ਅਜੋਕੇ ਨੌਜਵਾਨ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਸੰਦੇਸ਼ ਸਮਝਣ- ਸਿੰਘ ਸਾਹਿਬ
ਫ਼ਤਹਿਗੜ੍ਹ ਸਾਹਿਬ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਸਾਹਿਬ-ਏ-ਕਮਾਲ, ਸਰਬੰਸਦਾਨੀ ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਲਖ਼ਤੇ ਜਿਗਰ ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਤੀਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ।ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ।ਉਪਰੰਤ ਪੰਜ ਸਿੰਘ ਸਾਹਿਬਾਨ ਦੀ ਅਗਵਾਈ ਹੇਠ ਸੰਗਤਾਂ ਵੱਲੋਂ ਸ੍ਰੀ ਜਪੁਜੀ ਸਾਹਿਬ ਦੇ ਜਾਪੁ ਕਰਨ ਉਪਰੰਤ ਸਵੇਰੇ 9.00 ਵਜੇ ਪੰਜ ਪਿਆਰੇ ਸਾਹਿਬਾਨ ਤੇ ਪੰਜ ਨਿਸ਼ਾਨਚੀ ਸਾਹਿਬਾਨ ਨੂੰ ਗੁਰੂ-ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਨਗਰ ਕੀਰਤਨ ਲਈ ਰਵਾਨਾ ਕੀਤਾ ਗਿਆ।
ਫੁੱਲਾਂ ਨਾਲ ਸਜੀ ਹੋਈ ਸੁਨਹਿਰੀ ਪਾਲਕੀ ਵਾਲੀ ਗੱਡੀ ਵਿੱਚ ਸੁਸ਼ੋਭਿਤ ਧੰਨ-ਧੰਨ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਚੌਰ ਸਾਹਿਬ ਦੀ ਸੇਵਾ ਨਿਭਾਈ।ਇਸ ਸਮੇਂ ਧਾਰਮਿਕ ਸ਼ਖਸੀਅਤਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਸ਼੍ਰੋਮਣੀ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ, ਬਾਬਾ ਹਰਨੇਕ ਸਿੰਘ ਰਾੜਾ ਸਾਹਿਬ ਵਾਲੇ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ, ਬਿਧੀ ਚੰਦ ਸੰਪਰਦਾ ਦੇ ਬਾਬਾ ਅਵਤਾਰ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਤੋਂ ਇਲਾਵਾ ਹੋਰ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।ਨਗਰ ਕੀਰਤਨ ਵਿੱਚ ਧਾਰਮਿਕ ਸਭਾ ਸੁਸਾਇਟੀਆਂ, ਗੱਤਕਾ ਪਾਰਟੀਆਂ, ਵੱਖ-ਵੱਖ ਸਕੂਲਾਂ/ਕਾਲਜਾਂ ਦੇ ਬੈਂਡ ਅਤੇ ਵੱਡੀ ਗਿਣਤੀ ਵਿੱਚ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਪੈਦਲ ਸੰਗਤਾਂ ਨੇ ਸ਼ਮੂਲੀਅਤ ਕੀਤੀ।ਨਗਰ ਕੀਰਤਨ ਮਾਤਾ ਗੁਜਰੀ ਕਾਲਜ, ਜ਼ਿਲ੍ਹਾ ਕਚਹਿਰੀਆਂ, ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪੁੱਲਾਂ, ਬਾਬਾ ਜੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਸਕੂਲ ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਜੋਤੀ ਸਰੂਪ ਪੁੱਜ ਕੇ ਅਰਦਾਸ ਉਪਰੰਤ ਸੰਪੰਨ ਹੋਇਆ।
ਨਗਰ ਕੀਰਤਨ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਜਾਏ ਗਏ ਦੀਵਾਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀਆਂ ਵਿਲੱਖਣ ਸ਼ਹਾਦਤਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੇ ਸ਼ਲਾਘਾਯੋਗ ਉਪਰਾਲਿਆਂ ਅੱਗੇ ਸਿਰ ਝੁਕਾਉਂਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਨਗਰ ਕੀਰਤਨ ਵਿੱਚ ਸ਼ਾਮਲ ਹੋਣਾ ਤਾਂ ਹੀ ਸਫਲਾ ਹੈ ਜੇਕਰ ਅਸੀਂ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਾਂਗੇ।ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਇਤਿਹਾਸ ਸਿੱਖ ਕੌਮ ਲਈ ਇੱਕ ਸੁਨੇਹਾ ਹੈ, ਜਿਸ ਨੂੰ ਮਹਿਸੂਸ ਕਰਨ ਦੀ ਲੋੜ ਹੈ।ਉਨ੍ਹਾਂ ਇਹ ਵੀ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੰਜ ਪਿਆਰਿਆਂ ਪਾਸੋਂ ਅੰਮ੍ਰਿਤਪਾਨ ਕਰਨ ਸਮੇਂ ਕਿਹਾ ਸੀ ਕਿ ਸਮਾਂ ਆਉਣ ‘ਤੇ ਉਹ ਆਪਣਾ ਸਾਰਾ ਸਰਬੰਸ ਕੌਮ ਦੀ ਖਾਤਰ ਕੁਰਬਾਨ ਕਰ ਦੇਣਗੇ, ਉਨ੍ਹਾਂ ਸਮਾਂ ਆਉਣ ‘ਤੇ ਅਜਿਹਾ ਹੀ ਕੀਤਾ।ਉਨ੍ਹਾਂ ਸਿੱਖ ਕੌਮ ਨੂੰ ਆਪਣਾ ਮੰਥਨ ਕਰਨ ਲਈ ਪ੍ਰੇਰਿਤ ਕਰਦਿਆਂ ਸਵਾਲ ਕੀਤਾ ਕਿ ਜੇਕਰ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦੇ ਅਨੇਕਾਂ ਤਸੀਹੇ ਸਹਿ ਕੇ ਵੀ ਧਰਮ ਦੇ ਮਾਰਗ ਤੋਂ ਨਹੀਂ ਸਨ ਡੋਲੇ ਤਾਂ ਫਿਰ ਅੱਜ ਦੀ ਨੌਜਵਾਨੀ ਬਿਨ੍ਹਾਂ ਕਿਸੇ ਡਰ-ਭੈਅ ਦੇ ਹੀ ਕਿਉਂ ਸਿੱਖੀ ਸਰੂਪ ਤਿਆਗ ਰਹੀ ਹੈ? ਉਨ੍ਹਾਂ ਕਿਹਾ ਕਿ ਜ਼ੇਲ੍ਹਾਂ ਵਿੱਚ ਬੰਦ ਸਿੱਖਾਂ ਨੂੰ ਰਿਹਾ ਕਰਨ ਲਈ ਸਿੱਖ ਕੌਮ ਨੂੰ ਇੱਕ ਜੁਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਇਕ ਵੱਖਰੀ ਕੌਮ ਹੈ ਸਮੁੱਚੇ ਬੱਚੇ ਬੱਚੇ ਨੂੰ ਇਸ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਕਦੇ ਵੀ ਦੋ ਟੋਟੇ ਨਹੀਂ ਹੋਣ ਦਿੱਤੇ ਜਾਣਗੇ। ਉਨ੍ਹਾਂ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਨੂੰ ਤਿਆਗ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਅਤੇ ਧੀਆਂ ਦਾ ਸਤਿਕਾਰ ਕਰਨ ਲਈ ਕਿਹਾ।
ਇਸ ਸਮਾਗਮ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜ਼ਰੂਰੀ ਪੰਥਕ ਰੁਝੇਵਿਆਂ ਕਾਰਣ ਨਾ ਪਹੁੰਚਣ ਕਾਰਨ ਜਥੇਦਾਰ ਸੁਖਦੇਵ ਸਿੰਘ ਭੋਰ ਜਨਰਲ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਉਨ੍ਹਾਂ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਜਥੇਦਾਰ ਭੋਰ ਨੇ ਕਿਹਾ ਕਿ ਸ਼ਹਾਦਤ ਦਾ ਸਮਾਂ ਵੈਰਾਗਮਈ ਹੁੰਦਾ ਹੈ। ਉਨ੍ਹਾਂ ਅਜੋਕੀ ਪੀੜ੍ਹੀ ਨੂੰ ਆਪਣੀ ਇਸ ਮਹਾਨ ਵਿਰਾਸਤ ਨੂੰ ਸੰਭਾਲਣ ਦੀ ਅਪੀਲ ਕੀਤੀ। ਮੰਚ ਦੀ ਸੇਵਾ ਸ: ਕਰਨੈਲ ਸਿੰਘ ਪੰਜੋਲੀ ਮੈਂਬਰ ਅੰਤ੍ਰਿੰਗ ਕਮੇਟੀ ਨੇ ਨਿਭਾਈ।
ਇਸ ਮੌਕੇ ਸ: ਰਵਿੰਦਰ ਸਿੰਘ ਖਾਲਸਾ , ਸz: ਗੁਰਪ੍ਰੀਤ ਸਿੰਘ ਰੰਧਾਵਾ ਮੈਂਬਰ, ਬੀਬੀ ਸੁਰਿੰਦਰ ਕੌਸ ਸਾਬਕਾ ਮੈਂਬਰ, ਸz: ਦਲਮੇਘ ਸਿੰਘ ਤੇ ਸ : ਅਵਤਾਰ ਸਿੰਘ ਸਕੱਤਰ, ਸ : ਭੁਪਿੰਦਰਪਾਲ ਸਿੰਘ ਮੀਤ ਸਕੱਤਰ, ਸ: ਮਨਪ੍ਰੀਤ ਸਿੰਘ ਐਕਸੀਅਨ, ਸ: ਅਮਰਜੀਤ ਸਿੰਘ ਮੈਨੇਜਰ, ਸ: ਇੰਦਰ ਮੋਹਣ ਸਿੰਘ ‘ਅਨਜਾਣ’, ਸ: ਅਰਵਿੰਦਰ ਸਿੰਘ ਸਾਸਨ, ਸ.ਪ੍ਰੇਮ ਸਿੰਘ ਚੰਦੂਮਾਜਰਾ ਮੈਂਬਰ ਲੋਕ ਸਭਾ ਤੋਂ ਇਲਾਵਾ ਲੱਖਾਂ ਦੀ ਤਦਾਦ ਵਿੱਚ ਸੰਗਤਾਂ ਹਾਜ਼ਰ ਸਨ।