Saturday, April 18, 2026

ਹਿਮਾਚਲ ‘ਚ ਹਮਲੇ ਦੇ ਸ਼ਿਕਾਰ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ‘ਚ ਮਿਲਣ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਐਤਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਹਿਮਾਚਲ ਦੇ ਡਲਹੌਜੀ ਵਿੱਚ ਭੀੜ ਦੇ ਹਮਲੇ ਦਾ ਸ਼ਿਕਾਰ ਹੋਏ ਐਨ.ਆਰ.ਆਈ ਪਰਿਵਾਰ ਨਾਲ ਮੁਲਾਕਾਤ ਕੀਤੀ।ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਸਰਕਾਰ ਵਲੋਂ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਹਮਲਾਵਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਹਿਮਾਚਲ `ਚ ਪੰਜਾਬੀ ਜੋੜੇ `ਤੇ ਹੋਏ ਹਮਲੇ ਦੇ ਮਾਮਲੇ `ਚ ਪੰਜਾਬ ਪੁਲਿਸ ਜ਼ੀਰੋ ਐਫ.ਆਈ.ਆਰ ਦਰਜ਼ ਕਰੇਗੀ।ਇਸ ਦੇ ਲਈ ਉਨਾਂ ਨੇ ਪੀੜ੍ਹਤ ਪਰਿਵਾਰ ਨੂੰ ਪੁਲਿਸ ਕੋਲ ਬਿਆਨ ਦੇਣ ਲਈ ਕਿਹਾ ਹੈ, ਤਾਂ ਜੋ ਘਟਨਾ ਸਬੰਧੀ ਆਪਣਾ ਪੱਖ ਸਹੀ ਢੰਗ ਨਾਲ ਪੇਸ਼ ਕੀਤਾ ਜਾ ਸਕੇ।ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਹਿਮਾਚਲ ਦੇ ਡੀ.ਜੀ.ਪੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ, ਪਰ ਦੱਸਿਆ ਗਿਆ ਕਿ ਉਹ ਫਿਲਹਾਲ ਸੂਬੇ ਤੋਂ ਬਾਹਰ ਹਨ। ਧਾਲੀਵਾਲ ਨੇ ਕਿਹਾ ਕਿ ਇੱਕ-ਦੋ ਦਿਨਾਂ ਵਿੱਚ ਹਿਮਾਚਲ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ ਨੂੰ ਮਿਲ ਕੇ ਐਫ.ਆਈ.ਆਰ ਦੀ ਕਾਪੀ ਉਨ੍ਹਾਂ ਨੂੰ ਸੌਂਪਾਂਗੇ ਅਤੇ ਹਮਲਾਵਰਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਾਂਗੇ, ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ।
ਉਨ੍ਹਾਂ ਕਿਹਾ ਕਿ ਇਹ ਘਟਨਾ ਅਤਿ ਨਿੰਦਣਯੋਗ ਹੈ।ਹਰ ਰੋਜ਼ ਪੰਜਾਬ ਤੋਂ ਹਜ਼ਾਰਾਂ ਲੋਕ ਸ਼ਿਮਲਾ, ਮਨਾਲੀ, ਕਸੌਲੀ ਅਤੇ ਡਲਹੌਜ਼ੀ ਵਰਗੇ ਸੈਰ-ਸਪਾਟਾ ਸਥਾਨਾਂ `ਤੇ ਜਾਂਦੇ ਹਨ।ਹਿਮਾਚਲ ਪ੍ਰਦੇਸ਼ ਦੀ ਅਰਥਵਿਵਸਥਾ ਵੀ ਕਾਫ਼ੀ ਹੱਦ ਤੱਕ ਸੈਰ-ਸਪਾਟੇ `ਤੇ ਨਿਰਭਰ ਹੈ।ਅਜਿਹੀਆਂ ਘਟਨਾਵਾਂ ਸੈਲਾਨੀਆਂ ਦੇ ਮਨਾਂ ਵਿੱਚ ਡਰ ਅਤੇ ਸ਼ੱਕ ਪੈਦਾ ਕਰਨਗੀਆਂ।
ਦੱਸ ਦੇਈਏ ਕਿ ਬੀਤੇ ਸ਼ਨੀਵਾਰ ਨੂੰ ਪੰਜਾਬ ਮੂਲ ਦੇ ਐਨ.ਆਰ.ਆਈ ਕੰਵਲਜੀਤ ਸਿੰਘ ਨੇ ਦੋਸ਼ ਲਗਾਇਆ ਸੀ ਕਿ ਹਿਮਾਚਲ ਪ੍ਰਦੇਸ਼ ਦੇ ਡਲਹੌਜੀ ਵਿੱਚ ਪਾਰਕਿੰਗ ਨੂੰ ਲੈ ਕੇ ਹੋਈ ਬਹਿਸ ਦੌਰਾਨ ਕੁੱਝ ਲੋਕਾਂ ਨੇ ਉਸ ਤੋਂ ਇਲਾਵਾ ਉਸਦੇ ਪਰਿਵਾਰ ਨਾਲ ਕੁੱਟਮਾਰ ਕਰ ਦਿੱਤੀ।ਕੰਵਲਜੀਤ ਸਿੰਘ ਨੇ ਕਿਹਾ ਕਿ ਉਹ 25 ਸਾਲਾਂ ਤੋਂ ਸਪੇਨ ਵਿੱਚ ਰਹਿ ਰਿਹਾ ਹੈ ਅਤੇ ਹਾਲ ਹੀ ਵਿੱਚ ਪੰਜਾਬ ਪਰਤਿਆ ਹੈ।ਉਸ ਨੇ ਦੱਸਿਆ ਕਿ ਉਹ ਦੋ ਦਿਨ ਪਹਿਲਾਂ ਆਪਣੀ ਸਪੈਨਿਸ਼ ਪਤਨੀ ਅਤੇ ਰਿਸ਼ਤੇਦਾਰ ਨਾਲ ਡਲਹੌਜ਼ੀ ਘੁੰਮਣ ਗਿਆ ਸੀ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …