ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਖੁੱਲ੍ਹੇ ਬੋਰਵੈਲ ਬੱਚਿਆਂ ਦੀ ਸੁਰੱਖਿਆ ਲਈ ਖਤਰਾ ਅਤੇ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਕਰਨ ਦਾ ਕਾਰਨ ਬਣਦੇ ਹਨ, ਸੋ
ਕਿਸੇ ਵੀ ਹਾਲਤ ਵਿੱਚ ਪਿੰਡ ਜਾਂ ਸ਼ਹਿਰ ਇਹ ਬੋਰਵੈਲ ਖੁੱਲ੍ਹੇ ਨਾ ਛੱਡੇ ਜਾਣ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਮਿਸ਼ਨਰ ਕਾਰਪੋਰੇਸ਼ਨ, ਸਮੂਹ ਐਸ.ਡੀ.ਐਮ, ਡੀ.ਡੀ.ਪੀ.ਓ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ, ਮੁਖ ਖੇਤੀਬਾੜੀ ਅਫ਼ਸਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਇਹ ਹਦਾਇਤ ਜਾਰੀ ਕਰਦਿਆਂ ਲਿਖਿਆ ਹੈ ਕਿ ਮਾਨਯੋਗ ਸੁਪਰੀਮ ਕੋਰਟ ਵਲੋਂ ਵੀ ਇਸ ਸਬੰਧੀ ਵਿਸ਼ੇਸ਼ ਹਦਾਇਤਾਂ ਆਪਣੇ 6 ਅਗਸਤ 2010 ਦੇ ਹੁਕਮਾਂ ਵਿੱਚ ਜਾਰੀ ਕੀਤੀਆਂ ਗਈਆਂ ਹਨ, ਜਿਨਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਇਨਾਂ ਖੁਲ੍ਹੇ ਬੋਰਵੈਲ ਦੇ ਖਤਰਿਆਂ ਤੋਂ ਲੋਕਾਂ ਅਤੇ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਆਪਣੇ ਬੋਰਵੈਲ ਖੁਲ੍ਹੇ ਨਾ ਛੱਡਣ।
ਉਨਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਲਿਖਿਆ ਕਿ ਉਹ ਯਕੀਨੀ ਬਣਾਉਣ ਕਿ ਕਿਸਾਨਾਂ ਵਲੋਂ ਆਪਣੇ ਖੇਤਾਂ ਵਿਚ ਕੋਈ ਵੀ ਬੋਰਵੈਲ ਖੁਲ੍ਹਾ ਨਹੀਂ ਛੱੱਡਿਆ ਗਿਆ।ਇਸ ਤੋਂ ਇਲਾਵਾ ਗ੍ਰਾਮ ਪੰਚਾਇਤਾਂ ਦੇ ਮੈਂਬਰ ਅਤੇ ਪੰਚਾਇਤ ਸਕੱਤਰ ਪਿੰਡਾਂ ਵਿੱਚ ਅਜਿਹੇ ਖੁਲ੍ਹੇ ਬੋਰਵੈਲ ਨੂੰ ਤੁਰੰਤ ਬੰਦ ਕਰਵਾਉਣ।ਉਨਾਂ ਪੰਜਾਬ ਜਲ ਸਰੋਤ ਅਤੇ ਵਿਕਾਸ ਨਿਗਮ, ਪੰਜਾਬ ਰੂਰਲ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਉਨਾਂ ਦੀਆਂ ਆਪਣੀਆਂ ਸਕੀਮਾਂ ਦੇ ਬੋਰਵੈਲ ਖੁਲ੍ਹੇ ਨਾ ਰਹਿਣ।ਉਨਾਂ ਇਸ ਲਈ ਸਬੰਧਤ ਐਸ.ਡੀ.ਐਮ. ਅਤੇ ਡੀ.ਐਸ.ਪੀ. ਨੂੰ ਸਾਂਝੇ ਤੋਰ ’ਤੇ ਇਲਾਕੇ ਵਿੱਚ ਵਿਸ਼ੇਸ਼ ਮੁਹਿੰਮ ਚਲਾਉਣ ਦੀ ਵੀ ਹਦਾਇਤ ਕੀਤੀ।
ਉਨਾਂ ਕਿਹਾ ਕਿ ਜੇਕਰ ਕਿਸੇ ਜਮੀਨ ਮਾਲਕ ਵਲੋਂ ਖੁਲ੍ਹੇ ਪਏ ਬੋਰਵੈਲ ਨੂੰ ਇਕ ਮਹੀਨੇ ਦੇ ਅੰਦਰ ਬੰਦ ਨਹੀਂ ਕੀਤਾ ਜਾਂਦਾ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇ। ਉਨਾਂ ਸਪੱਸ਼ਟ ਕੀਤਾ ਕਿ ਜੇਕਰ ਖੁੱਲ੍ਹੇ ਬੋਰਵੈਲ ਕਾਰਨ ਕੋਈ ਦੁਰਘਟਨਾ ਵਾਪਰਦੀ ਹੈ ਤਾਂ ਸਬੰਧਤ ਜਮੀਨ ਮਾਲਕ ਖਿਲਾਫ਼ ਭਾਰਤੀ ਪੈਨਲ ਕੋਡ ਦੀਆਂ ਧਾਰਾਵਾਂ ਅਧੀਨ ਕਾਨੂੰਨੀ ਕਾਰਵਾਈ ਅਤੇ ਜ਼ੁਰਮਾਨਾ ਕੀਤਾ ਜਾਵੇਗਾ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media