Monday, June 16, 2025
Breaking News

ਮੁੱਖ ਮੰਤਰੀ ਵਲੋਂ ਸੰਗਰੂਰ ਵਾਸੀਆਂ ਨੂੰ 869 ਕਰੋੜ ਰੁਪਏ ਦਾ ਤੋਹਫ਼ਾ

ਕਿਹਾ, ਮਿਆਰੀ ਸਿੱਖਿਆ ਦੇਣ ਲਈ ਸੂਬੇ ਭਰ ਵਿੱਚ ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ

ਸੰਗਰੂਰ, 9 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿਚਰਵਾਰ ਨੂੰ ਸੰਗਰੂਰ ਜਿਲ੍ਹੇ ਵਿੱਚ ਕਈ ਵਿਕਾਸ ਕਾਰਜ਼ਾਂ ਦਾ ਨੀਂਹ ਪੱਥਰ ਰੱਖ ਕੇ ਮੁਕਾਮੀ ਬਾਸ਼ਿੰਦਿਆਂ ਨੂੰ 839 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ।ਇਥੇ ਵਿਕਾਸ ਕ੍ਰਾਂਤੀ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾਂ ਤੋਂ ਚਾਹੁੰਦੇ ਸਨ ਕਿ ਇਸ ਖਿੱਤੇ ਵਿੱਚ ਇੱਕ ਅਤਿ-ਆਧੁਨਿਕ ਹਸਪਤਾਲ ਹੋਵੇ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ।ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦਾ ਸੁਪਨਾ ਧੂਰੀ ਵਿਖੇ 80 ਬਿਸਤਰਿਆਂ ਵਾਲੇ ਜੱਚਾ-ਬੱਚਾ ਹਸਪਤਾਲ, ਚੀਮਾ ਵਿਖੇ 30 ਬਿਸਤਰਿਆਂ ਵਾਲੇ ਰੂਰਲ ਹਸਪਤਾਲ ਅਤੇ ਕੌਰੀਆਂ ਵਿਖੇ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਦੀ ਸਥਾਪਨਾ ਨਾਲ ਸਾਕਾਰ ਹੋਇਆ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਪਹਿਲਾਂ ਹੀ ਹਸਪਤਾਲ ਦੇ ਅੰਦਰ ਹੀ ਮਰੀਜ਼ਾਂ ਨੂੰ ਮੁਫ਼ਤ ਦਵਾਈ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਮਰੀਜ਼ਾਂ ਨੂੰ ਬਾਹਰ ਨਾ ਜਾਣਾ ਪਵੇ।ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਹਰ ਹਸਪਤਾਲ ਵਿੱਚ ਐਕਸ-ਰੇਅ ਅਤੇ ਅਲਟਰਾਸਾਊਂਡ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਤੇ ਖੜਗ ਭੁਜਾ ਹੈ ਅਤੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਵਲੋਂ 90 ਫੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਗਈਆਂ ਹਨ।829 ਆਮ ਆਦਮੀ ਕਲੀਨਿਕਾਂ ਵਲੋਂ ਪੰਜਾਬ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆਉਣ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ 95 ਫੀਸਦੀ ਤੋਂ ਵੱਧ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਠੀਕ ਹੋ ਜਾਂਦੇ ਹਨ।ਭਗਵੰਤ ਸਿੰਘ ਮਾਨ ਨੇ ਕਿਹਾ ਕਿ 15 ਅਗਸਤ 2022 ਤੋਂ ਇਨ੍ਹਾਂ ਕਲੀਨਿਕਾਂ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਕ ਕਰੋੜ ਤੋਂ ਵੱਧ ਮਰੀਜ਼ ਇਥੋਂ ਇਲਾਜ਼ ਕਰਵਾ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆ-ਕਲਪ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਤਰ੍ਹਾਂ ਦੀਆਂ ਦਵਾਈਆਂ ਅਤੇ 40 ਦੇ ਕਰੀਬ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਰੋਕਣ ਅਤੇ ਸੂਬੇ ਦੀਆਂ ਸੜਕਾਂ `ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੀ ਸ਼਼ੁਰੂਆਤ ਕੀਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ।ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਭਰ ਵਿੱਚ ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਿੱਜੀ ਕੰਪਨੀ ਜੀ.ਵੀ.ਕੇ ਪਾਵਰ ਪਾਵਰ ਦੀ ਮਲਕੀਅਤ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ।ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖੱਪਤਕਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ।ਵਿਰੋਧੀਆਂ `ਤੇ ਨਿਸ਼ਾਨੇ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਖ਼ਜ਼ਾਨਾ ਕਦੇ ਵੀ ਖਾਲੀ ਨਹੀਂ ਰਿਹਾ, ਪਰ ਸਿਆਸੀ ਆਗੂਆਂ ਕੋਲ ਆਮ ਆਦਮੀ ਦੀ ਭਲਾਈ ਲਈ ਨੀਅਤ ਦੀ ਘਾਟ ਸੀ।ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਨਿੱਜੀ ਲਾਭਾਂ ਲਈ ਸੂਬੇ ਵਿੱਚੋਂ ਕਰੋੜਾਂ ਰੁਪਏ ਦੀ ਲੁੱਟ ਕੀਤੀ ਹੈ ਅਤੇ ਇਨ੍ਹਾਂ ਦੇ ਰਿਜ਼ੋਰਟਾਂ ਅਤੇ ਫਾਰਮ ਹਾਊਸਾਂ ਦਾ ਲਗਜ਼ਰੀ ਟੈਕਸ ਮੁਆਫ਼ ਕੀਤਾ ਗਿਆ ਅਤੇ ਹੋਰ ਸਹੂਲਤਾਂ ਦਿੱਤੀਆਂ ਗਈਆਂ ਹਨ।ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੀਡਰਾਂ ਵਲੋਂ ਗੈਰ-ਕਾਨੂੰਨੀ ਢੰਗ ਨਾਲ ਬਣਾਏ ਵੱਡੇ ਪੈਲੇਸ ਅਤੇ ਫਾਰਮ ਹਾਊਸਾਂ ਨੂੰ ਜਲਦੀ ਢਾਹ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਅਗਾਮੀ ਚੋਣਾਂ ਦੇ ਮੱਦੇਨਜ਼ਰ ਇਨ੍ਹਾਂ ਸਿਆਸੀ ਆਗੂਆਂ ਨੇ ਲੋਕਾਂ ਨੂੰ ਲੁਭਾਉਣਾ ਸ਼ੁਰੂ ਕਰ ਦਿੱਤਾ ਹੈ, ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਐਲ.ਪੀ.ਜੀ ਦੀਆਂ ਕੀਮਤਾਂ ਵਿੱਚ ਕਟੌਤੀ ਤੋਂ ਸਪੱਸ਼ਟ ਹੁੰਦਾ ਹੈ।
ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ `ਚ ਵਾਪਸੀ `ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਸਿਆਸੀ ਕਰੀਅਰ ਖ਼ਤਮ ਹੋ ਚੁੱਕਾ ਹੈ ਜੋ ਜਨਤਾ ਨਾਲੋਂ ਪੂਰੀ ਤਰ੍ਹਾਂ ਟੁੱਟਣ ਕਾਰਨ ਕਦੇ ਸੀਟ ਨਹੀਂ ਜਿੱਤ ਸਕੇ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …