Monday, July 14, 2025
Breaking News

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵਲੋਂ ਗੁਜਰਾਂ, ਢੰਡੋਲੀ ਖੁਰਦ ਅਤੇ ਟਿੱਬੀ ਰਵਿਦਾਸਪੁਰਾ ਦਾ ਦੌਰਾ

ਪੀੜਤ ਪਰਿਵਾਰਾਂ ਦੇ ਘਰਾਂ ਵਿੱਚ ਜਾ ਕੇ ਹਮਦਰਦੀ ਦਾ ਪ੍ਰਗਟਾਵਾ

ਸੰਗਰੂਰ, 26 ਮਾਰਚ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਹੋਲੀ ਵਾਲੇ ਦਿਨ ਵੀ ਦਿੜ੍ਹਬਾ ਤੇ ਸੁਨਾਮ ਵਿਖੇ ਪੀੜਤ ਪਰਿਵਾਰਾਂ ਦੇ ਘਰ ਵਿਖੇ ਜਾ ਕੇ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।ਪਿੰਡ ਗੁੱਜਰਾਂ, ਢੰਡੋਲੀ ਖੁਰਦ ਅਤੇ ਟਿੱਬੀ ਰਵਿਦਾਸਪੁਰਾ ਵਿਖੇ ਵੱਖ-ਵੱਖ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਮਿਲਾਵਟੀ ਸ਼ਰਾਬ ਦੇ ਕਾਲੇ ਕਾਰੋਬਾਰ ਨਾਲ ਜੁੜੇ ਗੈਰ ਸਮਾਜਿਕ ਅਨਸਰਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਪ੍ਰਸ਼ਾਸ਼ਨ ਅਤੇ ਪੁਲਿਸ ਵਿਭਾਗ ਪੀੜਤ ਪਰਿਵਾਰਾਂ ਦੇ ਨਾਲ ਖੜਾ ਹੈ।ਇਸ ਦੌਰਾਨ ਉਹਨਾਂ ਪਿੰਡਾਂ ਦੇ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਮਾਜ ਵਿਚੋਂ ਨਸ਼ਾ ਤਸਕਰਾਂ ਦਾ ਸਫਾਇਆ ਕਰਨ ਵਿੱਚ ਆਪਣਾ ਸਹਿਯੋਗ ਦੇਣ ਤਾਂ ਜੋ ਸਭ ਦੇ ਮਿਲਵਰਤਨ ਨਾਲ ਇਸ ਸਮਾਜਿਕ ਬੁਰਾਈ ਦਾ ਮੁਕੰਮਲ ਤੌਰ ‘ਤੇ ਖਾਤਮਾ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਅਤੇ ਸਿਵਲ ਹਸਪਤਾਲ ਸੰਗਰੂਰ ਤੋਂ 15 ਹੋਰ ਮਰੀਜ਼ਾਂ ਨੂੰ ਤੰਦਰੁਸਤ ਹੁਣ ਉਪਰੰਤ ਘਰਾਂ ਵਿੱਚ ਵਾਪਸ ਭੇਜ ਦਿੱਤਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲਾਂ ਵਿੱਚੋਂ ਤੰਦਰੁਸਤ ਹੋ ਕੇ ਪਰਤੇ ਇਹਨਾਂ ਵਿਅਕਤੀਆਂ ਦੀ ਸਿਹਤ ਦੀ ਨਿਰੰਤਰ ਨਿਗਰਾਨੀ ਰੱਖੀ ਜਾਵੇ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਜੋ ਕਿ ਖੁਦ ਵੀ ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨਾਲ ਬੀਤੇ ਦਿਨੀ ਸਿਵਲ ਹਸਪਤਾਲ ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ਼ ਇਹਨਾਂ ਮਰੀਜ਼ਾਂ ਦੀ ਸਿਹਤ ਸਬੰਧੀ ਜਾਇਜ਼ਾ ਲੈ ਕੇ ਆਏ ਸਨ, ਨੇ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਦੀ ਅਗਵਾਈ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ `ਤੇ ਅਧਾਰਿਤ ਸਾਂਝੀਆ ਟੀਮਾਂ ਲਗਾਤਾਰ ਪ੍ਰਭਾਵਿਤ ਪਿੰਡਾਂ ਵਿੱਚ ਘਰ ਘਰ ਜਾ ਕੇ ਸਰਵੇਖਣ ਕਰ ਰਹੀਆਂ ਹਨ ਅਤੇ ਹੋਲੀ ਵਾਲੇ ਦਿਨ ਵੀ ਸਾਰੀਆਂ ਟੀਮਾਂ ਪੂਰੀ ਸਰਗਰਮੀ ਦੇ ਨਾਲ ਲੋਕਾਂ ਨਾਲ ਰਾਬਤਾ ਰੱਖਦੀਆਂ ਰਹੀਆਂ ਤਾਂ ਜੋ ਕੋਈ ਵੀ ਅਜਿਹਾ ਵਿਅਕਤੀ ਮੈਡੀਕਲ ਸੁਵਿਧਾ ਤੋਂ ਵਾਂਝਾ ਨਾ ਰਹੇ ਜਿਸ ਦੁਆਰਾ ਪਿਛਲੇ ਦਿਨਾਂ ਵਿੱਚ ਇਹੋ ਜਿਹੀ ਮਿਲਾਵਟੀ ਸ਼ਰਾਬ ਦਾ ਸੇਵਨ ਕੀਤਾ ਗਿਆ ਸੀ।ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਘਰ ਇਹ ਮਿਲਾਵਟੀ ਸ਼ਰਾਬ ਪਈ ਹੈ ਤਾਂ ਉਹ ਇਸ ਬਾਰੇ ਸੂਚਨਾ ਪੁਲਿਸ ਹੈਲਪਲਾਈਨ ਨੰਬਰ 112 ‘ਤੇ ਜਰੂਰ ਦੇਵੇ ਤਾਂ ਜੋ ਕਿਸੇ ਵੀ ਵਿਅਕਤੀ ਦਾ ਭਵਿੱਖ ਵਿੱਚ ਜਾਨੀ ਨੁਕਸਾਨ ਨਾ ਹੋ ਸਕੇ।

 

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …