Monday, July 8, 2024

40ਵੇਂ ਜੂਨ 1984 ਘੱਲੂਘਾਰੇ ਦੀ ਸਾਲਾਨਾ ਯਾਦ ਸਬੰਧੀ ਸ੍ਰੀ ਅਖੰਡ ਪਾਠ ਦੀ ਅਰੰਭਤਾ 4 ਜੂਨ ਨੂੰ

ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ) – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੀ 40ਵੀਂ ਸਾਲਾਨਾ ਯਾਦ ਦੇ ਸਬੰਧ ਵਿੱਚ 4 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਜਾਣਗੇ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ-ਨਾਲ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਵੀ 6 ਜੂਨ ਨੂੰ ਸ਼ਹੀਦੀ ਸਮਾਗਮ ਕੀਤੇ ਜਾ ਰਹੇ ਹਨ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਜੂਨ 1984 ਦਾ ਪਹਿਲਾ ਹਫ਼ਤਾ ਸਿੱਖ ਕੌਮ ਦੇ ਲਈ ਕਦੇ ਨਾ ਭੁੱਲਣਵਾਲਾ ਹੈ।ਦੇਸ਼ ਦੀ ਤਤਕਾਲੀ ਕਾਂਗਰਸ ਹਕੂਮਤ ਵੱਲੋਂ ਸਿੱਖਾਂ ਨੂੰ ਜੂਨ 1984 ਵਿਚ ਦਿੱਤੇ ਜ਼ਖ਼ਮ ਹਰ ਸਾਲ ਰਿਸਦੇ ਹਨ।ਉਨ੍ਹਾਂ ਕਿਹਾ ਕਿ ਘੱਲੂਘਾਰਾ ਦਿਵਸ ਸਿੱਖਾਂ ਲਈ ਬੇਹੱਦ ਭਾਵੁਕਤਾ ਵਾਲਾ ਸਮਾਂ ਹੈ, ਜਿਸ ਨੂੰ ਇਸਦੀ ਭਾਵਨਾ ਅਨੁਸਾਰ ਮਨਾਉਣਾ ਕੌਮ ਦਾ ਫਰਜ਼ ਹੈ।ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੁਤਾਬਿਕ 4 ਤੋਂ 6 ਜੂਨ ਤੱਕ ਕਾਲੀਆਂ ਦਸਤਾਰਾਂ ਸਜਾਈਆਂ ਜਾਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰੇ ਦੀ 40ਵੀਂ ਯਾਦ ਮੌਕੇ ਸ਼ਾਂਤਮਈ ਤਰੀਕੇ ਨਾਲ ਗੁਰਬਾਣੀ ਜਾਪ ਕੀਤੇ ਜਾਣ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਰਘਬੀਰ ਸਿੰਘ ਸਹਾਰਨਮਾਜਰਾ, ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਗੁਰਚਰਨ ਸਿੰਘ ਕੁਹਾਲਾ, ਜਸਵਿੰਦਰ ਸਿੰਘ ਜੱਸੀ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ, ਸ਼ਾਹਬਾਜ਼ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ ਆਦਿ ਮੌਜ਼ੂਦ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …