ਅੰਮ੍ਰਿਤਸਰ, 23 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ
ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਸੰਬੋਧਨ ਹੁੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮੀਰੀ ਪੀਰੀ ਦਾ ਸਿਧਾਂਤ ਬਖਸ਼ ਕੇ ਸਿੱਖ ਕੌਮ ਨੂੰ ਜੁਲਮ ਖਿਲਾਫ ਲੜਨ ਦੀ ਪ੍ਰੇਰਨਾ ਕੀਤੀ।ਉਨ੍ਹਾਂ ਕਿਹਾ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਾਬਰ ਨੂੰ ਜ਼ਾਬਰ ਕਹਿ ਕੇ ਉਸ ਵੱਲੋਂ ਕੀਤੇ ਜ਼ੁਲਮ ਦਾ ਵਿਰੋਧ ਕੀਤਾ। ਛੇਵੇਂ ਪਾਤਸ਼ਾਹ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਸਿਧਾਂਤਾਂ ਦੀ ਰੌਸ਼ਨੀ ਵਿਚ ਸਿੱਖਾਂ ਨੂੰ ਚੜ੍ਹਦੀ ਕਲ੍ਹਾ ਵਿੱਚ ਲਿਜਾਣ ਲਈ ਮੀਰੀ ਪੀਰੀ ਦੇ ਸਿਧਾਂਤ ਨੂੰ ਅਮਲੀ ਰੂਪ ਵਿਚ ਸਾਕਾਰ ਕੀਤਾ ਅਤੇ ਸ਼ਸਤਰਧਾਰੀ ਹੋਣ ਦਾ ਆਦੇਸ਼ ਦਿੱਤਾ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸਿੱਖ ਜਗਤ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਵੱਲੋਂ ਸਿਰਜਿਆ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਅਜ਼ਾਦ ਹੋਂਦ ਹਸਤੀ ਅਤੇ ਇਲਾਹੀ ਜਲੌ ਦਾ ਪ੍ਰਤੀਕ ਹੈ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਓ.ਐਸ.ਡੀ ਸਤਬੀਰ ਸਿੰਘ, ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਿੰਘ ਧੰਗੇੜਾ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਸੁਪਰਡੈਂਟ ਸਿੰਘ, ਮੀਤ ਮੈਨੇਜਰ ਜਸਬੀਰ ਸਿੰਘ ਆਦਿ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media