Thursday, February 22, 2024

ਈਰਾਨ ਦਾ ਵਫ਼ਦ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਾ

ਜਥੇਦਾਰ ਗਿ. ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 6 ਫ਼ਰਵਰੀ (ਜਗਦੀਪ ਸਿੰਘ) – ਇਰਾਨ ਦੇ ਇੱਕ ਵਫ਼ਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਕੇਂਦਰੀ ਸਿੱਖ ਅਸਥਾਨ ਦੇ ਦਰਸ਼ਨ ਕੀਤੇ।ਉਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਲਾਕਾਤ ਵੀ ਕੀਤੀ।
ਇਰਾਨ ਤੋਂ ਆਏ ਇਸ ਵਫ਼ਦ ਵਿੱਚ ਅਲ-ਮੁਸਤਫ਼ਾ ਅੰਤਰਰਾਸ਼ਟਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਅਲੀ ਅੱਬਾਸੀ, ਯੂਨੀਵਰਸਿਟੀ ਦੇ ਭਾਰਤ ਵਿੱਚ ਮੁੱਖ ਪ੍ਰਤੀਨਿਧੀ ਡਾ. ਰਜ਼ਾ ਸ਼ੇਕਰੀ, ਡਾ. ਅੱਬਾਸੀ ਦੇ ਨਿਜੀ ਸਹਾਇਕ ਡਾ. ਮੁਰਤਜ਼ਾ ਸ਼ਾਨੀ, ਯੂਨਵਰਸਿਟੀ ਦੇ ਡਿਪਟੀ (ਅੰਤਰਰਾਸ਼ਟਰੀ) ਡਾ. ਅਥਰ ਜਾਫ਼ਰੀ, ਦਿੱਲੀ ਯੂਨੀਵਰਸਿਟੀ ਤੋਂ ਡਾ. ਅਲੀ ਅਕਬਰ ਸ਼ਾਹ, ਸ਼ਾਮਲ ਸਨ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਓ.ਐਸ.ਡੀ ਸਤਬੀਰ ਸਿੰਘ ਧਾਮੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੰਜਾਬੀ ਭਾਸ਼ਾ ਪ੍ਰਚਾਰ ਕਮੇਟੀ ਦੇ ਕਨਵੀਨਰ ਰਜਿੰਦਰ ਸਿੰਘ ਵਿਰਾਸਤ ਵੀ ਮੌਜ਼ੂਦ ਰਹੇ।ਈਰਾਨ ਦੇ ਵਫ਼ਦ ਨੇ ਸਿੱਖ ਆਗੂਆਂ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਈਰਾਨ ਆ ਕੇ ਉਥੇ ਮੌਜ਼ੂਦ ਸਿੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੱਦਾ ਦਿੱਤਾ।ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਫ਼ਦ ਮੈਂਬਰਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨ ਦਿੱਤਾ ਗਿਆ।
ਵਫ਼ਦ ਨਾਲ ਮੁਲਾਕਾਤ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਈਰਾਨ ਦਾ ਇਹ ਵਫ਼ਦ ਉਥੋਂ ਦੀ ਯੂਨੀਵਰਸਿਟੀ ਦੇ ਨਾਲ ਸਬੰਧਤ ਸੀ, ਜਿਨ੍ਹਾਂ ਨਾਲ ਵੱਖ-ਵੱਖ ਖੇਤਰਾਂ ਵਿਚ ਸਾਂਝੇ ਯਤਨਾਂ ਤਹਿਤ ਕਾਰਜ਼ ਕਰਨ ਦੀ ਗੱਲਬਾਤ ਹੋਈ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਜੋ ਵੀ ਯੋਗ ਸੰਭਾਵਨਾਵਾਂ ਹੋਣਗੀਆਂ ਉਨ੍ਹਾਂ ’ਤੇ ਕਾਰਜ ਕਰਨ ਲਈ ਵਿਚਾਰ ਅੱਗੇ ਵਧਾਈ ਜਾਵੇਗੀ।
ਵਫ਼ਦ ਆਗੂ ਵਾਇਸ ਚਾਂਸਲਰ ਡਾ. ਅਲੀ ਅੱਬਾਸੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਦੇ ਹੋਰ ਧਰਮਾਂ ਸਮੇਤ ਸਿੱਖਾਂ ਨਾਲ ਵੀ ਈਰਾਨੀਆਂ ਦੀ ਆਪਸੀ ਸਾਂਝ ਹੈ, ਇਸ ਲਈ ਕਈ ਖੇਤਰਾਂ ਜਿਵੇਂ ਕਿ ਧਰਮ ਇਤਿਹਾਸ, ਫਾਰਸੀ ਭਾਸ਼ਾ, ਸਿੱਖਿਆ, ਸੱਭਿਆਚਾਰ ਆਦਿ ਵਿਚ ਸਾਂਝੇ ਯਤਨਾਂ ਨਾਲ ਵੱਖ-ਵੱਖ ਕਾਰਜ਼ ਕੀਤੇ ਜਾ ਸਕਦੇ ਹਨ।ਉਨ੍ਹਾਂ ਕਿਹਾ ਕਿ ਸਿੱਖ ਆਗੂਆਂ ਨਾਲ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਗੱਲਬਾਤ ਹੋਈ ਹੈ ਅਤੇ ਇਥੇ ਦਰਸ਼ਨ ਕਰਕੇ ਬਹੁਤ ਚੰਗਾ ਮਹਿਸੂਸ ਹੋਇਆ ਹੈ।
ਇਸ ਮੌਕੇ ਵਧੀਕ ਮੈਨੇਜਰ ਜਸਪਾਲ ਸਿੰਘ ਢੱਡੇ, ਯੁਵਰਾਜ ਸਿੰਘ, ਅਜੀਤ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ ਆਦਿ ਮੌਜ਼ੂਦ ਸਨ।

 

Check Also

ਯੂਨੀਵਰਸਿਟੀ `ਚ ਡਾ. ਹਰਮਿੰਦਰ ਸਿੰਘ ਬੇਦੀ ਦੀ ਸਵੈ-ਜੀਵਨੀ “ਲੇਖੇ ਆਵਹਿ ਭਾਗ” ‘ਤੇ ਵਿਚਾਰ-ਗੋਸ਼ਟੀ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …