Saturday, December 21, 2024

ਸ਼੍ਰੋਮਣੀ ਕਮੇਟੀ ਦਾ 1260 ਕਰੋੜ 97 ਲੱਖ ਰੁਪਏ ਦਾ ਬਜ਼ਟ ਪਾਸ

ਧਰਮ ਪ੍ਰਚਾਰ, ਵਿੱਦਿਆ ਤੇ ਪੰਥਕ ਕਾਰਜਾਂ ਲਈ ਰੱਖੀ ਵਿਸ਼ੇਸ਼ ਰਾਸ਼ੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਵਿੱਚ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜ਼ਟ ਪਾਸ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਹੋਏ ਇਸ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਬਜਟ ਪੇਸ਼ ਕੀਤਾ।ਜਿਸ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ’ਚ ਪ੍ਰਵਾਨਗੀ ਦਿੱਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਮੌਜ਼ੂਦ ਸਨ।ਬਜ਼ਟ ਪੇਸ਼ ਕਰਦਿਆਂ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਅਤੇ ਖਰਚਿਆਂ ਦੇ ਵੇਰਵੇ ਸਾਂਝੇ ਕਰਦਿਆਂ ਭਵਿੱਖ ‘ਚ ਪਹਿਲ ਦੇ ਅਧਾਰ ’ਤੇ ਕੀਤੇ ਜਾਣ ਵਾਲੇ ਕਾਰਜਾਂ ਲਈ ਰੱਖੀ ਗਈ ਰਾਸ਼ੀ ਦੇ ਅੰਕੜੇ ਪੇਸ਼ ਕੀਤੇ।
ਬਜ਼ਟ ਇਜਲਾਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਵੱਲੋਂ ਪੇਸ਼ ਕੀਤੇ ਗਏ ਬਜ਼ਟ ਨੂੰ ਸੰਤੁਲਿਤ ਕਰਾਰ ਦਿੱਤਾ।ਉਨ੍ਹਾਂ ਦੱਸਿਆ ਕਿ ਇਸ ਵਾਰ ਪਿੱਛਲੇ ਬਜ਼ਟ ਨਾਲੋਂ 14 ਫੀਸਦੀ ਵਾਧਾ ਕੀਤਾ ਗਿਆ ਹੈ।ਵਿਸ਼ੇਸ਼ ਤੌਰ ’ਤੇ ਅਗਲੇ ਵਿੱਤੀ ਵਰ੍ਹੇ ਦੌਰਾਨ ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਨੂੰ ਪਹਿਲ ਦਿੱਤੀ ਜਾਵੇਗੀ।ਇਸ ਵਾਰ ਧਰਮ ਪ੍ਰਚਾਰ ਕਮੇਟੀ ਦਾ ਬਜ਼ਟ 100 ਕਰੋੜ ਰੁਪਏ ਦਾ ਹੈ।ਧਰਮ ਪ੍ਰਚਾਰ ਕਮੇਟੀ ਰਾਹੀਂ ਕੀਤੇ ਜਾਣ ਵਾਲੇ ਕਾਰਜਾਂ ਲਈ ਰੱਖੀ ਰਾਸ਼ੀ ਦੇ ਵੇਰਵੇ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਦੀ ਸਤੰਬਰ ਮਹੀਨੇ ਵਿਚ ਆ ਰਹੀ ਸ਼ਤਾਬਦੀ ਮਨਾਉਣ ਲਈ 3 ਕਰੋੜ ਰੁਪਏ ਰਾਖਵੇਂ ਕੀਤੇ ਗਏ ਹਨ।ਧਰਮ ਪ੍ਰਚਾਰ ਕਮੇਟੀ ਰਾਹੀਂ ਸਿੱਖ ਨੌਜੁਆਨਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਲਈ ਤਿਆਰ ਕਰਨ ਵਾਸਤੇ 2 ਕਰੋੜ, ਅੰਮ੍ਰਿਤਧਾਰੀ ਬੱਚੀਆਂ ਨੂੰ ਮੁਫ਼ਤ ਵਿਦਿਆ ਲਈ 2 ਕਰੋੜ ਰੁਪਏ, ਅੰਮ੍ਰਿਤਧਾਰੀ ਵਿਦਿਆਰਥੀਆਂ ਦੀਆਂ ਫੀਸਾਂ ਲਈ 2 ਕਰੋੜ 50 ਲੱਖ ਰੁਪਏ, ਅੰਮ੍ਰਿਤ ਸੰਚਾਰ ਸਮਾਗਮਾਂ ਲਈ 1 ਕਰੋੜ 80 ਲੱਖ ਰੁਪਏ, ਧਾਰਮਿਕ ਸਾਹਿਤ, ਲਾਇਬ੍ਰੇਰੀਆਂ, ਸ਼ਸਤਰ ਵਿੱਦਿਆ, ਇਤਿਹਾਸਕ ਯਾਦਗਾਰੀ ਪ੍ਰਾਜੈਕਟਾਂ ਅਤੇ ਸੰਗਤਾਂ ਨੂੰ ਵੀਡੀਓ ਵੈਨਾਂ ਰਾਹੀਂ ਧਾਰਮਿਕ ਫਿਲਮਾਂ ਦਿਖਾਉਣ ਲਈ 4 ਕਰੋੜ 45 ਲੱਖ ਰੁਪਏ, ਧਰਮ ਪ੍ਰਚਾਰ ਲਹਿਰ ਹੋਰ ਪ੍ਰਚੰਡ ਕਰਨ ਲਈ 1 ਕਰੋੜ 15 ਲੱਖ ਰੁਪਏ, ਬੱਚਿਆਂ ਨੂੰ ਧਾਰਮਿਕ ਪ੍ਰੀਖਿਆ ਰਾਹੀਂ ਗੁਰਮਤਿ ਨਾਲ ਜੋੜਨ ਲਈ 1 ਕਰੋੜ 60 ਲੱਖ ਰੁਪਏ ਅਤੇ ਪੰਜਾਬ ਤੋਂ ਬਾਹਰਲੇ ਸਿੱਖ ਮਿਸ਼ਨਾਂ ਵਾਸਤੇ 9 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਵਾਰ ਗੁਰਦੁਆਰਾ ਸਾਹਿਬਾਨ ਦਾ ਬਜਟ 994 ਕਰੋੜ 51 ਲੱਖ ਰੁਪਏ ਹੈ।ਇਸੇ ਤਰ੍ਹਾਂ ਵਿਦਿਅਕ ਅਦਾਰਿਆਂ ਦਾ ਬਜਟ 251 ਕਰੋੜ, ਪ੍ਰਿੰਟਿੰਗ ਪ੍ਰੈਸਾਂ ਦਾ ਬਜ਼ਟ 7 ਕਰੋੜ 94 ਲੱਖ ਰੁਪਏ ਪਾਸ ਕੀਤਾ ਗਿਆ ਹੈ।ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਇਸ ਵਾਰ ਦੇ ਬਜਟ ਵਿਚ ਵਿਦਿਅਕ ਅਦਾਰਿਆਂ ਦੇ ਸਟਾਫ਼ ਦੀਆਂ ਬਕਾਇਆ ਤਨਖ਼ਾਹਾਂ ਵਾਸਤੇ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ 31 ਮਾਰਚ 2024 ਤੱਕ ਦੀਆਂ ਸਾਰੀਆਂ ਬਕਾਇਆ ਤਨਖ਼ਾਹਾਂ ਦੀ ਅਦਾਇਗੀ ਲਈ ਵਿਸ਼ੇਸ਼ ਪ੍ਰਬੰਧ ਕੀਤਾ ਹੈ।ਇਸ ਕਾਰਜ ਲਈ ਜਨਰਲ ਬੋਰਡ ਫੰਡ ਵਿਚੋਂ 10 ਕਰੋੜ ਰੁਪਏ ਦੀ ਵਿਸ਼ੇਸ਼ ਰਾਸ਼ੀ ਵਿਦਿਆ ਫੰਡ ਲਈ ਰਾਖਵੀਂ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜਨਰਲ ਬੋਰਡ ਫੰਡ, ਟਰੱਸਟ ਫੰਡ, ਵਿਦਿਆ ਫੰਡ, ਸਪੋਰਟਸ ਫੰਡ ਆਦਿ ਦੀ ਆਪਣੀ ਆਮਦਨ ਭਾਵੇਂ ਘੱਟ ਹੈ, ਪਰ ਇਨ੍ਹਾਂ ਲਈ ਗੁਰਦੁਆਰਾ ਸਾਹਿਬਾਨ ਤੋਂ ਦਸਵੰਧ ਅਤੇ ਲੋੜੀਂਦੇ ਫੰਡ ਲਏ ਜਾਂਦੇ ਹਨ।ਇਨ੍ਹਾਂ ਸਾਰੇ ਫੰਡਾਂ ਰਾਹੀਂ ਕੀਤੇ ਜਾਣ ਵਾਲੇ ਕਾਰਜ ਬੇਹੱਦ ਅਹਿਮ ਹੁੰਦੇ ਹਨ।ਇਸ ਵਾਰ ਇਨ੍ਹਾਂ ਫੰਡਾਂ ਰਾਹੀਂ ਪੰਥਕ ਕਾਰਜਾਂ ਲਈ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ, ਜਿਨ੍ਹਾਂ ਵਿਚ ਬੰਦੀ ਸਿੰਘਾਂ ਦੇ ਕੇਸਾਂ ਦੀ ਪੈਰਵਾਈ ਲਈ 60 ਲੱਖ ਰੁਪਏ, ਬੰਦੀ ਸਿੰਘਾਂ ਨੂੰ ਮਾਸਿਕ ਸਨਮਾਨ ਭੱਤੇ ਲਈ 40 ਲੱਖ ਰੁਪਏ, ਧਰਮੀ ਫ਼ੌਜੀਆਂ ਲ਼ਈ 40 ਲੱਖ ਰੁਪਏ, ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ 60 ਲੱਖ ਰੁਪਏ, ਗਰੀਬ ਵਿਦਿਆਰਥੀਆਂ ਲਈ 50 ਲੱਖ, ਕੁਦਰਤੀ ਆਫ਼ਤਾਂ ਲਈ 1 ਕਰੋੜ 48 ਲੱਖ, ਖੇਡਾਂ ਲਈ 3 ਕਰੋੜ 6 ਲੱਖ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸਿੱਖ ਇਤਿਹਾਸ ਰੀਸਰਚ ਬੋਰਡ ਰਾਹੀਂ ਖੋਜ ਕਾਰਜਾਂ ਲਈ ਵੀ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ।ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਬੀੜ ਸਾਹਿਬ ਲਈ 1 ਕਰੋੜ 5 ਲੱਖ ਰੁਪਏ ਦਾ ਪ੍ਰਬੰਧ ਕੀਤਾ ਹੈ।
ਉਨ੍ਹਾਂ ਵਿਸ਼ੇਸ਼ ਤੌਰ ’ਤੇ ਕਿਹਾ ਕਿ ਹਰਿਆਣਾ ਸਥਿਤ ਸ਼ਾਹਬਾਦ ਮਾਰਕੰਡਾ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਥਾਪਤ ਕੀਤੇ ਗਏ ਮੀਰੀ-ਪੀਰੀ ਮੈਡੀਕਲ ਕਾਲਜ ਲਈ ਵੀ 8 ਕਰੋੜ ਰੁਪਏ ਰੱਖੇ ਹਨ।ਭਾਵੇਂ ਇਸ ਮੈਡੀਕਲ ਕਾਲਜ ਨੂੰ ਮੁਕੰਮਲ ਰੂਪ ਵਿੱਚ ਆਰੰਭਣ ਨੂੰ ਕਈ ਮੁਸ਼ਕਲਾਂ ਦਰਪੇਸ਼ ਰਹੀਆਂ ਹਨ, ਪਰੰਤੂ ਆਸ ਹੈ ਕਿ ਇਹ ਅਗਲੇ ਸਾਲ ਤੋਂ ਬਕਾਇਦਾ ਸ਼ੁਰੂ ਕੀਤਾ ਜਾ ਸਕੇਗਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਅਦਾਰਿਆਂ ਦਾ ਬਜ਼ਟ ਸਮੁੱਚੇ ਰੂਪ ਵਿਚ ਸੰਗਤ ਵੱਲੋਂ ਭੇਟਾ ਕੀਤੀ ਜਾਂਦੀ ਮਾਇਆ ਅਤੇ ਦਸਵੰਧ ’ਤੇ ਹੀ ਨਿਰਭਰ ਕਰਦਾ ਹੈ।ਬਹੁਤ ਸੀਮਤ ਸਾਧਨਾਂ ਵਿਚ ਸਿੱਖ ਸੰਸਥਾ ਵੱਲੋਂ ਧਰਮ ਪ੍ਰਚਾਰ, ਵਿਦਿਆ, ਸਿਹਤ ਸੇਵਾਵਾਂ ਅਤੇ ਪੰਥ ਭਲਾਈ ਤੇ ਮਾਨਵ ਹਿੱਤਕਾਰੀ ਕਾਰਜ ਕੀਤੇ ਜਾਂਦੇ ਹਨ।ਜਿਹੜੇ ਕੰਮ ਸਰਕਾਰਾਂ ਦੇ ਕੀਤੇ ਜਾਣ ਵਾਲੇ ਹਨ, ਸ਼੍ਰੋਮਣੀ ਕਮੇਟੀ ਉਨ੍ਹਾਂ ਵਿਚ ਵੀ ਮੋਹਰੀ ਭੂਮਿਕਾ ਅਦਾ ਕਰ ਰਹੀ ਹੈ।ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਦਾ ਬਜ਼ਟ ਪੰਜਾਬ ਸਰਕਾਰ ਦੇ ਬਜ਼ਟ ਮੁਕਾਬਲੇ ਤਕਰੀਬਨ 1 ਫੀਸਦੀ ਤੋਂ ਘੱਟ ਹੈ, ਜਦੋਂਕਿ ਕੁੱਝ ਲੋਕਾਂ ਵੱਲੋਂ ਜਾਣਬੁਝ ਕੇ ਇਹ ਬਿਰਤਾਂਤ ਸਿਰਜਿਆ ਜਾਂਦਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਬਜ਼ਟ ਪੰਜਾਬ ਸਰਕਾਰ ਤੋਂ ਵੱਧ ਹੈ।ਉਨ੍ਹਾਂ ਵਚਨਬੱਧਤਾ ਪ੍ਰਗਟਾਈ ਕਿ ਸਿੱਖ ਸੰਸਥਾ ਸੰਗਤ ਦੇ ਸਹਿਯੋਗ ਨਾਲ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਕੌਮੀ ਮੁੱਦਿਆਂ ’ਤੇ ਆਪਣੀ ਗਤੀਸ਼ੀਲਤਾ ਬਣਾਈ ਰੱਖੇਗੀ।
ਬਜ਼ਟ ਇਸਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਬਲਵਿੰਦਰ ਸਿੰਘ ਬੈਂਸ ਤੇ ਸੁਖਹਰਪ੍ਰੀਤ ਸਿੰਘ ਰੋਡੇ ਨੇ ਵੀ ਸੰਬੋਧਨ ਕੀਤਾ।ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਚਲਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਅਲਵਿੰਦਰਪਾਲ ਸਿੰਘ ਪੱਖੋਕੇ, ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਰਘਬੀਰ ਸਿੰਘ ਸਹਾਰਨਮਾਜਰਾ, ਜਸਮੇਰ ਸਿੰਘ ਲਾਛੜੂ, ਭਾਈ ਮਨਜੀਤ ਸਿੰਘ, ਖੁਸ਼ਵਿੰਦਰ ਸਿੰਘ ਭਾਟੀਆ, ਗੁਰਪ੍ਰੀਤ ਸਿੰਘ ਝੱਬਰ, ਅਮਰਜੀਤ ਸਿੰਘ ਭਲਾਈਪੁਰ, ਬੀਬੀ ਜਸਪਾਲ ਕੌਰ, ਜਸਵੰਤ ਸਿੰਘ ਪੁੜੈਣ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਗੁਰਪਾਲ ਸਿੰਘ ਗੋਰਾ, ਬੀਬੀ ਕਿਰਨਵੀਰ ਕੌਰ, ਮੰਗਵਿੰਦਰ ਸਿੰਘ ਖਾਪੜਖੇੜੀ, ਬਾਵਾ ਸਿੰਘ ਗੁਮਾਨਪੁਰਾ, ਸੁਰਜੀਤ ਸਿੰਘ ਭਿੱਟੇਵੱਡ, ਬੀਬੀ ਬਲਵਿੰਦਰ ਕੌਰ ਲੋਪੋਕੇ, ਅਮਰੀਕ ਸਿੰਘ ਵਿਛੋਆ, ਬੀਬੀ ਸਵਰਨ ਕੌਰ ਤੇੜਾ, ਅਮਰਜੀਤ ਸਿੰਘ ਬੰਡਾਲਾ, ਭਗਵੰਤ ਸਿੰਘ ਸਿਆਲਕਾ, ਗੁਰਿੰਦਰਪਾਲ ਸਿੰਘ ਗੋਰਾ, ਭਾਈ ਰਾਮ ਸਿੰਘ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਫੈਡਰੇਸ਼ਨ ਆਗੂ ਜਸਬੀਰ ਸਿੰਘ ਘੁੰਮਣ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਪਰਮਜੀਤ ਸਿੰਘ ਸਰੋਆ ਆਦਿ ਹਾਜ਼ਰ ਸਨ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …