ਅੰਮ੍ਰਿਤਸਰ, 8 ਅਪ੍ਰੈਲ (ਜਗਦੀਪ ਸਿੰਘ) – ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ 6 ਅਪ੍ਰੈਲ ਨੂੰ ਮੋਹਾਲੀ ਵਿਖੇ ਕਰਵਾਏ ਗਏ ਜੇ.ਈ.ਈ ਮੇਨਜ਼ ਦੇ ਪੇਪਰ ਦੌਰਾਨ ਸਿੱਖ
ਵਿਦਿਆਰਥੀਆਂ ਦੇ ਕੜੇ ਉਤਰਵਾਉਣ ਅਤੇ ਕੜਿਆਂ ਉੱਪਰ ਟੇਪ ਲਗਾਉਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਪੜਤਾਲ ਦੇ ਆਦੇਸ਼ ਦਿੱਤੇ ਹਨ।ਇਸ ਦੇ ਨਾਲ-ਨਾਲ ਐਡਵੋਕੇਟ ਧਾਮੀ ਨੇ ਨੈਸ਼ਨਲ ਟੈਸਟਿੰਗ ਏਜੰਸੀ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਸਿੱਖਾਂ ਨਾਲ ਹੁੰਦੇ ਇਸ ਵਿਤਕਰੇ ਪ੍ਰਤੀ ਸਖ਼ਤ ਇਤਰਾਜ਼ ਪ੍ਰਗਟ ਕਰਨ ਲਈ ਵੀ ਆਖਿਆ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇੱਕ ਸਿੱਖ ਪ੍ਰੀਖਿਆਰਥੀ ਵੱਲੋਂ ਸੰਸਥਾ ਦੇ ਧਿਆਨ ‘ਚ ਲਿਆਂਦਾ ਗਿਆ ਹੈ ਕਿ ਉਸ ਦਾ 6 ਅਪ੍ਰੈਲ ਨੂੰ ਮੋਹਾਲੀ ਦੇ ਇੱਕ ਪ੍ਰਾਈਵੇਟ ਕੇਂਦਰ ਵਿਖੇ ਨੈਸ਼ਨਲ ਟੈਸਟਿੰਗ ਏਜੰਸੀ ਜ਼ਰੀਏ ਕਰਵਾਇਆ ਜਾਂਦਾ ਜੇ.ਈ.ਈ ਮੇਨਜ਼ ਦਾ ਪੇਪਰ ਸੀ।ਉਨ੍ਹਾਂ ਕਿਹਾ ਕਿ ਸਿੱਖ ਪ੍ਰੀਖਿਆਰਥੀ ਅਨੁਸਾਰ ਪੇਪਰ ਕੇਂਦਰ ਦੇ ਸਟਾਫ਼ ਵੱਲੋਂ ਉਸ ਨੂੰ ਜ਼ਬਰਦਸਤੀ ਕੜਾ ਉਤਾਰਨ ਲਈ ਕਿਹਾ ਗਿਆ, ਜੋ ਕਿ ਬਰਦਾਸ਼ਤਯੋਗ ਨਹੀਂ ਅਤੇ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ।ਉਨ੍ਹਾਂ ਕਿਹਾ ਕਿ ਜਦੋਂ ਸਿੱਖ ਪ੍ਰੀਖਿਆਰਥੀ ਨੇ ਇਸ ਜ਼ਬਰਦਸਤੀ ਦਾ ਵਿਰੋਧ ਕੀਤਾ ਤਾਂ ਉਸ ਦੇ ਕੜੇ ਉੱਪਰ ਟੇਪ ਲਗਾ ਕੇ ਹੀ ਉਸ ਨੂੰ ਪੇਪਰ ਵਿੱਚ ਬੈਠਣ ਦਿੱਤਾ ਗਿਆ।
ਪ੍ਰਤਾਪ ਸਿੰਘ ਨੇ ਕਿਹਾ ਕਿ ਕੜਾ ਸਿੱਖਾਂ ਦੇ ਪੰਜ ਕਕਾਰਾਂ ਵਿੱਚੋਂ ਇੱਕ ਕਕਾਰ ਹੈ ਅਤੇ ਇਹ ਸਿੱਖ ਪਛਾਣ, ਮੌਲਿਕ ਅਧਿਕਾਰਾਂ ਦਾ ਅਹਿਮ ਹਿੱਸਾ ਹੈ, ਜਿਸ ਨੂੰ ਇੱਕ ਸਿੱਖ ਦੇ ਸ਼ਰੀਰ ਤੋਂ ਵੱਖ ਨਹੀਂ ਕੀਤਾ ਜਾ ਸਕਦਾ।ਉਨਾਂ ਕਿਹਾ ਕਿ ਪ੍ਰਧਾਨ ਐਡਵੋਕੇਟ ਧਾਮੀ ਦੇ ਆਦੇਸ਼ ਅਨੁਸਾਰ ਇਸ ਮਾਮਲੇ ਦੀ ਪੜਤਾਲ ਸਬੰਧੀ ਚੰਡੀਗੜ੍ਹ ਸਬ-ਦਫ਼ਤਰ ਵਿਖੇ ਮੀਤ ਸਕੱਤਰ ਲਖਵੀਰ ਸਿੰਘ, ਪ੍ਰਚਾਰਕ ਰਾਜਪਾਲ ਸਿੰਘ ਅਤੇ ਲੇਖਕ ਆਈ.ਟੀ ਵਿਭਾਗ ਜਸਕਰਨ ਸਿੰਘ ਦੀ ਡਿਊਟੀ ਲਗਾ ਦਿੱਤੀ ਗਈ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media