Saturday, December 21, 2024

ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਪੰਥਕ ਜਾਹੋ-ਜਲਾਲ ਨਾਲ ਮਨਾਈ

ਸਿੱਖ ਕੌਮ ਸੰਸਥਾਵਾਂ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕਰੇ ਚੁਣੌਤੀਆਂ ਦਾ ਮੁਕਾਬਲਾ- ਸੁਖਬੀਰ ਬਾਦਲ
ਜੈਤੋ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਗੁਰਦੁਆਰਾ ਟਿੱਬੀ ਸਾਹਿਬ ਜੈਤੋ ਵਿਖੇ ਅੱਜ ਪੰਥਕ ਜਾਹੋ-ਜਲਾਲ ਨਾਲ ਮਨਾਈ ਗਈ।ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਵੱਡੀ ਗਿਣਤੀ ‘ਚ ਪੰਥਕ ਆਗੂਆਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਪੰਡਾਲ ਵਿਚ ਸਜਾਏ ਗਏ ਸਮਾਗਮ ਸਮੇਂ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਮੌਜੂਦਾ ਸਮੇਂ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਦਾ ਮੁਕਾਬਲਾ ਇਤਿਹਾਸ ਦੀ ਸੇਧ ਵਿਚ ਇਕਜੁਟਤਾ ਨਾਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਜੈਤੋ ਦਾ ਮੋਰਚਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਦੀ ਬਹਾਲੀ ਲਈ ਅਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਵਿਰੁੱਧ ਕੌਮੀ ਜਜ਼ਬੇ ਦੀ ਅਦੁੱਤੀ ਮਿਸਾਲ ਹੈ।ਇਹ ਸਿੱਖ ਕੌਮ ਦੇ ਸ਼ਾਨਾਂਮੱਤੇ ਇਤਿਹਾਸ ਦਾ ਸੁਨਹਿਰੀ ਪੰਨਾ ਹੈ, ਜਿਸ ਤੋਂ ਸੇਧ ਲੈਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਮੌਜ਼ੂਦਾ ਸਮੇਂ ਵੀ ਸਰਕਾਰਾਂ ਵੱਲੋਂ ਨਾ ਕੇਵਲ ਸਿੱਖਾਂ ਦੇ ਧਾਰਮਿਕ ਮਸਲਿਆਂ ਵਿਚ ਦਖ਼ਲ ਦਿੱਤਾ ਜਾ ਰਿਹਾ ਹੈ, ਬਲਕਿ ਕੌਮੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀਆਂ ਚਾਲਾਂ ਵੀ ਚਲੀਆਂ ਜਾ ਰਹੀਆਂ ਹਨ।ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਅਤੇ ਕਿਸਾਨੀ ਸੰਘਰਸ਼ ਦੀ ਗੱਲ ਕਰਦਿਆਂ ਸਮੁੱਚੀ ਕੌਮ ਨੂੰ ਅਪੀਲ ਕੀਤੀ ਕਿ ਵਰਤਮਾਨ ਸਮੇਂ ਗੁਰਬਾਣੀ, ਸਿੱਖ ਸਿਧਾਂਤਾਂ ਅਤੇ ਇਤਿਹਾਸ ਦੀ ਰੌਸ਼ਨੀ ਵਿਚ ਕੌਮ ਧਾਰਮਿਕ ਅਤੇ ਰਾਜਨੀਤਕ ਤੌਰ ’ਤੇ ਕਾਰਜਸ਼ੀਲ ਹੋਵੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਨਾ ਕੇਵਲ ਆਪਣੀ ਕੌਮ ਲਈ ਸ਼ਹਾਦਤਾਂ ਦਿੱਤੀਆਂ, ਬਲਕਿ ਦੇਸ਼ ਅਤੇ ਮਨੁੱਖਤਾ ਖਾਤਰ ਵੀ ਮੋਹਰੀ ਰੋਲ ਅਦਾ ਕੀਤਾ।ਉਨ੍ਹਾਂ ਕਿਹਾ ਕਿ ਇਹੀ ਕਾਰਨ ਸੀ ਕਿ ਹਕੂਮਤਾਂ ਨੂੰ ਸਿੱਖ ਕੌਮ ਹਮੇਸ਼ਾਂ ਰੜਕਦੀ ਰਹੀ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨਾਂ ਦੇ ਹੱਕ ‘ਚ ਉਠਾਈ ਅਵਾਜ਼ ਨੂੰ ਸਰਕਾਰ ਕੋਝੇ ਹੱਥਕੰਡੇ ਵਰਤ ਰਹੀ ਹੈ।ਐਡਵੋਕੇਟ ਧਾਮੀ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫ਼ਸਰ ਨੂੰ ਨਫ਼ਰਤੀ ਹਿੰਸਾ ਦਾ ਸ਼ਿਕਾਰ ਬਣਾਉਣ ਦੀ ਵੀ ਕਰੜੀ ਆਲੋਚਨਾ ਕੀਤੀ। ਉਨ੍ਹਾਂ ਨੇ ਅੱਜ ਦੇ ਦਿਨ ਵਾਪਰੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਵੀ ਯਾਦ ਕੀਤਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਿੱਖੀ ਸੁਰ ਵਿੱਚ ਸਿੱਖ ਕੌਮ ਦੇ ਮਸਲਿਆਂ ਅਤੇ ਹੱਕੀ ਮੰਗਾਂ ਵੱਲ ਸਰਕਾਰਾਂ ਨੂੰ ਉਚੇਚਾ ਧਿਆਨ ਦੇਣ ਲਈ ਕਿਹਾ।