ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਚੋਣਾਂ ਲਈ ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਲਈ ਨਿਯੁੱਕਤ ਕੀਤੇ ਗਏ ਖਰਚਾ
ਨਿਗਰਾਨ ਬਾਰੇ ਗਣੇਸ਼ ਸੁਧਾਕਰ ਆਈ.ਆਰ.ਐਸ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਹਲਕੇ ਅਧੀਨ ਪੈਂਦੇ 09 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਸਹਾਇਕ ਖਰਚਾ ਅਬਜ਼ਰਬਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਅਤੇ ਚੋਣਾਂ ਦੌਰਾਨ ਉਮੀਦਵਾਰ ਵਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ‘ਤੇ ਨਿਗ੍ਹਾ ਰੱਖਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਖਰਚਾ ਨਿਗਰਾਨ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵਲੋਂ ਅਗਾਮੀ ਲੋਕ ਸਭਾ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਮੁਕੰਮਲ ਕਰਵਾਉਣ ਲਈ ਸਮੇਂ-ਸਮੇਂ ‘ਤੇ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਰੂਪ ਵਿੱਚ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਲਈ ਨਿਰਧਾਰਤ ਕੀਤੇ ਗਏ ਖਰਚੇ ਸਬੰਧੀ ਪੂਰੀ ਚੌਕਸੀ ਵਰਤੀ ਜਾਵੇ ਅਤੇ ਉਮੀਦਵਾਰ ਵਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਉਮੀਦਵਾਰਾਂ ਵਲੋਂ ਕੀਤੀਆਂ ਜਾਣ ਵਾਲੀਆਂ ਚੋਣ ਰੈਲੀਆਂ ਤੇ ਹੋਰ ਜਨਤਕ ਸਮਾਗਮਾਂ ਦੀ ਮੁਕੰਮਲ ਵੀਡੀਓਗ੍ਰਾਫੀ ਕਰਵਾਈ ਜਾਵੇ ਤਾਂ ਜੋ ਕੀਤੇ ਜਾਣ ਵਾਲੇ ਖਰਚੇ ਦਾ ਪੂਰਾ ਰਿਕਾਰਡ ਰੱਖਿਆ ਜਾ ਸਕੇ।
ਖਰਚਾ ਨਿਗਰਾਨ ਨੇ ਸਮੂਹ ਚੋਣ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਚੋਣਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ 30 ਮਿੰਟ ਵਿੱਚ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕ ਸਭਾ ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜੀਆਂ ਜਾ ਸਕਣ।ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰੋਜ਼ਾਨਾਂ ਭੇਜੀਆਂ ਜਾਣ ਵਾਲੀਆਂ ਰਿਪੋਰਟਾਂ ਸਮੇਂ ਸਿਰ ਭੇਜਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਉਨ੍ਹਾਂ ਰਿਪੋਰਟਾਂ ਤੇ ਅਗਲੇਰੀ ਕਾਰਵਾਈ ਕੀਤੀ ਜਾ ਸਕੇ।ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਨਾਗਰਿਕ ਚੋਣਾਂ ਸਬੰਧੀ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਕਰਦਾ ਹੈ ਤਾਂ ਉਸ ਦਾ ਢੁੱਕਵਾਂ ਸਬੂਤ ਵੀ ਹਾਸਲ ਕੀਤਾ ਜਾਵੇ।
ਗਣੇਸ਼ ਸੁਧਾਕਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਚੋਣ ਖਰਚੇ ਤੇ ਨਜ਼ਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਗਠਿਤ ਕੀਤੀਆਂ ਗਈਆਂ ਨਿਗਰਾਨ ਕਮੇਟੀਆਂ ਤੇ ਉਡਨ ਦਸਤਿਆਂ ਨੂੰ ਮੁਕੰਮਲ ਸਾਜੋ ਸਮਾਨ ਨਾਲ ਹਰ ਸਮੇਂ ਲੈਸ ਰੱਖਿਆ ਜਾਵੇ ਤਾਂ ਜੋ ਲੋੜ ਪੈਣ ‘ਤੇ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।ਉਨ੍ਹਾਂ ਇਹ ਵੀ ਕਿਹਾ ਕਿ ਚੋਣ ਲੜਣ ਵਾਲੇ ਉਮੀਦਵਾਰਾਂ ਨੂੰ ਚੋਣ ਜਲਸਿਆਂ, ਰੈਲੀਆਂ ਤੇ ਨੁਕੜ ਮੀਟਿੰਗਾਂ ਆਦਿ ਦੀ ਵੀਡੀਓਗ੍ਰਾਫੀ ਕਰਵਾਉਣ ਬਾਰੇ ਵੀ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਜੋਤੀ ਬਾਲਾ, ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media