ਸੰਗਰੂਰ, 12 ਜੂਨ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਨੂੰ ਹਰਿਆਲੀ ਪੱਖੋਂ ਭਰਪੂਰ ਬਣਾਉਣ ਦੇ ਮਿਥੇ ਟੀਚੇ ਤਹਿਤ ਮੌਜ਼ੂਦਾ ਵਿੱਤੀ ਵਰ੍ਹੇ ‘ਚ 5 ਲੱਖ ਬੂਟੇ
ਲਗਾਉਣ ਅਤੇ ਉਨ੍ਹਾਂ ਦੀ ਸਹੀ ਸੰਭਾਲ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਕੀਤਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਾਲ ਮਿਥੇ ਗਏ ਟੀਚੇ ਨੂੰ ਹਾਸਲ ਕਰਨ ਲਈ ਲੋਕਾਂ ਦੀ ਸਰਗਰਮ ਹਿੱਸੇਦਾਰੀ ਦੀ ਜ਼ਰੂਰਤ ਹੈ, ਕਿਉਂਕਿ ਹਰ ਨਾਗਰਿਕ ਦਾ ਵੀ ਇਹ ਨੈਤਿਕ ਫਰਜ਼ ਹੈ ਕਿ ਉਹ ਆਪਣੇ ਆਲੇ ਦੁਆਲੇ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਕੁਦਰਤ ਨਾਲ ਆਪਣੀ ਸਾਂਝ ਨੂੰ ਮਜ਼ਬੂਤ ਕਰੇ।
ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਵਿਭਾਗ ਦੇ ਅਧੀਨ ਆਉਂਦੀਆਂ ਥਾਵਾਂ ਵਿੱਚੋਂ ਅਜਿਹੇ ਖਾਲੀ ਸਥਾਨਾਂ ਦੀ ਸੂਚੀ ਮੁਹੱਈਆ ਕਰਵਾਈ ਜਾਵੇ, ਜਿਥੇ ਕਿ 1 ਜੁਲਾਈ ਤੋਂ ਬੂਟੇ ਲਗਾਏ ਜਾ ਸਕਦੇ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਗਨਰੇਗਾ ਰਾਹੀਂ 1.5 ਲੱਖ ਬੂਟੇ ਲਗਾਏ ਜਾਣਗੇ, ਜਦਕਿ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਨਾਲ ਕਿਸਾਨਾਂ, ਸਮਾਜ ਸੇਵੀ ਸੰਗਠਨਾਂ, ਗੈਰ ਸਿਆਸੀ ਜਥੇਬੰਦੀਆਂ, ਵਿਦਿਅਕ ਅਦਾਰਿਆਂ, ਯੂਥ ਕਲੱਬਾਂ, ਖੇਡ ਕਲੱਬਾਂ ਨਾਲ ਤਾਲਮੇਲ ਕਰਦੇ ਹੋਏ ਵੀ ਇਸ ਉਦੇਸ਼ ਦੀ ਪੂਰਤੀ ਲਈ ਉਪਰਾਲੇ ਕੀਤੇ ਜਾਣਗੇ।
ਵਣ ਮੰਡਲ ਅਧਿਕਾਰੀ ਮੋਨਿਕਾ ਦੇਵੀ ਯਾਦਵ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਨਿਵਾਸੀਆਂ ਨੂੰ 1 ਲੱਖ ਬੂਟੇ ਮੁਫ਼ਤ ਮੁਹੱਈਆ ਕਰਵਾਏ ਜਾਣਗੇ, ਤਾਂ ਜੋ ਲੋਕ ਆਪਣੇ ਆਲੇ ਦੁਆਲੇ ਖਾਲੀ ਪਈਆਂ ਥਾਵਾਂ, ਪਲਾਟਾਂ ਆਦਿ ਵਿੱਚ ਬੂਟੇ ਲਗਾ ਸਕਣ।ਉਨ੍ਹਾਂ ਦੱਸਿਆ ਕਿ ਰਵਾਇਤੀ ਕਿਸਮਾਂ ਦੇ ਬੂਟੇ ਜਿਵੇਂ ਬੋਹੜ, ਪਿੱਪਲ, ਕਿੱਕਰ, ਟਾਹਲੀ, ਨਿੰਮ ਆਦਿ ਦੇ ਨਾਲ ਨਾਲ ਫੁੱਲਾਂ ਤੇ ਛਾਂਦਾਰ ਬੂਟੇ ਵੀ ਵੰਡੇ ਜਾਣਗੇ।ਜ਼ਿਲ੍ਹੇ ਵਿੱਚ ਵਣ ਵਿਭਾਗ ਦੀਆਂ 6 ਨਰਸਰੀਆਂ ਵਿੱਚ 8 ਲੱਖ ਬੂਟੇ ਤਿਆਰ ਕੀਤੇ ਗਏ ਹਨ, ਜਦਕਿ 5 ਨਰਸਰੀਆਂ ਵਿੱਚ ਮਗਨਰੇਗਾ ਸਕੀਮ ਤਹਿਤ ਬੂਟੇ ਵਿਕਸਤ ਕੀਤੇ ਗਏ ਹਨ।
ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ ਦਿੜ੍ਰਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਹੋਰ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media