ਕਿਹਾ, ਪ੍ਰਤੀ ਕੁਇੰਟਲ 2275 ਰੁਪਏ ਦੇ ਹਿਸਾਬ ਨਾਲ ਹੋਵੇਗੀ ਖਰੀਦ
ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ, ਜਿਸ ਲਈ ਜਿਲ੍ਹੇ ਵਿੱਚ ਵੀ ਖਰੀਦ ਪ੍ਰਬੰਧ
ਨੇਪਰੇ ਚਾੜ੍ਹੇ ਜਾ ਚੁੱਕੇ ਹਨ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਰਬੀ ਸੀਜ਼ਨ 2024-25 ਦੇ ਸਬੰਧ ਵਿੱਚ ਕੀਤੇ ਗਏ ਪ੍ਰਬੰਧਾਂ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਜਾਣਕਾਰੀ ਦਿੱਤੀ।
ਉਹਨਾਂ ਨੇ ਦੱਸਿਆ ਕਿ ਜਿਲ੍ਹੇ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਕਣਕ ਦੀ ਚੰਗੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ।ਪਿਛਲੇ ਸਾਲ ਇਹ ਪੈਦਾਵਾਰ ਪ੍ਰਤੀ ਹੈਕਟੇਅਰ 49 ਕੁਇੰਟਲ ਦਰਜ਼ ਕੀਤੀ ਗਈ ਸੀ।ਮੌਸਮ ਨੂੰ ਦੇਖਦੇ ਹੋਏ ਸੰਭਾਵਨਾ ਹੈ ਕਿ ਮੰਡੀਆਂ ਵਿੱਚ ਨਵੀਂ ਕਣਕ ਦੀ ਆਮਦ ਇਕ ਹਫ਼ਤੇ ਤੱਕ ਹੋਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਦੀਆਂ ਕੁੱਲ 59 ਮੰਡੀਆਂ ਵਿੱਚ ਅੰਦਾਜ਼ਨ 736011 ਮੀਟਰਕ ਟਨ ਕਣਕ ਆਮਦ ਆਉਣ ਦੀ ਸੰਭਾਵਨਾ ਹੈ।ਇਸ ਲਈ ਸਮੂਹ ਖਰੀਦ ਏਜੰਸੀਆਂ ਵਿਚਕਾਰ ਇਹਨਾਂ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ।ਸਮੂਹ ਖਰੀਦ ਏਜੰਸੀਆਂ ਨੂੰ ਬਾਰਦਾਨਾ / ਗੱਠਾਂ ਉਪਲੱਬਧ ਕਰਵਾ ਦਿੱਤੀਆਂ ਗਈਆਂ ਹਨ।ਉਹਨਾਂ ਕਿਹਾ ਕਿ ਰਬੀ ਸੀਜ਼ਨ 2024-25 ਦੌਰਾਨ ਖਰੀਦ ਦਾ ਸਮਾਂ 1 ਅਪ੍ਰੈਲ, 2024 ਤੋਂ 31 ਮਈ 2024 ਤੱਕ ਨਿਰਧਾਰਿਤ ਕੀਤਾ ਹੈ।ਵਿਭਾਗ ਵਲੋਂ 2275 ਰੁਪਏ ਪ੍ਰਤੀ ਕੁਇੰਟਲ ਮੁੱਲ ਨਿਰਧਾਰਿਤ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੀਦ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ।ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਣਕ ਵਿੱਚ 12 ਫੀਸਦੀ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ।
ਜਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ ਲਈ ਜਿਲ੍ਹੇ ਵਿੱਚ ਕਣਕ ਦੀ ਖਰੀਦ ਲਈ 11 ਸਬ ਯਾਰਡ ਅਤੇ 38 ਮੰਡੀਆਂ ਬਣਾਈਆਂ ਗਈਆਂ ਹਨ।ਜਿੰਨਾਂ ਵਿੱਚ ਖਰੀਦ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ।
ਇਸ ਮੀਟਿੰਗ ਵਿੱਚ ਐਸ.ਡੀ.ਐਮ ਮਨਕੰਵਲ ਚਾਹਲ, ਜ਼ਿਲ੍ਹਾ ਮੰਡੀ ਅਫ਼ਸਰ ਅਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।
Punjab Post Daily Online Newspaper & Print Media