Thursday, November 21, 2024

ਜੂਨ ‘84 ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 26 ਮਈ ਤੋਂ ਕਰਵਾਏ ਜਾਣਗੇ ਦਰਸ਼ਨ

ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ) – ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਇਸ ਵਾਰ ਵੀ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜੂਨ 1984 ਦਾ ਫ਼ੌਜੀ ਹਮਲਾ ਸਿੱਖ ਮਾਨਸਿਕਤਾ ਦਾ ਸਦੀਵ ਹਿੱਸਾ ਬਣ ਚੁੱਕਾ ਹੈ ਅਤੇ ਹਰ ਸਾਲ ਜੂਨ ਮਹੀਨਾ ਚੜ੍ਹਦਿਆਂ ਹੀ ਸਿੱਖ ਕੌਮ ਦੇ ਇਹ ਅੱਲ੍ਹੇ ਜ਼ਖ਼ਮ ਰਿਸਣ ਲੱਗਦੇ ਹਨ।ਉਨ੍ਹਾਂ ਕਿਹਾ ਕਿ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਇਸ ਫ਼ੌਜੀ ਹਮਲੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ 37 ਹੋਰ ਗੁਰਦੁਆਰਾ ਸਾਹਿਬਾਨ ਉੱਤੇ ਹਮਲਾ ਕਰਕੇ ਜਿਥੇ ਹਜ਼ਾਰਾਂ ਸਿੱਖਾਂ ਨੂੰ ਸ਼ਹੀਦ ਕੀਤਾ, ਉਥੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਗੋਲੀ ਨਾਲ ਜ਼ਖ਼ਮੀ ਕਰ ਦਿੱਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਜਖਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਸ ਪਾਵਨ ਸਰੂਪ ਨੂੰ 26 ਮਈ ਤੋਂ 6 ਜੂਨ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਸ਼ੋਭਿਤ ਕੀਤਾ ਜਾਵੇਗਾ।ਇਸ ਦੌਰਾਨ ਸਵੇਰੇ ਤੋਂ ਲੈ ਕੇ ਸ਼ਾਮ ਤੱਕ ਸੰਗਤਾਂ ਪਾਵਨ ਸਰੂਪ ਦੇ ਦਰਸ਼ਨ ਕਰ ਸਕਣਗੀਆਂ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …