ ਅੰਦਰ ਚੱਕੀ ਰੇਲਵੇ ਸਟੇਸ਼ਨ ਨੇੜੇ 59 ਕਰੋੜ 10 ਲੱਖ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬ੍ਰਿਜ਼ ਦੀ ਉਸਾਰੀ ਦਾ ਕੰਮ ਕਰਵਾਇਆ ਜਾ ਰਿਹਾ ਹੈ।ਕੋਰਟ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਸੁਜਾਨਪੁਰ ਵਿਖੇ ਕਰੀਬ 13.50 ਕਰੋੜ ਖਰਚ ਕਰਕੇ ਸਰਕਾਰੀ ਕਾਲਜ ਸੁਜਾਨਪੁਰ ਦੀ ਉਸਾਰੀ ਦਾ ਕੰਮ ਲਗਭਗ 93 ਪ੍ਰਤੀਸ਼ਤ ਮੁਕੰਮਲ ਹੋ ਚੁੱਕਾ ਹੈ।
ਜ਼ਿਲ੍ਹੇ ਵਿੱਚ ਕੁੱਲ 12 ਆਮ ਆਦਮੀ ਕਲੀਨਿਕ ਚੱਲ ਰਹੇ ਹਨ।ਅੱਜ ਦੇ ਜਿਲ੍ਹਾ ਪੱਧਰੀ ਸਮਾਰੋਹ ਦੋਰਾਨ ਵੱਖ ਵੱਖ ਸਕੂਲਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਸੀ.ਐਮ ਦੀ ਯੋਗਸ਼ਾਲਾ, ਵੱਖ-ਵੱਖ ਸਕੂਲਾਂ ਕਾਲਜ਼ਾਂ ਦੀਆਂ ਵਿਦਿਆਰਥਣਾਂ ਵਲੋਂ ਗਿਧਾ ਅਤੇ ਨੋਜਵਾਨਾਂ ਵਲੋਂ ਭੰਗੜਾ ਪੇਸ਼ ਕੀਤਾ ਗਿਆ।ਪੰਜਾਬ ਪੁਲਿਸ ਦੀਆਂ ਦੋ ਟੁਕੜੀਆਂ, ਮਹਿਲਾ ਪੁਲਿਸ, ਹੋਮ ਗਾਰਡ ਅਤੇ ਸਕੂਲਾਂ ਦੀਆਂ ਐਨ.ਸੀ.ਸੀ ਪੈਲਟੂਨ ਵਲੋਂ ਮਾਰਚ ਪਾਸਟ ਕੀਤਾ ਗਿਆ। ਇਸ ਮੋਕੇ ਤੇ ਸੱਭਿਅਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਸਕੂਲਾਂ, ਮਾਰਚ ਪਾਸਟ ਵਿੱਚ ਭਾਗ ਲੈਣ ਵਾਲੇ ਪੈਲਟੂਨ ਕਮਾਂਡਰਾਂ, ਸਿੱਖਿਆ ਵਿਭਾਗ ਅੰਦਰ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ, ਖੇਡ ਵਿਭਾਗ ਵੱਲੋਂ ਜਿਲ੍ਹੇ ਪਠਾਨਕੋਟ ਦਾ ਨਾਮ ਰੋਸ਼ਨ ਕਰਨ ਅਤੇ ਅਧਿਕਾਰੀਆਂ ਨੂੰ ਵਧੀਆ ਗਾਰਗੁਜ਼ਾਰੀ ਲਈ ਯਾਦਗਾਰ ਚਿਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਨੂੰ ਯਾਦਗਾਰ ਚਿੰਨ੍ਹ ਅਤੇ ਦੋਸਾਲਾ ਭੇਂਟ ਕੀਤਾ।ਮੰਤਰੀ ਖੁਡੀਆਂ ਵਲੋਂ ਜਿਲ੍ਹੇ ‘ਚ ਛੂੱਟੀ ਦਾ ਐਲਾਨ ਕੀਤਾ ਗਿਆ।