ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ
ਹੋਏ ਸਿੰਘਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।ਸੰਗਤ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਵਾਪਰੇ ਸਾਕੇ ’ਚ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਵੱਲੋਂ ਵੱਡੀਆਂ ਸ਼ਹਾਦਤਾਂ ਦੇ ਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਪੰਥਕ ਹੱਥਾਂ ਵਿੱਚ ਲਿਆ ਗਿਆ।ਇਸ ਸਾਕੇ ਨੂੰ ਆਪਣੇ ਸਰੀਰ ’ਤੇ ਹੰਢਾਉਣ ਵਾਲੇ ਨਿਹੰਗ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਕੌਮ ਦੀ ਸਤਿਕਾਰਤ ਸ਼ਖ਼ਸੀਅਤ ਹਨ, ਜੋ ਅੱਜ ਵੀ ਕੌਮ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਹਨ।ਉਨ੍ਹਾਂ ਕੌਮ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁੱਟ ਹੋ ਕੇ ਪੰਥ ਵਿਰੋਧੀ ਸ਼ਕਤੀਆਂ ਦਾ ਟਾਕਰਾ ਕੀਤਾ ਜਾਵੇ।ਉਨ੍ਹਾਂ 1984 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕਾਂਗਰਸ ਸਰਕਾਰ ਵੱਲੋਂ ਕੀਤੇ ਹਮਲੇ ਦੀ 40ਵੀਂ ਸਾਲਾਨਾ ਯਾਦ ਵਿੱਚ 1 ਜੂਨ ਤੋਂ 6 ਜੂਨ ਤੱਕ ਹਰ ਸਿੱਖ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਗੁਰਬਾਣੀ ਜਾਪ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਤ ਕਰਨ ਦੀ ਅਪੀਲ ਵੀ ਕੀਤੀ।
ਇਸ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਨਿਹੰਗ ਸਿੰਘ ਜਥੇਬੰਦੀ ਹਮੇਸ਼ਾ ਪੰਥਕ ਕਾਰਜਾਂ ਲਈ ਵੱਧ ਚੜ੍ਹ ਕੇ ਹਿੱਸਾ ਪਾਉਂਦੀ ਰਹੇਗੀ।ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਬਿਆਸੀ ਨੇ ਵੀ ਸੰਬੋਧਨ ਕੀਤਾ ਅਤੇ ਕਥਾ-ਵਿਚਾਰਾਂ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਾਕੇ ਦੇ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕੀਤਾ।ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media