Thursday, July 4, 2024

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਜੂਨ ‘84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ

ਖਾਲਸਈ ਹਲੇਮੀ ਰਾਜ ਨੂੰ ਪ੍ਰਣਾਈ ਸਿੱਖ ਰਾਜਨੀਤੀ ਨੂੰ ਪ੍ਰਫੁੱਲਿਤ ਕਰਨ ਦੀ ਲੋੜ- ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫੌਜੀ ਹਮਲੇ (ਘੱਲੂਘਾਰੇ) ਦੀ 40ਵੀਂ ਸਾਲਾਨਾ ਯਾਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਸਿੱਖ ਕੌਮ ਨੂੰ ਸੰਦੇਸ਼ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜੂਨ 1984 ਘੱਲੂਘਾਰੇ ਦੇ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਜਨਰਲ ਸ਼ੁਬੇਗ ਸਿੰਘ, ਭਾਈ ਠਾਰਾ ਸਿੰਘ ਸਮੇਤ ਸਮੂਹ ਸ਼ਹੀਦਾਂ ਪ੍ਰਤੀ ਕੌਮੀ ਭਾਵਨਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਅਤੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ 40 ਸਾਲਾਂ ਬਾਅਦ ਵੀ ਸਜ਼ਾਵਾਂ ਨਾ ਦੇਣਾ ਭਾਰਤੀ ਹਕੂਮਤ ਦਾ ਸਿੱਖਾਂ ਨਾਲ ਅਨਿਆਂਪੂਰਨ ਵਤੀਰਾ ਹੈ।ਇਸ ਲਈ ਪੰਥ ਅਤੇ ਪੰਜਾਬ ਦੇ ਰਾਜਨੀਤਕ, ਭੂਗੋਲਿਕ ਅਤੇ ਆਰਥਿਕ ਹੱਕਾਂ ਵਾਸਤੇ ਦਿੱਲੀ ਵੱਲ ਵਾਰ-ਵਾਰ ਵੇਖਣ ਦੀ ਬਜ਼ਾਏ ਅੱਜ ਖਾਲਸਈ ਹਲੇਮੀ ਰਾਜ ਦੇ ਸੰਕਲਪ ਨੂੰ ਪ੍ਰਣਾਈ ਸਿੱਖ ਰਾਜਨੀਤੀ ਨੂੰ ਪ੍ਰਫੁਲਤ ਕਰਨ ਦੀ ਲੋੜ ਹੈ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਇਤਿਹਾਸ ਦਾ ਹਵਾਲਾ ਦਿੰਦਿਆਂ ਆਖਿਆ ਕਿ ਅੰਗਰੇਜ਼ਾਂ ਨਾਲ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਸਿੱਖਾਂ ਨੇ ਮੋਹਰੀ ਰੋਲ ਨਿਭਾਇਆ, ਪਰ ਆਪਣੇ ਹੀ ਦੇਸ਼ ਦੇ ਆਗੂਆਂ ਵੱਲੋਂ ਕੀਤੇ ਗਏ ਵਾਅਦੇ ਅਜ਼ਾਦੀ ਮਗਰੋਂ ਭੁਲਾ ਦਿੱਤੇ ਗਏ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ 1 ਜੂਨ 1984 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਫੌਜ ਵਾੜ ਕੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਆਈਆਂ ਸੰਗਤਾਂ ’ਤੇ ਗੋਲੀਆਂ ਚਲਾ ਕੇ ਸਿੰਘ-ਸਿੰਘਣੀਆਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਬੇਰਹਿਮੀ ਦੇ ਨਾਲ ਸ਼ਹੀਦ ਕਰ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਜੂਨ 1984 ਦਾ ਇਹ ਹਮਲਾ ਸਿੱਖ ਕੌਮ ਲਈ ਤੀਜ਼ਾ ਘੱਲੂਘਾਰਾ ਹੈ, ਜਿਸ ਦਾ ਦਰਦ ਅਤੇ ਜ਼ਖ਼ਮ ਸਿੱਖ ਅਵਚੇਤਨ ਵਿੱਚੋਂ ਕਦੇ ਵੀ ਮਨਫੀ ਨਹੀਂ ਹੋ ਸਕੇਗਾ।ਗਿਆਨੀ ਰਘਬੀਰ ਸਿੰਘ ਨੇ ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਅਤੇ ਬੈਰਕਾਂ ਛੱਡਣ ਵਾਲੇ ਧਰਮੀ ਫੌਜੀਆਂ ਦੇ ਤਿਆਗ ਅਤੇ ਕੁਰਬਾਨੀਆਂ ਨੂੰ ਵੀ ਯਾਦ ਕੀਤਾ।ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਭਾਈ ਈਸ਼ਰ ਸਿੰਘ, ਬੀਬੀ ਸਤਵੰਤ ਕੌਰ, ਭਾਈ ਮਨਜੀਤ ਸਿੰਘ, ਬੇਅੰਤ ਸਿੰਘ, ਭੁਪਿੰਦਰ ਸਿੰਘ ਭਲਵਾਨ ਅਤੇ ਹੋਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਨਿਹੰਗ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਜਾਇਬ ਸਿੰਘ ਅਭਿਆਸੀ, ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਭਾਈ ਜਸਬੀਰ ਸਿੰਘ ਰੋਡੇ, ਗਿਆਨੀ ਕੇਵਲ ਸਿੰਘ, ਸਿਮਰਨਜੀਤ ਸਿੰਘ ਮਾਨ, ਬਾਬਾ ਬਲਜੀਤ ਸਿੰਘ ਦਾਦੂਵਾਲ, ਜਸਬੀਰ ਸਿੰਘ ਘੁੰਮਣ, ਮਨਜੀਤ ਸਿੰਘ ਜੀ.ਕੇ, ਅਮਰਬੀਰ ਸਿੰਘ ਢੋਟ, ਕੰਵਰਚੜ੍ਹਤ ਸਿੰਘ, ਸਰਬਜੀਤ ਸਿੰਘ ਖਾਲਸਾ, ਭਾਈ ਸੁਖਵਿੰਦਰ ਸਿੰਘ ਅਗਵਾਨ, ਮਾਤਾ ਬਲਵਿੰਦਰ ਕੌਰ, ਈਮਾਨ ਸਿੰਘ ਮਾਨ, ਕੰਵਰਪਾਲ ਸਿੰਘ, ਪਰਮਜੀਤ ਸਿੰਘ ਮੰਡ, ਬਲਵੰਤ ਸਿੰਘ ਗੋਪਾਲਾ, ਤਲਵਿੰਦਰ ਸਿੰਘ ਬੁੱਟਰ, ਸਕੱਤਰ ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਆਦਿ ਮੌਜੂਦ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …