ਅੰਮ੍ਰਿਤਸਰ, 20 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਸਿੱਖ ਮਿਸ਼ਨਰੀ ਅਦਾਰਿਆਂ ਤੋਂ ਗੁਰਸਿੱਖੀ ਦੀ ਵਿੱਦਿਆ ਪ੍ਰਾਪਤ
ਕਰਨ ਵਾਲੇ 37 ਸਿੱਖ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਕੇ ਸਿੱਖੀ ਪ੍ਰਚਾਰ ਅਤੇ ਗੁਰਦੁਆਰਾ ਪ੍ਰਬੰਧ ਦੀਆਂ ਸੇਵਾਵਾਂ ਲਈ ਤੋਰਿਆ ਹੈ। ਇਨ੍ਹਾਂ ਨੌਜਵਾਨਾਂ ਨੂੰ ਨਿਯੁੱਕਤੀ ਪੱਤਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ‘ਚ ਸੌਂਪੇ ਗਏ।
ਇਹ ਸਿੱਖ ਨੌਜਵਾਨ ਪਿੱਛਲੇ ਲਗਭਗ ਇੱਕ ਸਾਲ ਤੋਂ ਸ਼੍ਰੋਮਣੀ ਕਮੇਟੀ ਨਾਲ ਵਲੰਟੀਅਰ ਵਜੋਂ ਸੇਵਾਵਾਂ ਨਿਭਾਉਂਦੇ ਹੋਏ ਵੱਖ-ਵੱਖ ਖੇਤਰਾਂ ਵਿੱਚ ਸਿੱਖੀ ਪ੍ਰਚਾਰ ਦਾ ਕਾਰਜ਼ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਬੀਤੇ ਸਮੇਂ ਸ਼੍ਰੋਮਣੀ ਕਮੇਟੀ ਨੇ ਆਪਣੇ ਸਿੱਖ ਮਿਸ਼ਨਰੀ ਅਦਾਰਿਆਂ ਤੋਂ ਵਿੱਦਿਆ ਪ੍ਰਾਪਤ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਸਿੱਖੀ ਪ੍ਰਚਾਰ ਲਈ ਵਲੰਟੀਅਰ ਵਜੋਂ ਸੇਵਾਵਾਂ ਦੇਣ ਦਾ ਮੌਕਾ ਦਿੱਤਾ ਸੀ।ਹੁਣ ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਸਿੱਖ ਵਲੰਟੀਅਰਾਂ ਵਿੱਚੋਂ 37 ਨੌਜਵਾਨਾਂ ਦੀਆਂ ਨਿਯੁੱਕਤੀਆਂ ਕਲਰਕ ਗੁਰਦੁਆਰਾ ਪ੍ਰਬੰਧਨ (6), ਜੋੜੀਵਾਲੇ (11), ਸਹਾਇਕ ਰਾਗੀ ਸਿੰਘ (18) ਅਤੇ ਸਹਾਇਕ ਗ੍ਰੰਥੀ ਸਿੰਘ (2) ਵਜੋਂ ਕੀਤੀਆਂ ਗਈਆਂ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਪੰਥਕ ਭਾਵਨਾ ਨਾਲ ਗੁਰਦੁਆਰਾ ਪ੍ਰਬੰਧ ਕਰਨ ਦੇ ਨਾਲ-ਨਾਲ ਸਿੱਖੀ ਪ੍ਰਚਾਰ ਲਈ ਵੀ ਵੱਡੇ ਕਾਰਜ਼ ਕਰ ਰਹੀ ਹੈ।ਇਸ ਖੇਤਰ ਵਿੱਚ ਲੋੜ ਦੀ ਪੂਰਤੀ ਲਈ ਕਈ ਸਿੱਖ ਸੰਸਥਾਵਾਂ ਕਾਰਜਸ਼ੀਲ ਕੀਤੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਸਿੱਖ ਨੌਜਵਾਨ ਇਨ੍ਹਾਂ ਧਾਰਮਿਕ ਸੰਸਥਾਵਾਂ ਵਿੱਚੋਂ ਸਫ਼ਲ ਕੋਰਸ ਕਰਦੇ ਹਨ ਉਨ੍ਹਾਂ ਨੂੰ ਪਹਿਲ ਦੇ ਅਧਾਰ ‘ਤੇ ਸ਼੍ਰੋਮਣੀ ਕਮੇਟੀ ਵਿੱਚ ਸੇਵਾ ਦਾ ਮੌਕਾ ਦਿੱਤਾ ਜਾਂਦਾ ਹੈ।
ਐਡਵੋਕੇਟ ਧਾਮੀ ਨੇ ਆਸ ਪ੍ਰਗਟਾਈ ਕਿ ਉਹ ਸੰਸਥਾ ਵੱਲੋਂ ਦਿੱਤੀ ਗਈ ਸੇਵਾ ਨੂੰ ਨੌਕਰੀ ਸਮਝ ਕੇ ਨਹੀਂ ਸਗੋਂ ਸੇਵਾ ਭਾਵ ਅਤੇ ਗੁਰੂ ਸਾਹਿਬ ਦੀ ਭੈਅ ਭਾਵਨੀ ਵਿੱਚ ਰਹਿੰਦਿਆਂ ਇਮਾਨਦਾਰੀ ਨਾਲ ਸੇਵਾ ਸਮਝ ਕੇ ਕਾਰਜ਼ ਕਰਨਗੇ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਵਲੰਟੀਅਰਾਂ ਦੀ ਸੇਵਾ ਨਿਭਾਅ ਰਹੇ 30 ਸਿੱਖ ਨੌਜਵਾਨਾਂ ਨੂੰ ਪ੍ਰਚਾਰਕ ਵਜੋਂ ਨਿਯੁੱਕਤ ਕੀਤਾ ਗਿਆ ਹੈ।
ਇਸ ਮੌਕੇ ਐਡਵੋਕੇਟ ਧਾਮੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਤੁਗਲਵਾਲਾ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਜਸਬੀਰ ਸਿੰਘ ਜੱਸੀ, ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਇੰਚਾਰਜ਼ ਮੇਜਰ ਸਿੰਘ ਤੇ ਪਲਵਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media