ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਮਰਿਆਦਾ ਦਾ ਖਿਆਲ ਰੱਖੇ – ਗਿ. ਰਘਬੀਰ ਸਿੰਘ
ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ‘ਤੇ ਸ੍ਰੀ ਅਕਾਲ ਤਖ਼ਤ
ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਪੰਥ ਪ੍ਰਸਿੱਧ ਰਾਗੀ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਨੇ ਪੁਰਾਤਨ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ।ਸਥਾਪਨਾ ਦਿਵਸ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੀ ਕੌਮ ਨੂੰ ਵਧਾਈ ਦਿੰਦਿਆਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਇਸ ਕਰਕੇ ਕੀਤੀ ਸੀ ਕਿ ਰੂਹਾਨੀਅਤ ਦੇ ਰਾਹ ਤੁਰਨ ਵਾਲਾ ਸਿੱਖ ਰਾਜਨੀਤਕ ਪੱਖੋਂ ਕਿਸੇ ਦੂਜੇ ਦਾ ਮੁਥਾਜ ਨਾ ਹੋਵੇ।ਉਨ੍ਹਾਂ ਕਿਹਾ ਕਿ ਸਿੱਖ ਨੇ ਆਪਣੇ ਧਰਮ ਅਤੇ ਰਾਜਨੀਤੀ ਨੂੰ ਇੱਕ ਅਕਾਲ ਪੁਰਖ ਦੇ ਓਟ-ਆਸਰੇ ਅਤੇ ਆਸਥਾ ਵਿੱਚ ਹੀ ਨਿਭਾਉਣਾ ਹੈ।ਉਨਾਂ ਕਿਹਾ ਕਿ ਇਸੇ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਹਮੇਸ਼ਾਂ ਹੀ ਦੁਨਿਆਵੀ ਤਖ਼ਤਾਂ ਦੀਆਂ ਅੱਖਾਂ ਵਿੱਚ ਰੜਕਦਾ ਰਿਹਾ ਹੈ।ਉਨ੍ਹਾਂ ਕਿਹਾ ਕਿ ਅਬਦਾਲੀ ਤੋਂ ਲੈ ਕੇ ਇੰਦਰਾ ਗਾਂਧੀ ਤੱਕ ਸਮੇਂ ਦੇ ਹੁਕਮਰਾਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨੁਕਸਾਨ ਕਰਨ ਲਈ ਹਮਲੇ ਕੀਤੇ।ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੇਧ ਲੈ ਕੇ ਸਿੱਖ ਆਪਣੇ ਰਾਜ-ਭਾਗ ਦੇ ਮਾਲਕ ਬਣੇ ਅਤੇ ਮਹਾਰਾਜਾ ਰਣਜੀਤ ਸਿੰਘ ਨੇ 40 ਸਾਲ ਰਾਜ ਕਰਕੇ ਦੁਨੀਆਂ ਨੂੰ ਇਕ ਹਲੇਮੀ ਰਾਜ ਵਰਗਾ ਰਾਜ ਸ਼ਾਸਨ ਦਿੱਤਾ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਿੱਖ ਦੁਨੀਆਂ ਦੇ ਹਰ ਖੇਤਰ ਵਿੱਚ ਵਿੱਚਰਦਿਆਂ ਹਮੇਸ਼ਾਂ ਆਪਣਾ ਮੂੰਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਰੱਖਦੇ ਰਹੇ ਹਨ, ਪਰ ਦੇ ਰਾਜਨੀਤਕ ਲੋਕਾਂ ਨੇ ਪਿੱਠ ਕਰਕੇ ਦਿੱਲੀ ਵੱਲ ਮੂੰਹ ਕੀਤਾ ਹੋਇਆ ਹੈ, ਜਿਸ ਕਾਰਨ ਸਿੱਖਾਂ ਦੀ ਆਪਣੀ ਰਾਜਨੀਤੀ ਕਮਜ਼ੋਰ ਪੈ ਰਹੀ ਹੈ।ਇਸ ਗੁਰੂ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਇਕੱਤਰ ਹੋਣ ਦੀ ਲੋੜ ਹੈ।
ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਵੀ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਵਿੱਚਰਦਿਆਂ ਮਰਿਆਦਾ ਦਾ ਖਿਆਲ ਰੱਖਣ ਦੀ ਵੀ ਹਦਾਇਤ ਕੀਤੀ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਵਿਖੇ ਮਰਿਆਦਾ ਨੂੰ ਮੁੱਖ ਰੱਖਦਿਆਂ ਆਪਣੇ ਫੋਨ ਬੰਦ ਰੱਖਣ।ਇਸ ਦੇ ਨਾਲ ਹੀ ਉਨ੍ਹਾਂ ਖਾਸ ਤੌਰ ’ਤੇ ਇਹ ਵੀ ਕਿਹਾ ਕਿ ਇੱਥੇ ਨਤਮਸਤਕ ਹੋਣ ਵਾਲੇ ਕਲਾਕਾਰ ਇਸ ਪਾਵਨ ਅਸਥਾਨ ਨੂੰ ਫਿਲਮਾਂ ਦੀ ਪ੍ਰਮੋਸ਼ਨ ਲਈ ਨਾ ਵਰਤਣ ਬਲਕਿ ਇੱਥੋਂ ਆਤਮਿਕ ਸ਼ਕਤੀ ਹਾਸਲ ਕਰਨ।
ਇਸੇ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਅੰਦਰ ਮੀਰੀ-ਪੀਰੀ ਦੇ ਸਿਧਾਂਤ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਉਭਾਰਿਆ ਜਿਸ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਦੇ ਨਾਲ-ਨਾਲ ਮੀਰੀ-ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕਰਕੇ ਸਿੱਖ ਜੀਵਨ ਜਾਚ ਦਾ ਇੱਕ ਅਹਿਮ ਹਿੱਸਾ ਬਣਾ ਦਿੱਤਾ।ਉਨ੍ਹਾਂ ਕਿਹਾ ਕਿ ਸਿੱਖੀ ਅੰਦਰ ਧਰਮ ਅਤੇ ਰਾਜਨੀਤੀ ਦਾ ਸੁਮੇਲ ਅਤਿ ਅਹਿਮ ਹੈ ਜਿਸ ਵਿੱਚ ਧਰਮ ਨੂੰ ਪ੍ਰਮੁੱਖਤਾ ਹੈ।ਐਡਵੋਕੇਟ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕੌਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੇ ਸਿਧਾਂਤਾਂ ਨਾਲ ਜੁੜ ਕੇ ਪੰਥਕ ਸ਼ਕਤੀ ਨੂੰ ਮਜਬੂਤ ਕੀਤਾ ਜਾਵੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਹੈਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਤੇ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ, ਕਥਾਵਾਚਕ ਗਿਆਨੀ ਜਸਵਿੰਦਰ ਸਿੰਘ ਸ਼ਹੂਰ ਅਤੇ ਸੰਗਤਾਂ ਮੌਜੂਦ ਸਨ।
Punjab Post Daily Online Newspaper & Print Media