ਉਨ੍ਹਾਂ ਦਿੱਲੀ ਕਮੇਟੀ, ਹਰਿਆਣਾ ਕਮੇਟੀ ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਸਰਕਾਰੀ ਏਜੰਸੀਆਂ ਦਾ ਮੰਤਵ ਸਿੱਖਾਂ ਦੇ ਗੁਰੂ ਘਰਾਂ ਦੇ ਪ੍ਰਬੰਧਾਂ ਨੂੰ ਪੰਥਕ ਹੱਥਾਂ ਵਿੱਚੋਂ ਖੋਹਣਾ ਹੈ, ਤਾਂ ਜੋ ਪੰਥਕ ਅਵਾਜ਼ ਨੂੰ ਕਮਜ਼ੋਰ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਪੂਰੀ ਕੌਮ ਚੇਤੰਨ ਹੋਵੇ ਤੇ ਆਪਣੀਆਂ ਸੰਸਥਾਵਾਂ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਹਰ ਸਰਕਾਰੀ ਚਾਲ ਦਾ ਮੁਕਾਬਲਾ ਕਰੇ।ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਜਦੋਂ ਵੀ ਜ਼ਬਰ ਜ਼ੁਲਮ ਦੀ ਹਨ੍ਹੇਰੀ ਝੁਲੀ ਤਾਂ ਸਿੱਖਾਂ ਨੇ ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਿਨਾਂ ਮੁਕਾਬਲਾ ਕੀਤਾ।ਉਨ੍ਹਾਂ ਕਿਹਾ ਕਿ ਇਹ ਸਿੱਖ ਕੌਮ ਦਾ ਖਾਸਾ ਹੈ ਕਿ ਉਹ ਉਲਟ ਹਾਲਾਤਾਂ ਵਿਚ ਵੀ ਡੋਲਦੇ ਨਹੀਂ ਹਨ, ਸਗੋਂ ਆਪਣੇ ਸੱਭਿਆਚਾਰ ਅਤੇ ਇਤਿਹਾਸ ਦੀ ਸੇਧ ਵਿਚ ਅੱਗੇ ਵਧਦੇ ਹਨ।ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਤਰਨਾ ਦਲ ਵਾਲਿਆਂ ਨੇ ਵੀ ਜੈਤੋ ਦੇ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।
ਇਸ ਤੋਂ ਪਹਿਲਾਂ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਦੇ ਢਾਡੀ ਜਥੇ ਅਤੇ ਭਾਈ ਜੋਗਾ ਸਿੰਘ ਭਾਗੋਵਾਲੀਆ ਦੇ ਕਵੀਸ਼ਰੀ ਜਥੇ ਨੇ ਸੰਗਤ ਨੂੰ ਸਿੱਖ ਇਤਿਹਾਸ ਨਾਲ ਜੋੜਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲਿਆਂ ਨੇ ਕਥਾ ਵਿਚਾਰਾਂ ਸਾਂਝੀਆਂ ਕੀਤੀਆਂ।ਸਟੇਜ ਦੀ ਸੇਵਾ ਭਾਈ ਸਰਬਜੀਤ ਸਿੰਘ ਢੋਟੀਆਂ ਵੱਲੋਂ ਨਿਭਾਈ ਗਈ।ਸੁਖਬੀਰ ਸਿੰਘ ਬਾਦਲ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸਾਂਝੇ ਤੌਰ ’ਤੇ ਜੈਤੋ ਮੋਰਚੇ ਦੇ ਇਤਿਹਾਸ ਸਬੰਧੀ ਪੁਸਤਕਾਂ ਵੀ ਜਾਰੀ ਕੀਤੀਆਂ।ਜੈਤੋ ਮੋਰਚੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਵੀ ਦਿੱਤੇ ਗਏ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਮਨਤਾਰ ਸਿੰਘ ਬਰਾੜ, ਗੁਰਪ੍ਰਤਾਪ ਸਿੰਘ ਵਡਾਲਾ, ਸੂਬਾ ਸਿੰਘ ਬਾਦਲ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਮੈਂਬਰ ਭਾਈ ਮਨਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਕੇਵਲ ਸਿੰਘ ਬਾਦਲ, ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਅਜਾਇਬ ਸਿੰਘ ਅਭਿਆਸੀ, ਮਹਾਰਾਣੀ ਪਰੀਤੀ ਕੌਰ ਨਾਭਾ, ਕਾਕਾ ਕੰਵਰਉਦੈਪ੍ਰਤਾਪ ਸਿੰਘ, ਬਾਬਾ ਬੀਰਾ ਸਿੰਘ, ਬਾਬਾ ਗੁਰਭੇਜ ਸਿੰਘ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਬਿਜੈ ਸਿੰਘ, ਕੁਲਦੀਪ ਸਿੰਘ ਰੋਡੇ, ਪ੍ਰੋ. ਸੁਖਦੇਵ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਸੁਖਬੀਰ ਸਿੰਘ, ਮਨਜੀਤ ਸਿੰਘ, ਮੈਨੇਜਰ ਸੁਖਰਾਜ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …