ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੇਗੀ ਸ਼ਹੀਦੀ ਗੈਲਰੀ – ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਜੂਨ 1984 ’ਚ ਸਿੱਖ ਕੌਮ ਦੇ ਸਰਵਉੱਚ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ/ਸਿੰਘਣੀਆਂ ਦੀ ਯਾਦ ਵਿਚ ਤਿਆਰ ਕਰਵਾਈ ਗਈ ਸ਼ਹੀਦੀ ਗੈਲਰੀ ਅੱਜ ਅਰਦਾਸ ਉਪਰੰਤ ਸੰਗਤ ਅਰਪਣ ਕੀਤੀ ਗਈ।ਇਹ ਸ਼ਹੀਦੀ ਗੈਲਰੀ ਸ਼ਹੀਦ ਭਾਈ ਅਮਰੀਕ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ, ਸ਼ਹੀਦ ਜਨਰਲ ਸੁਬੇਗ ਸਿੰਘ ਅਤੇ ਸ਼ਹੀਦ ਬਾਬਾ ਠਾਰਾ ਸਿੰਘ ਨੂੰ ਸਮਰਪਿਤ ਕੀਤੀ ਗਈ ਹੈ।
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਇਸ ਕੌਮੀ ਕਾਰਜ਼ ਦੀ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਦਮਦਮੀ ਟਕਸਾਲ ਨੂੰ ਸੌਂਪੀ ਗਈ ਸੀ।ਇਸ ਸ਼ਹੀਦੀ ਗੈਲਰੀ ਵਿੱਚ 1984 ਦੇ ਘੱਲੂਘਾਰੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਢਹਿ-ਢੇਰੀ ਹੋਈ ਇਮਾਰਤ ਦਾ ਮਾਡਲ, ਘੱਲੂਘਾਰੇ ਦੌਰਾਨ ਧਰਮ ਦੀ ਰੱਖਿਆ ਲਈ ਸ਼ਹਾਦਤਾਂ ਦੇਣ ਵਾਲੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਅਤੇ ਉਨ੍ਹਾਂ ਦੇ ਸਾਥੀਆਂ ਦੇ ਨਾਲ-ਨਾਲ ਨਿਰਦੋਸ਼ ਸਿੰਘਾਂ-ਸਿੰਘਣੀਆਂ ਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ ਹਨ।ਇਸ ਦੇ ਨਾਲ ਹੀ ਡਿਜ਼ੀਟਲ ਰੂਪ ਵਿੱਚ ਘੱਲੂਘਾਰੇ ਦੇ ਇਤਿਹਾਸ ਨੂੰ ਬਿਆਨਦੀ ਡਾਕੂਮੈਂਟਰੀ ਵਿਖਾਉਣ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।
ਸ਼ਹੀਦੀ ਗੈਲਰੀ ਸੰਗਤ ਅਰਪਣ ਕਰਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਪੰਥ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਸ਼ਹੀਦੀ ਗੈਲਰੀ ’84 ਦੇ ਘੱਲੂਘਾਰੇ ਦੀ ਸਦੀਵੀ ਯਾਦਗਾਰ ਹੈ।ਇਹ ਗੈਲਰੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੇਗੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਕਥਾਵਾਚਕ ਭਾਈ ਪਿੰਦਰਪਾਲ ਸਿੰਘ, ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਸ਼ਹੀਦ ਜਨਰਲ ਸੁਬੇਗ ਸਿੰਘ ਦੇ ਭਰਾ ਬੇਅੰਤ ਸਿੰਘ, ਬਾਬਾ ਧਰਮ ਸਿੰਘ ਯੂਐਸਏ, ਡਾ. ਇੰਦਰਜੀਤ ਸਿੰਘ ਗੋੋਗੋਆਣੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਖਦੇਵ ਸਿੰਘ ਮੁੱਖ ਬੁਲਾਰਾ ਦਮਦਮੀ ਟਕਸਾਲ, ਸਰਬਜੀਤ ਸਿੰਘ ਘੁਮਾਣ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …