Wednesday, June 18, 2025
Breaking News

ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਯਾਫ਼ਤਾ ਚਾਰ ਨੌਜਵਾਨਾਂ ਲਈ ਮਸੀਹਾ ਬਣੇ ਡਾ: ਓਬਰਾਏ

ਰਿਹਾਈ ਉਪਰੰਤ ਵਾਪਸ ਪਰਤਿਆ ਪੰਜਾਬ ਦਾ ਗੁਰਪ੍ਰੀਤ ਸਿੰਘ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉਤੇ ਉਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਪਹੁੰਚ ਕੇ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ਼ ਰਹੇ ਉੱਘੇ ਸਿੱਖ ਕਾਰੋਬਾਰੀ ਡਾ: ਐਸ.ਪੀ ਸਿੰਘ ਓਬਰਾਏ ਵੱਲੋਂ ਇੱਕ ਭਾਰਤੀ ਤੇ ਤਿੰਨ ਪਾਕਿਸਤਾਨੀ ਨੌਜਵਾਨਾਂ ਦੀ ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਮੁਆਫ਼ ਕਰਵਾਏ ਜਾਣ ਉਪਰੰਤ ਪੰਜਾਬ ਦੇ ਗੁਰਦਾਸਪੁਰ ਦਾ ਨੌਜਵਾਨ ਗੁਰਪ੍ਰੀਤ ਸਿੰਘ ਅੱਜ ਵਤਨ ਪਰਤ ਆਇਆ ਹੈ।
ਇਹ ਚਾਰੇ ਨੌਜਵਾਨ ਸਾਲ 2019 ਤੋਂ ਸ਼ਾਰਜਾਹ ਵਿਖੇ ਇੱਕ ਹੋਰ ਭਾਰਤੀ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਫੜੇ ਗਏ ਸਨ।ਇਹਨਾਂ ਨੌਜਵਾਨਾਂ ਵਿੱਚ ਭਾਰਤੀ ਪੰਜਾਬ ਦੇ ਗੁਰਦਾਸਪੁਰ ਜਿਲ੍ਹੇ ਨਾਲ ਸਬੰਧਤ ਗੁਰਪ੍ਰੀਤ ਸਿੰਘ ਅਤੇ ਪਾਕਿਸਤਾਨੀ ਪੰਜਾਬ ਨਾਲ ਸੰਬੰਧਿਤ ਰਾਓ ਮੁਹੰਮਦ ਆਦਿਲ, ਰਾਣਾ ਤਾਬਿਸ਼ ਰਸ਼ੀਦ ਅਤੇ ਆਦਿਲ ਜਾਵੇਦ ਚੀਮਾ ਸ਼ਾਮਿਲ ਹਨ।
ਗੁਰਦਾਸਪੁਰ ਜਿਲ੍ਹੇ ਦੇ ਪਿੰਡ ਸ਼ੇਖੂਪੁਰ ਦੇ ਗੁਰਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਇਕਾਈ ਨਾਲ ਸੰਪਰਕ ਕਰਨ ਤੋਂ ਬਾਅਦ ਡਾ: ਐਸ.ਪੀ ਸਿੰਘ ਓਬਰਾਏ ਨੇ ਇਸ ਕੇਸ ਦੀ ਪੈਰਵੀ ਸ਼ੁਰੂ ਕੀਤੀ ਸੀ।ਦੋ ਸਾਲ ਮੁਕੱਦਮਾ ਚੱਲਣ ਤੋਂ ਬਾਅਦ ਸ਼ਾਰਜਾਹ ਦੀ ਅਦਾਲਤ ਨੇ ਇਹਨਾਂ ਚਾਰ ਨੌਜਵਾਨਾਂ ਨੂੰ ਫਾਂਸੀ ਦੀ ਸਜ਼ਾ ਸੁਣਾ ਦਿੱਤੀ ਸੀ।ਕਤਲ ਹੋਏ ਬਲਾਚੌਰ ਨੇੜਲੇ ਨੌਜਵਾਨ ਦੇ ਮਾਪਿਆਂ ਨਾਲ ਲੰਬੇ ਸੰਪਰਕ ਤੋਂ ਬਾਅਦ ਡਾਕਟਰ ਐਸ.ਪੀ ਸਿੰਘ ਉਬਰਾਏ ਉਹਨਾਂ ਨੂੰ ਬਲੱਡ ਮਨੀ ਲੈਣ ਲਈ ਸਹਿਮਤ ਕਰਨ ਵਿੱਚ ਕਾਮਯਾਬ ਹੋਏ।ਸਹਿਮਤੀ ਤੋਂ ਬਾਅਦ ਸ਼ਾਰਜਾਹ ਅਦਾਲਤ ਵਿੱਚ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਡਾਕਟਰ ਉਬਰਾਏ ਨੇ ਬਲੱਡ ਮਨੀ ਦੇ ਤੌਰ ਤੇ 2 ਲੱਖ ਦਰਾਮ (ਕਰੀਬ 46 ਲੱਖ ਭਾਰਤੀ ਰੁਪਏ) ਸੌਂਪੇ ਅਤੇ ਪੀੜ੍ਹਤ ਪਰਿਵਾਰ ਕੋਲੋਂ ਫਾਂਸੀ ਸਜ਼ਾ ਮੁਆਫੀ ਵਾਸਤੇ ਪ੍ਰਵਾਨਗੀ ਹਾਸਲ ਕੀਤੀ ਸੀ।ਇਸ ਬਲੱਡ ਮਨੀ ਦੀ ਰਕਮ ਵਿੱਚ ਪਰਿਵਾਰਾਂ ਵੱਲੋਂ ਦਿੱਤੇ ਯੋਗਦਾਨ ਤੋਂ ਇਲਾਵਾ ਵੱਡਾ ਹਿੱਸਾ ਡਾ: ਉਬਰਾਏ ਨੇ ਆਪਣੇ ਕੋਲੋਂ ਪਾਇਆ।ਸ਼ਾਰਜਾਹ ਅਦਾਲਤ ਨੇ ਪਿਛਲੇ ਦਿਨੀਂ ਉਕਤ ਚਾਰੇ ਨੌਜਵਾਨ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਸਨ।
ਸ਼ਾਰਜਾਹ ਦੀ ਜੇਲ੍ਹ `ਚੋਂ ਰਿਹਾਅ ਹੋਇਆ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਅੱਜ ਸਵੇਰੇ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ `ਤੇ ਪੁੱਜਾ ਜਿੱਥੇ ਉਸ ਦੀ ਮਾਂ ਬਲਜੀਤ ਕੌਰ ਅਤੇ ਪਤਨੀ ਮੇਘਾ ਸਮੇਤ ਪਰਿਵਾਰਿਕ ਮੈਂਬਰਾਂ ਨੇ ਪੰਜ ਸਾਲ ਬਾਅਦ ਦੇਸ਼ ਪਰਤਨ ‘ਤੇ ਉਸ ਦਾ ਸਵਾਗਤ ਕੀਤਾ।ਗੁਰਪ੍ਰੀਤ ਸਿੰਘ ਤੇ ਉਸ ਦੇ ਪਰਿਵਾਰ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ: ਐਸ.ਪੀ ਸਿੰਘ ਉਬਰਾਏ ਦਾ ਵਿਸ਼ੇਸ਼ ਧੰਨਵਾਦ ਕੀਤਾ।
ਇਸ ਮੌਕੇ ਸਰਬੱਤ ਦਾ ਭਲਾ ਟਰੱਸਟ ਦੇ ਮਾਝਾ ਜ਼ੋਨ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸਲਾਹਕਾਰ ਸੁਖਦੀਪ ਸਿੰਘ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਸ਼ਿਸ਼ਪਾਲ ਸਿੰਘ ਲਾਡੀ ਤੇ ਨਵਜੀਤ ਸਿੰਘ ਘਈ ਵੀ ਮੌਜ਼ੂਦ ਸਨ।ਜਕਿਰਯੋਗ ਹੈ ਕਿ ਸਾਲ 2010 ਤੋਂ ਲੈ ਕੇ ਹੁਣ ਤੱਕ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾਕਟਰ ਓਬਰਾਏ ਦੇ ਯਤਨਾਂ ਕਾਰਨ 138 ਵਿਅਕਤੀਆਂ ਨੂੰ ਫਾਂਸੀ ਜਾਂ 45 ਸਾਲਾਂ ਤੱਕ ਦੀਆਂ ਲੰਮੀਆਂ ਸਜ਼ਾਵਾਂ ਤੋਂ ਮੁਕਤੀ ਮਿਲੀ ਹੈ।

 

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …