Friday, May 17, 2024

ਐਡਵੋਕੇਟ ਧਾਮੀ ਨੂੰ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ’ਚ ਸ਼ਾਮਲ ਹੋਣ ’ਤੇ ਇਤਰਾਜ਼

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁੱਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਸਿੱਖ ਸੰਸਥਾ ਦੇ ਮੈਂਬਰਾਂ ਨੂੰ ਭਾਜਪਾ ਵਿੱਚ ਜਾ ਕੇ ਸਿਆਸਤ ਕਰਨ ਦਾ ਇੰਨਾ ਹੀ ਸ਼ੌਕ ਹੈ ਤਾਂ ਉਹ ਪਹਿਲਾਂ ਤੁਰੰਤ ਆਪਣੀ ਦਿੱਲੀ ਗੁਰਦੁਆਰਾ ਕਮੇਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਦੀ ਦੂਜੇ ਧਰਮਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਿੱਧਾ ਦਖ਼ਲ ਦੇਣ ਦੀ ਇਹ ਨੀਤੀ ਬਹੁਤ ਹੀ ਮੰਦਭਾਗੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਗਤ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਇਨ੍ਹਾਂ ਮੈਂਬਰਾਂ ਨੂੰ ਸਿੱਖ ਧਰਮ ਦਾ ਪ੍ਰਚਾਰ ਪ੍ਰਸਾਰ ਕਰਨ ਅਤੇ ਗੁਰੂ ਘਰਾਂ ਦਾ ਸੁਚੱਜਾ ਪ੍ਰਬੰਧ ਚਲਾਉਣ ਲਈ ਚੁਣਿਆ ਸੀ, ਨਾ ਕਿ ਸਿੱਖ-ਵਿਰੋਧੀ ਪਾਰਟੀ ਵਿੱਚ ਸਿਆਸਤ ਕਰਨ ਲਈ।ਉਨ੍ਹਾਂ ਕਿਹਾ ਕਿ ਭਾਜਪਾ ਸਿੱਖ ਮਾਮਲਿਆਂ ਵਿੱਚ ਸਿੱਧੇ ਦਖ਼ਲ ਦੇ ਰਾਹ ਉੱਤੇ ਤੁਰੀ ਹੋਈ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ।ਉਨ੍ਹਾਂ ਕਿਹਾ ਸਿੱਖ ਭਾਜਪਾ ਦੀ ਅਜਿਹੀਆਂ ਹਰਕਤਾਂ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਦੇਣਗੇ।

Check Also

ਅੰਜ਼ੂ ਸਿੰਗਲਾ ਦੀ ਤੀਸਰੀ ਬਰਸੀ ਮਨਾਈ, ਯਾਦ ਵਿੱਚ ਲਗਾਏ ਰੁੱਖ

ਭੀਖੀ, 16 ਮਈ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਦੀ ਸੰਸਥਾਪਕ ਅੰਜ਼ੂ ਸਿੰਗਲਾ …