ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਤਰਨ ਤਾਰਨ, 21 ਜੂਨ (ਪੰਜਾਬ ਪੋਸਟ ਬਿਊਰੋ) – ਸਿਹਤਮੰਦ ਜੀਵਨ ਲਈ ਯੋਗ ਅਭਿਆਸ ਨੂੰ ਉਤਸ਼ਾਹਿਤ ਕਰਨ ਦੇ ਟੀਚੇ ਨਾਲ ਜਿਲ੍ਹਾ ਤਰਨ ਤਾਰਨ ਦੀ ਪੱਟੀ ਸਬ ਜੇਲ੍ਹ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ, ਜਿਸ ਵਿੱਚ ਜੇਲ੍ਹ ਪ੍ਰਸਾਸ਼ਨ ਸਣੇ ਕੈਦੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵਲੋਂ ਜੇਲ੍ਹ ਪ੍ਰਸਾਸ਼ਨ ਦੇ ਸਹਿਯੋਗ ਨਾਲ ਕਰਵਾਏ ਗਏ, ਇਸ ਯੋਗ ਸੈਸ਼ਨ ਵਿੱਚ ਯੋਗ ਗੁਰੂਆਂ ਦੀ ਅਗਵਾਈ ਹੇਠ ਵੱਖ-ਵੱਖ ਯੋਗ ਆਸਨ ਕਰਵਾਏ ਗਏ।
ਇਸ ਪ੍ਰੋਗਰਾਮ ਵਿੱਚ ਚੀਫ਼ ਜ਼ੁਡੀਸ਼ੀਅਲ ਮੈਜਿਸਟ੍ਰੇਟ ਪ੍ਰਤਿਮਾ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਕਿਹਾ ਕਿ ਲੋਕਾਂ ਨੂੰ ਯੋਗ ਪ੍ਰਤੀ ਜਾਗਰੂਕ ਕਰਨ ਲਈ ਇਹ ਇੱਕ ਚੰਗਾ ਉਪਰਾਲਾ ਹੈ ਤੇ ਯੋਗ ਸਾਡੇ ਜੀਵਨ ਦਾ ਇੱਕ ਮਹੱਤਵਪੂਰਨ ਹਿੱਸਾ ਹੈ।ਉਨ੍ਹਾਂ ਕਿਹਾ ਕਿ ਇਸ ਜੇਲ੍ਹ ਵਿੱਚ ਯੋਗ ਦੇ ਜ਼ਰੀਏ ਕਈ ਲੋਕ ਨਸ਼ਾ ਛੱਡ ਚੁੱਕੇ ਨੇ ਅਤੇ ਜੇ ਲੋਕ ਬਿਮਾਰੀਆਂ ਤੋਂ ਬਚ ਕੇ ਰਹਿਣਾ ਚਾਹੁੰਦੇ ਨੇ, ਤਾਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਯੋਗ ਦਾ ਸਹਾਰਾ ਲੈਣਾ ਚਾਹੀਦਾ ਹੈ।
ਜੇਲ੍ਹ ਦੇ ਡਿਪਟੀ ਸੁਪਰਡੈਂਟ ਜਤਿੰਦਰ ਪਾਲ ਸਿੰਘ ਨੇ ਕਿਹਾ ਕਿ ਪਿਛਲੇ ਕੁੱਝ ਸਾਲਾਂ ਤੋਂ ਅੰਤਰਰਾਸ਼ਟਰੀ ਯੋਗ ਦਿਵਸ ਨੇ ਕੌਮਾਂਤਰੀ ਪੱਧਰ ‘ਤੇ ਯੋਗ ਦੀ ਲੋਕਪ੍ਰਿਯਤਾ ਨੂੰ ਹੁਲਾਰਾ ਦਿੱਤਾ ਹੈ।ਉਹਨਾਂ ਕਿਹਾ ਕਿ ਜੇਲ੍ਹ ਵਿੱਚ ਕੈਦੀਆਂ ਵਲੋਂ ਵਿਖਾਏ ਗਏ ਅਨੁਸਾਸ਼ਨ ਦੇ ਜ਼ਰੀਏ ਯੋਗ ਨੂੰ ਜੀਵਨ ਦਾ ਹਿੱਸਾ ਬਣਾਉਂਦਿਆਂ ਯੋਗ ਨਾਲ ਕਈ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ।ਉਥੇ ਹੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਹਰ ਵਿਅਕਤੀ ਨੂੰ ਅੰਤਰਰਾਸ਼ਟਰੀ ਯੋਗ ਦਿਵਸ `ਤੇ ਯੋਗ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਉਹ ਸਿਹਤਮੰਦ ਜੀਵਨ ਜੀ ਸਕਣ।
ਪੱਟੀ ਦੇ ਆਈ.ਟੀ.ਆਈ ਵਿੱਚ ਲੇਖ ਅਤੇ ਚਿੱਤਰ ਕਲਾ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਚਿੱਤਰਕਲਾ ਮੁਕਾਬਲੇ ਵਿੱਚ ਭਿੰਦਰਪਾਲ ਨੇ ਪਹਿਲਾ, ਅਮਨਦੀਪ ਕੌਰ ਨੇ ਦੂਜਾ, ਗੁਰਜੰਟ ਨੇ ਤੀਜਾ ਅਤੇ ਰਮਨਦੀਪ ਕੌਰ ਨੇ ਚੌਥਾ ਸਥਾਨ ਹਾਸਲ ਕੀਤਾ, ਜਦਕਿ ਲੇਖ ਮੁਕਾਬਲੇ ਵਿੱਚ ਸਚਿਨ ਨੇ ਪਹਿਲਾ, ਨਿਖਿਲ ਨੇ ਦੂਜਾ, ਸਿਮਰਨਪ੍ਰੀਤ ਨੇ ਤੀਜਾ ਅਤੇ ਜੁਗਰਾਜ ਨੇ ਚੌਥਾ ਸਥਾਨ ਹਾਸਿਲ ਕੀਤਾ।