ਅੰਮ੍ਰਿਤਸਰ, 28 ਦਸੰਬਰ ( ਪ੍ਰੀਤਮ ਸਿੰਘ)-ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਖਾਲਸਾ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਧਾਰਮਿਕ ਸ਼ਰਧਾ ਨਾਲ ਮਨਾਇਆ ਗਿਆ। ਜਿਸ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ‘ਤੇ ਹਾਜ਼ਰੀ ਲਵਾਈ। ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ‘ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ’ ਅਤੇ ‘ਬੋਲੋ ਸੌ ਨਿਹਾਲ, ਸਤਿ ਸ੍ਰੀ ਅਕਾਲ’ ਆਦਿ ਸ਼ਬਦ ਗਾਇਨ ਕਰਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ।
ਸ: ਛੀਨਾ ਨੇ ਇਸ ਪਵਿੱਤਰ ਦਿਹਾੜੇ ‘ਤੇ ਦੇਸ਼-ਵਿਦੇਸ਼ ਵਿੱਚ ਵੱਸਦੀ ਸਮੂੰਹ ਸੰਗਤ ਨੂੰ ਵਧਾਈ ਦਿੰਦਿਆ ੩੩ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜ਼ੁਲਮ ਦੇ ਖਾਤਮੇ ਅਤੇ ਕੌਮ ਦੀ ਰੱਖਿਆ ਲਈ ਆਪਣਾ ਸਰਬੰਸ ਵਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਅਜੋਕੇ ਸਮੇਂ ਵਿੱਚ ਸਾਡੀ ਦੇਸ਼ ਵਿੱਚ ਨਸ਼ਾਖੋਰੀ, ਭਰੂਣ ਹੱਤਿਆ ਅਤੇ ਦਾਜ ਵਰਗੀਆਂ ਕਈ ਅਣਗਿਣਤ ਕੁਰੀਤੀਆਂ ਨੇ ਜਨਮ ਲੈ ਲਿਆ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ।
ਇਸ ਮੌਕੇ ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਮੁੱਖੀ ਸ: ਇੰਦਰਜੀਤ ਸਿੰਘ ਗੋਗੋਆਣੀ ਨੇ ਬਾਦਸ਼ਾਹ ਦਰਵੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਮੌਕੇ ਸ: ਛੀਨਾ ਨੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲਕੇ ਕੀਰਤਨ ਗਾਇਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਉਪਰੰਤ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਣ, ਸ: ਅਨੂਪ ਸਿੰਘ, ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿਲੋਂ, ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰਸੀਪਲ ਡਾ. ਅਮਰਪਾਲ ਸਿੰਘ, ਖਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਤੇਜਿੰਦਰ ਕੌਰ ਬਿੰਦਰਾ, ਖਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੰਬੋਜ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਦੇਵਿੰਦਰ ਕੌਰ ਸੰਧੂ, ਕੌਂਸਲ ਦੇ ਅੰਡਰ ਸੈਕਟਰੀ ਡੀ. ਐੱਸ. ਰਟੌਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …