ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ
ਦਿਹਾੜੇ ਦੀ ਸ਼ਤਾਬਦੀ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸ਼ਤਾਬਦੀ ਕਮੇਟੀ ਦੀ ਇਕੱਤਰਤਾ ਹੋਈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਦੀ ਅਗਵਾਈ ਵਿੱਚ ਗਠਿਤ ਕੀਤੀ ਇਸ ਸ਼ਤਾਬਦੀ ਕਮੇਟੀ ਵੱਲੋਂ ਦੋਹਾਂ ਸ਼ਤਾਬਦੀ ਦਿਹਾੜਿਆਂ ਸਬੰਧੀ ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕੀਤੇ ਜਾਣ ਵਾਲੇ ਵਿਸ਼ਾਲ ਸਮਾਗਮਾਂ ਦੀ ਰੂਪ-ਰੇਖਾ ਤੈਅ ਕੀਤੀ ਗਈ।
ਭਾਈ ਮਹਿਤਾ ਨੇ ਦੱਸਿਆ ਕਿ ਸ਼ਤਾਬਦੀਆਂ ਸਮਾਗਮਾਂ ਦੀ ਸ਼ੁਰੂਆਤ ਸਤੰਬਰ ਮਹੀਨੇ ਦੇ ਪਹਿਲੇ ਹਫ਼ਤੇ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਸ੍ਰੀ ਅੰਮ੍ਰਿਤਸਰ ਵਿਖੇ ਵਿਸ਼ਾਲ ਕੀਰਤਨ ਦਰਬਾਰ ਕਰਵਾ ਕੇ ਕੀਤੀ ਜਾਵੇਗੀ, ਜਦਕਿ ਇਥੋਂ ਹੀ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਤੱਕ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।
ਭਾਈ ਮਹਿਤਾ ਨੇ ਦੱਸਿਆ ਕਿ ਸ਼ਤਾਬਦੀ ਦੇ ਮੁੱਖ ਸਮਾਗਮਾਂ ਤਹਿਤ 13 ਸਤੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਕਰਵਾਇਆ ਜਾਵੇਗਾ।14 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਹੀ ਕੌਮੀ ਪੱਧਰ ਦਾ ਗੁਰਮਤਿ ਸਮਾਗਮ ਹੋਵੇਗਾ।ਸ਼ਤਾਬਦੀ ਸਬੰਧੀ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਣ ਵਾਲੇ ਸਮਾਗਮ 15 ਤੋਂ 18 ਸਤੰਬਰ ਤੀਕ ਹੋਣਗੇ, ਜਿਸ ਤਹਿਤ 15 ਸਤੰਬਰ ਨੂੰ ਆਸਟ੍ਰੇਲੀਆ ਦੀ ਸਹਿਜ਼ਪਾਠ ਸੇਵਾ ਸੰਸਥਾ ਰਾਹੀਂ ਚੱਲ ਰਹੇ ਸਹਿਜ਼ਪਾਠਾਂ ਦੇ ਭੋਗ ਪਾਏ ਜਾਣਗੇ।16 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਪੂਰਾ ਦਿਨ ਸਿੱਖ ਮਿਸ਼ਨਰੀ ਕਾਲਜਾਂ ਅਤੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਕੀਰਤਨ, ਕਵੀਸ਼ਰੀ ਵਾਰਾਂ, ਕਵਿਤਾਵਾਂ, ਲੈਕਚਰ ਅਤੇ ਸ਼ਾਮ ਨੂੰ ਕੌਮੀ ਪੱਧਰ ਦੇ ਗੱਤਕਾ ਮੁਕਾਬਲੇ ਹੋਣਗੇ।
17 ਸਤੰਬਰ ਨੂੰ ਸ੍ਰੀ ਖਡੂਰ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਪੈਦਲ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਸ਼ਾਮ ਵੇਲੇ ਪ੍ਰਸਿੱਧ ਢਾਡੀ, ਕਵੀਸ਼ਰ ਤੇ ਕਵੀ ਦਰਬਾਰ ਹੋਵੇਗਾ।18 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਤਾਬਦੀ ਦਾ ਮੁੱਖ ਸਮਾਗਮ ਆਯੋਜਿਤ ਕੀਤਾ ਜਾਵੇਗਾ।
ਇਨ੍ਹਾਂ ਸ਼ਤਾਬਦੀ ਦਿਹਾੜਿਆਂ ਮੌਕੇ ਵਿਸ਼ੇਸ਼ ਸੋਵੀਨਰ ਅਤੇ ਕਿਤਾਬਚੇ ਛਪਵਾਉਣ ਦੇ ਨਾਲ-ਨਾਲ ਇਕ ਸਿੱਖ ਸੰਮੇਲਨ ਵੀ ਕਰਵਾਇਆ ਜਾਵੇਗਾ।ਭਾਈ ਗੁਰਦਾਸ ਜੀ ਦੇ ਨਾਮ ’ਤੇ ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ ’ਤੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਲਾਇਬ੍ਰੇਰੀ ਸਥਾਪਤ ਕੀਤੀ ਜਾਵੇਗੀ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਬੰਡਾਲਾ, ਅਮਰਜੀਤ ਸਿੰਘ ਭਲਾਈਪੁਰ, ਬੀਬੀ ਗੁਰਪ੍ਰੀਤ ਕੌਰ, ਧਰਮ ਪ੍ਰ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਮੌਜ਼ੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media