ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ
ਲਈ 30 ਲੱਖ 33 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਇਹ ਸਹਾਇਤਾ ਰਾਸ਼ੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ ਸਿਕਲੀਗਰ ਤੇ ਵਣਜਾਰੇ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ।ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਸਕੂਲ ਫੀਸਾਂ ਭਰਨ ਦਾ ਫੈਸਲਾ ਕੀਤਾ ਹੋਇਆ ਹੈ।ਇਸੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਸਾਲ 2023-24 ਦੀਆਂ ਫੀਸਾਂ ਭੇਜੀਆਂ ਗਈਆਂ ਹਨ।
ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਰਾਏਪੁਰ, ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ ਜਾ ਕੇ ਇਥੇ ਪੜ੍ਹ ਰਹੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਸਕੂਲਾਂ ਤੇ ਕਾਲਜਾਂ ਨੂੰ ਸੌਂਪੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬੀਤੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਸਾਲ ਭਰ ਦੀਆਂ ਫੀਸਾਂ ਇਕੋ ਸਮੇਂ ਖੁਦ ਜਾ ਕੇ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਇਸ ਦੀ ਸੁਯੋਗ ਵਰਤੋਂ ਯਕੀਨੀ ਬਣੀ ਰਹੇ।ਉਨ੍ਹਾਂ ਕਿਹਾ ਕਿ ਇਹ ਫੀਸਾਂ ਦੇਣ ਦਾ ਮੰਤਵ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਸਿਖਿਅਤ ਕਰਨਾ ਹੈ, ਤਾਂ ਜੋ ਭਵਿੱਖ ਵਿਚ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ।ਉਨ੍ਹਾਂ ਕਿਹਾ ਕਿ ਸਾਡੇ ਲਈ ਖੁਸ਼ੀ ਦੀ ਗੱਲ ਹੈ ਕਿ ਬਹੁਤ ਸਾਰੇ ਬੱਚੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪੜ੍ਹ ਕੇ ਨੌਕਰੀਆਂ ਪ੍ਰਾਪਤ ਕਰ ਰਹੇ ਹਨ, ਜੋ ਆਪਣੇ ਪਰਿਵਾਰ ਦਾ ਸਹਾਰਾ ਬਨਣਗੇ।ਉਨ੍ਹਾਂ ਨਾਲ ਦਿਲਸ਼ਾਹ ਸਿੰਘ ਅਨੰਦ, ਬੀਬੀ ਕੁਲਦੀਪ ਕੌਰ ਅਤੇ ਗੁਰਦੁਆਰਾ ਇੰਸਪੈਕਟਰ ਮੋਹਨਦੀਪ ਸਿੰਘ ਸ਼ਾਮਲ ਹਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media